ਚੰਡੀਗੜ੍ਹ- ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਅੱਜ ਵਤਨ ਪਰਤਣ 'ਤੇ ਪੰਜਾਬ ਸਰਕਾਰ ਵੱਲੋਂ ਇੱਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਮੰਤਰੀਆਂ ਅਤੇ ਵਿਧਾਇਕਾਂ ਨੇ ਵਧਾਇਆ ਧੀਆਂ ਦਾ ਮਾਣ
ਇਸ ਮੌਕੇ ਪੰਜਾਬ ਸਰਕਾਰ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਖਿਡਾਰਨਾਂ ਨੂੰ ਜੀ ਆਇਆਂ ਕਹਿਣ ਲਈ ਹਵਾਈ ਅੱਡੇ ਪਹੁੰਚੇ। ਉਨ੍ਹਾਂ ਦੇ ਨਾਲ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵੀ ਸ਼ਿਰਕਤ ਕੀਤੀ। ਹਵਾਈ ਅੱਡੇ 'ਤੇ ਜਸ਼ਨ ਦਾ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ ਦੀ ਥਾਪ ਅਤੇ ਫੁੱਲਾਂ ਦੇ ਹਾਰਾਂ ਨਾਲ ਜੇਤੂ ਧੀਆਂ ਦਾ ਸਨਮਾਨ ਕੀਤਾ ਗਿਆ।
ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਦਾ ਐਲਾਨ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਵੀਡੀਓ ਕਾਲ ਰਾਹੀਂ ਟੀਮ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਇਸ ਇਤਿਹਾਸਕ ਪ੍ਰਾਪਤੀ 'ਤੇ ਵਧਾਈ ਦਿੱਤੀ ਸੀ। ਹਰਪਾਲ ਸਿੰਘ ਚੀਮਾ ਅਤੇ ਮੀਤ ਹੇਅਰ ਨੇ ਕਿਹਾ ਕਿ ਸਾਡੀਆਂ ਇਹਨਾਂ ਧੀਆਂ ਨੇ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਪਤਾਨ ਹਰਮਨਪ੍ਰੀਤ ਕੌਰ ਦੇ ਪੰਜਾਬ ਪਰਤਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤਿੰਨਾਂ ਖਿਡਾਰਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ।