ਚੰਡੀਗੜ੍ਹ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸ਼ੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਵੀ ਕਮਿਸ਼ਨ ਵੱਲੋਂ ਪੱਤਰ ਲਿਖਕੇ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਸਮੇਂ ਮਾਡਲ ਕੋਡ ਆਫ਼ ਕੰਡਕਟ ਅਤੇ ਐਸ.ਸੀ./ਐਸ.ਟੀ. ਐਕਟ, 1989 ਨੂੰ ਵਿਚਾਰਦੇ ਹੋਏ ਬਣਦੀ ਕਾਰਵਾਈ ਰਿਪੋਰਟ ਜਿੰਮੇਵਾਰ ਅਧਿਕਾਰੀ ਰਾਹੀਂ 17 ਨਵੰਬਰ, 2025 ਨੂੰ ਪੇਸ਼ ਕੀਤੀ ਜਾਵੇ।