ਫਰੀਦਕੋਟ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਖਾਲਸਾ ਦਰਬਾਰ ਫਰੀਦਕੋਟ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਹਲਕਾ ਇੰਚਾਰਜ ਸ. ਪਰਮਬੰਸ ਸਿੰਘ ਬੰਟੀ ਰੁਮਾਣਾ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸ. ਸਰਬਜੋਤ ਸਿੰਘ ਸਾਹਨੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਸ. ਭੋਲਾ ਸਿੰਘ ਹੀਰੇਵਾਲਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਕੁਲਵੰਤ ਸਿੰਘ, ਐਮਐਲਏ ਸ. ਗੁਰਦਿੱਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।