ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਇੱਕ ਵਫਦ ਨੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰ ਸੌਂਪਿਆ ਗਿਆ। ਇਸ ਦੇ ਨਾਲ ਹੀ ਵਫ਼ਦ ਨੇ ਮੁੱਖ ਮੰਤਰੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਯੂਪੀ ਵਿਖੇ ਕੀਤੇ ਭਰਵੇਂ ਸਵਾਗਤ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਤੇ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਵੀ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਹਨ ਜਿਸ ਵਿਚ ਸਮੂਲੀਅਤ ਲਈ ਦੇਸ਼ ਭਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਦਾ ਪੱਤਰ ਦਿੱਤੇ ਜਾ ਰਹੇ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸੱਦਾ ਵੀ ਦਿੱਤਾ।