ਨਵੀਂ ਦਿੱਲੀ- ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ‘ਤੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਤੇ ਮੈਂਬਰ ਹਰਪਾਲ ਸਿੰਘ ਜੋਹਲ ਵਲੋਂ ਉਨ੍ਹਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਬਹੁਤ ਚਾਹਤ ਸੀ ਕਿ ਉਹ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ, ਅਤੇ ਅੱਜ ਗੁਰੂ ਮਹਾਰਾਜ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦੇ ਹੋਏ ਦਰਸ਼ਨਾਂ ਦਾ ਸੌਭਾਗ ਪ੍ਰਾਪਤ ਕਰਵਾਇਆ। ਤਖ਼ਤ ਪਟਨਾ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਤਖ਼ਤ ਸਾਹਿਬ ਵਿੱਚ ਸਜੇ, ਜਿਹਨਾਂ ਦੀ ਸਮਾਪਤੀ ਦੇਰ ਰਾਤ ਹੋਵੇਗੀ। ਇਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਅਨੰਦ ਪ੍ਰਦਾਨ ਕੀਤਾ ਗਿਆ। ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸੰਗਤਾਂ ਨੂੰ ਗੁਰੂ ਮਹਾਰਾਜ ਦੇ ਸ਼ਸਤ੍ਰਾਂ ਦੇ ਦਰਸ਼ਨ ਵੀ ਕਰਵਾਏ ਗਏ।