ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ 2025 (ਮੰਗਲਵਾਰ) ਨੂੰ ਵੋਟਾਂ ਪੈਣੀਆਂ ਹਨ। ਇਸ ਦਿਨ ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕਾ ਤਰਨ ਤਾਰਨ ਵਿਖੇ ਸਥਿਤ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਲਈ ਸਥਾਨਕ ਛੁੱਟੀ ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਘੋਸ਼ਿਤ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਤਰਨ ਤਾਰਨ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਇਹ ਸਪੈਸ਼ਲ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਬੀ (1) ਦੇ ਤਹਿਤ ਵੀ ਇਹ ਤਨਖਾਹ ਵਾਲੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਉਦਯੋਗਿਕ ਅਦਾਰਿਆਂ, ਕਾਰੋਬਾਰਾਂ, ਵਪਾਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ 'ਤੇ ਲਾਗੂ ਹੁੰਦੀ ਹੈ, ਜੋ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਵੋਟ ਪਾਉਣ ਦੇ ਹੱਕਦਾਰ ਹਨ।
ਇਸ ਤੋਂ ਇਲਾਵਾ ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਐਕਟ 1958 ਦੀ ਧਾਰਾ 28 ਅਧੀਨ ਹਲਕੇ ਦੇ ਉਦਯੋਗਿਕ ਅਦਾਰਿਆਂ ਅਤੇ ਦੁਕਾਨਾਂ ਵਿੱਚ ਕੰਮ ਕਰਨ ਵਾਲੇ ਸਾਰੇ ਕਾਮਿਆਂ, ਜੋ ਕਿ ਹਲਕੇ ਦੇ ਵੋਟਰ ਹਨ, ਲਈ ਵੀ ਛੁੱਟੀ ਐਲਾਨੀ ਗਈ ਹੈ। ਇਸ ਲਈ ਵੋਟ ਪਾਉਣ ਵਾਲੇ ਕਰਮਚਾਰੀ ਨੂੰ ਕੰਮ ਕਰਨ ਲਈ ਬੁਲਾਇਆ ਨਹੀਂ ਜਾ ਸਕਦਾ ਹੈ।