ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋਏ ਜਿਹਨਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ ਜਿਸ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਸੰਗਤ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਤੇ ਖੁਦ 18 ਸਾਲ ਤੱਕ ਕਰਤਾਰਪੁਰ ਸਾਹਿਬ ਵਿਚ ਖੇਤੀਬਾੜੀ ਕਰ ਕੇ ਇਸ ਸੰਦੇਸ਼ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸੰਗਤ ਨੂੰ ਪਰਮਾਤਮਾ ਦੇ ਲੜ ਵੀ ਲਾਇਆ ਤੇ ਆਖਿਆ ਕਿ ਗੁਰੂ ਨੂੰ ਧਾਰਨ ਕਰ ਕੇ ਹੀ ਇਸ ਭਵ ਸਾਗਰ ਤੋਂ ਪਾਰ ਲੰਘਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਕਰਮ ਕਾਂਡਾ ਦਾ ਵਿਰੋਧ ਕੀਤਾ ਤੇ ਕੂੜ ਪ੍ਰਚਾਰ ਦਾ ਵਿਰੋਧ ਕੀਤਾ ਅਤੇ ਮਨੁੱਖਤਾ ਨੂੰ ਇਕੋ ਸੰਦਸ਼ ਦਿੱਤਾ ਅਸੀਂ ਸਾਰੇ ਇਕ ਪਰਮਾਤਮਾ ਵੱਲੋਂ ਪੈਦਾ ਕੀਤੇ ਮਨੁੱਖ ਹਾਂ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਦੁਨੀਆਂ ਦੇ ਵੱਖ-ਵੱਖ ਕੋਨਿਆਂ ਵਿਚ ਸਿੱਖੀ ਦਾ ਪ੍ਰਚਾਰ ਕੀਤਾ ਤੇ ਲੋਕਾਂ ਨੇ ਗੁਰੂ ਸਾਹਿਬ ਨੂੰ ਆਪਣਾ ਰਹਿਬਰ ਮੰਨਿਆ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਧਰਮ ਦੀ ਨੀਂਹ ਰੱਖੀ ਜਿਸ ’ਤੇ ਚਲਦਿਆਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਤੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ। ਉਹਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਅੱਜ ਸਮੁੱਚੀ ਮਨੁੱਖਤਾ ਦੀ ਸੇਵਾ ਵਿਚ ਲੱਗੇ ਹਾਂ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਨੇ ਵੀ ਮਨੁੱਖਤਾ ਦੀ ਸੇਵਾ ਵਾਸਤੇ ਪੂਰਾ ਜ਼ੋਰ ਲਗਾਇਆ ਹੈ। ਜਿਥੇ ਅਸੀਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਵਿਚ ਐਮ ਆਰ ਆਈ ਤੇ ਸੀ ਟੀ ਸਕੈਨ ਦੀ ਸਹੂਲਤ ਸ਼ੁਰੂ ਕੀਤੀ, ਉਥੇ ਹੀ ਬਾਅਦ ਵਿਚ ਬਾਲਾ ਸਾਹਿਬ ਹਸਪਤਾਲ ਵਿਚ ਮੁਫਤ ਡਾਇਲਸਿਸ ਦੀ ਸੇਵਾ ਸ਼ੁਰੂ ਕੀਤੀ ਜਿਥੇ ਹੁਣ ਤੱਕ 1 ਲੱਖ ਤੋਂ ਜ਼ਿਆਦਾ ਮਰੀਜ਼ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਉਪਰੰਤ ਅਸੀਂ ਪੈਟ ਸਕੈਨ ਦੀ ਸਹੂਲਤ ਸ਼ੁਰੂ ਕੀਤੀ ਜਿਸ ਰਾਹੀਂ ਲੋਕ ਕੈਂਸਰ ਬਿਮਾਰੀ ਦਾ ਪਤਾ ਲਾਉਣ ਵਾਸਤੇ ਆਪਣੇ ਟੈਸਟ ਕਰਵਾ ਰਹੇ ਹਨ। ਇਸ ਉਪਰੰਤ ਅਸੀਂ ਗੁਰੂ ਹਰਿਕ੍ਰਿਸ਼ਨ ਹਸਪਤਾਲ ਦੀ ਸ਼ੁਰੂਆਤ ਕੀਤੀ ਜਿਸਦਾ ਲਾਭ ਸੰਗਤ ਲੈ ਰਹੀ ਹੈ। ਉਹਨਾਂ ਕਿਹਾ ਕਿ ਹੁਣ ਅਗਲੇ ਪੜਾਅ ਵਿਚ ਅਸੀਂ ਗੁਰੂ ਹਰਿਕ੍ਰਿਸ਼ਨ ਹਸਪਤਾਲ ਵਿਚ ਇਥੇ ਕਾਰਡੀਓਲਾਜੀ ਵਿਭਾਗ ਸ਼ੁਰੂ ਕਰਨ ਜਾ ਰਹੇ ਹਾਂ ਜਿਥੇ ਦਿਲ ਦੇ ਰੋਗਾਂ ਦੇ ਅਪਰੇਸ਼ਨ ਤੇ ਇਲਾਜ ਦੀ ਸਹੂਲਤ ਸ਼ੁਰੂ ਹੋਵੇਗੀ। ਉਹਨਾਂ ਕਿਹਾ ਕਿ ਇਹ ਸਾਰੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਚਲ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਡੇ ਸਮੇਂ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਆਇਆ ਹੈ ਜਿਸਨੂੰ ਅਸੀਂ ਸਾਰੇ ਸੰਗਤ ਨਾਲ ਰਲ ਕੇ ਮਨਾ ਰਹੇ ਹਾਂ। ਉਹਨਾਂ ਕਿਹਾ ਕਿ ਇਹ ਦਿਹਾੜਾ ਮਨਾਉਣ ਵਾਸਤੇ ਅਸੀਂ ਸਾਰੀਆਂ ਪੰਥਕ ਸੰਸਥਾਵਾਂ, ਸਿੰਘ ਸਭਾਵਾਂ, ਗੁਰੂ ਅਰਜਨ ਕੀਰਤਨ ਮੰਡਲ, ਅਫਗਾਨ ਭਰਾਵਾਂ ਸਮੇਤ ਸਾਰੀਆਂ ਹੀ ਸਿੱਖ ਸੰਸਥਾਵਾਂ ਨੂੰ ਨਾਲ ਲਿਆ ਹੈ। ਉਹਨਾਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ ’ਤੇ ਇਤਿਹਾਸਕ ਸਮਾਗਮ ਹੋ ਰਹੇ ਹਨ ਜੋ ਰਹਿੰਦੇ ਸਮੇਂ ਤੱਕ ਯਾਦ ਰੱਖੇ ਜਾਣਗੇ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਤੇ ਇਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣ। ਸਮਾਗਮ ਵਿਚ ਲੋਕ ਸਭਾ ਦੇ ਸਪੀਕਰ ਸ੍ਰੀ ਓਮ ਬਿੜਲਾ, ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਐਮ ਪੀ ਬੰਸੁਰੀ ਸਵਰਾਜ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।