ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਉਨ੍ਹਾਂ ਦੇ ਅਨਿੰਨ ਸਿੱਖਾਂ - ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੇ ਸਹਿਯੋਗ ਨਾਲ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਤਹਿਤ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਿਆਈ ਪੁਰਬ, 25 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੇ ਸ਼ਹੀਦੀ ਸਾਕੇ ਦਾ 350 ਸਾਲਾ ਦਿਹਾੜਾ ਅਤੇ 29 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਦਾ ਸੀਸ ਸਸਕਾਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿਉਂਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀ ਸ਼ਹਾਦਤ ਦਿੱਲੀ ਵਿਖੇ ਹੋਈ ਹੈ ਤਾਂ 25 ਨਵੰਬਰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਵੀ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ 25 ਨਵੰਬਰ ਨੂੰ ਅਰੰਭ ਹੋਣ ਵਾਲਾ ਸ਼ਹੀਦੀ ਨਗਰ ਕੀਰਤਨ 28 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜੇਗਾ, ਜਿੱਥੇ ਸਮੁੱਚੇ ਖ਼ਾਲਸਾ ਪੰਥ ਵੱਲੋਂ ਸੁਆਗਤ ਕੀਤਾ ਜਾਵੇਗਾ ਅਤੇ ਗੁਰੂ ਸਾਹਿਬ ਜੀ ਨੂੰ ਸਿਜਦਾ ਕੀਤਾ ਜਾਵੇਗਾ। ਇਹ ਨਗਰ ਕੀਰਤਨ 29 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਜਥੇਦਾਰ ਗੜਗੱਜ ਨੇ ਸਮੁੱਚੇ ਖ਼ਾਲਸਾ ਪੰਥ ਨੂੰ ਸੱਦਾ ਦਿੱਤਾ ਕਿ ਜਿਵੇਂ ਪੰਥ ਹੋਲੇ ਮਹੱਲੇ ਮੌਕੇ ਆਪੋ-ਆਪਣੇ ਸਾਧਨਾਂ ਅਤੇ ਟ੍ਰੈਕਟਰ ਟ੍ਰਾਲੀਆਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਲਗਾ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਦਾ ਹੈ, ਉਸੇ ਤਰ੍ਹਾਂ ਸ਼ਤਾਬਦੀ ਸਮਾਗਮਾਂ ਮੌਕੇ ਵੀ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਇਸੇ ਤਰ੍ਹਾਂ ਖ਼ਾਲਸਾਈ ਸੋਚ ਅਤੇ ਚੜ੍ਹਦੀ ਕਲਾ ਦਾ ਪ੍ਰਗਟਾਵਾ ਕਰਨ ਲਈ 23 ਤੋਂ 29 ਨਵੰਬਰ ਤੱਕ ਸਮੁੱਚਾ ਖ਼ਾਲਸਾ ਪੰਥ ਆਪੋ-ਆਪਣੇ ਘਰਾਂ ਅਤੇ ਕਾਰੋਬਾਰਾਂ ਵਾਲੀਆਂ ਥਾਵਾਂ ਉੱਤੇ ਵੀ ਖ਼ਾਲਸਈ ਨਿਸ਼ਾਨ ਸਾਹਿਬ ਝੁਲਾਏ।
ਜਥੇਦਾਰ ਗੜਗੱਜ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਣਪ੍ਰੀਤ ਸਿੰਘ ਸੋਂਦ ਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਯਾਦਾ ਵਿਰੁੱਧ ਪੇਸ਼ਕਾਰੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸਪਸ਼ਟੀਕਰਨ ਮੰਗਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੋਂਦ ਨੂੰ ਆਪਣਾ ਸਪਸ਼ਟੀਕਰਨ ਇੱਕ ਹਫ਼ਤੇ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪਹੁੰਚ ਕੇ ਦੇਣ ਲਈ ਆਖਿਆ ਗਿਆ ਹੈ ਜਦਕਿ ਵਿਭਾਗ ਦੇ ਡਾਇਰੈਕਟਰ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਭੇਜਣਗੇ।
ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਬਿਆਨ ਤੋਂ ਇਹ ਸਾਹਮਣੇ ਆਇਆ ਹੈ ਕਿ ਬੀਤੇ ਸਮੇਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਵਿੱਚ ਬਣਾਈਆਂ ਗਈਆਂ ਤਸਵੀਰਾਂ ਵਿੱਚ ਸਿੱਖ ਸਿਧਾਂਤਾਂ, ਮਰਯਾਦਾ, ਪਰੰਪਰਾਵਾਂ ਤੇ ਸਿੱਖ ਭਾਵਨਾਵਾਂ ਦੇ ਵਿਰੁੱਧ ਪੇਸ਼ਕਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਤਸਵੀਰ ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪੰਜ ਪਿਆਰੇ ਸਾਹਿਬਾਨ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਇਆ ਗਿਆ ਹੈ, ਉਸ ਵਿੱਚ ਗੁਰੂ ਸਾਹਿਬ ਜੀ ਨੂੰ ਜੋੜੇ ਪਾਏ ਹੋਏ ਦਿਖਾਇਆ ਗਿਆ ਹੈ, ਅੰਮ੍ਰਿਤ ਛਕ ਰਹੇ ਸਿੰਘ ਨੂੰ ਵੀ ਮਰਯਾਦਾ ਅਨੁਸਾਰ “ਬੀਰ ਆਸਣ” ਵਿੱਚ ਨਹੀਂ ਦਿਖਾਇਆ ਗਿਆ, ਜੋ ਕਿ ਅੰਮ੍ਰਿਤ ਸੰਚਾਰ ਦੀ ਮਰਯਾਦਾ ਦੇ ਉਲਟ ਹੈ। ਇਸ ਦੇ ਨਾਲ ਹੀ, ਇਸ ਤਸਵੀਰ ਵਿੱਚ ਅੰਮ੍ਰਿਤ ਦੇ ਬਾਟੇ ਤੇ ਖੰਡੇ ਦੀ ਦਿਖ ਵੀ ਸਿੱਖੀ ਰਵਾਇਤ ਵਾਲੀ ਨਹੀਂ, ਬਣਾਈਆਂ ਗਈਆਂ ਦੋ ਪਾਲਕੀਆਂ ਤੋਂ ਕੀ ਭਾਵ ਹੈ ਅਤੇ ਤਸਵੀਰ ਵਿੱਚ ਬਣਾਇਆ ਗਿਆ ਨਿਸ਼ਾਨ (ਝੰਡਾ) ਵੀ ਸਿੱਖੀ ਰਵਾਇਤਾਂ ਅਨੁਸਾਰ ਨਹੀਂ ਹੈ।
ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ 350 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਲਗਾਏ ਗਏ ਪੋਸਟਰਾਂ ਤੇ ਬੈਨਰਾਂ ਸਬੰਧੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਆਪਣੀਆਂ ਇਹ ਮਸ਼ਹੂਰੀਆਂ ਲੋਕਾਂ ਦੇ ਟੈਕਸ ਦੇ ਪੈਸਿਆਂ ਨਾਲ ਕੀਤੀਆਂ ਹਨ, ਇਨ੍ਹਾਂ ਰਾਹੀਂ ਸੰਗਤ ਨੂੰ ਅਧੂਰੀ ਜਾਣਕਾਰੀ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਸਰਕਾਰ ਦੀਆਂ ਮਸ਼ਹੂਰੀਆਂ ਉੱਤੇ 23 ਤੋਂ 29 ਨਵੰਬਰ ਤੱਕ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਬਾਰੇ ਪੂਰੀ ਜਾਣਕਾਰੀ ਹੁੰਦੀ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਆਪਣੇ ਸਮਾਗਮ 23 ਤੋਂ 25 ਨਵੰਬਰ ਤੱਕ ਉਲੀਕੇ ਗਏ ਹਨ, ਪਰੰਤੂ ਖ਼ਾਲਸਾ ਪੰਥ ਸ਼ਤਾਬਦੀ 29 ਨਵੰਬਰ ਤੱਕ ਮਨਾ ਰਿਹਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਸੀਸ ਦਾ ਸਸਕਾਰ ਦਿਵਸ ਵੀ ਇਸੇ ਸ਼ਤਾਬਦੀ ਤਹਿਤ 29 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਸ ਅਧੂਰੀ ਜਾਣਕਾਰੀ ਲੋਕਾਂ ਨਾਲ ਸਾਂਝੀ ਕਰਨ ਪਿੱਛੇ ਸਰਕਾਰ ਦੀ ਮਨਸ਼ਾ ਉੱਤੇ ਸਵਾਲ ਚੁੱਕੇ।
ਬੀਤੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ. ਹਰਮੀਤ ਸਿੰਘ ਸੰਧੂ ਵੱਲੋਂ ਗੁਰੂ ਦੀ ਗੋਲਕ ਅਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਵਾਰ-ਵਾਰ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਬਾਰੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਨ੍ਹਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਹਨ ਅਤੇ ਆਉਣ ਵਾਲੇ ਸਮੇਂ ਅੰਦਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਮਾਮਲੇ ਉੱਤੇ ਗੰਭੀਰ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਕਾਲ ਤੋਂ ਹੀ ਸਿੱਖ ਧਰਮ ਦੇ ਅੰਦਰ ਦਸਵੰਧ ਦੀ ਪਰੰਪਰਾ ਹੈ, ਸੰਗਤ ਆਪਣੀ ਸਮਰੱਥਾ ਤੇ ਸ਼ਰਧਾ ਮੁਤਾਬਕ ਗੁਰੂ ਘਰ ਅੰਦਰ ਦਸਵੰਧ ਅਤੇ ਗੋਲਕ ਵਿੱਚ ਮਾਇਆ ਭੇਟਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਗੋਲਕਾਂ ਸਿੱਖ ਪਰੰਪਰਾ ਦਾ ਹਿੱਸਾ ਹੈ ਅਤੇ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ ਜਿਸ ਦੀ ਸਥਾਪਨਾ ਬਹੁਤ ਸ਼ਹਾਦਤਾਂ ਦੇ ਕੇ ਹੋਈ ਹੈ ਜੋ ਗੁਰੂ ਘਰਾਂ ਦਾ ਸੁਚੱਜਾ ਪ੍ਰਬੰਧ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਅਤੇ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਕਰਦੀ ਹੈ। ਉਨ੍ਹਾਂ ਕਿਹਾ ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਵਿਰੁੱਧ ਤੱਥਹੀਣ ਟਿੱਪਣੀਆਂ ਕਰਨੀਆਂ ਮੰਦਭਾਗਾ ਹੈ ਅਤੇ ਇਹ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਨਾਸਤਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਜ਼ਿੰਮੇਵਾਰੀ ਵਾਲਾ ਹੁੰਦਾ ਹੈ ਜਿਸ ਨੇ ਸੂਬੇ ਦੇ ਸਮੂਹ ਭਾਈਚਾਰਿਆਂ ਦੀ ਨੁਮਾਇੰਦਗੀ ਕਰਨੀ ਹੁੰਦੀ ਹੈ।
ਹਿੰਦ ਦੀ ਚਾਦਰ ਐਨੀਮੇਸ਼ਨ ਫ਼ਿਲਮ ਉੱਤੇ ਲਗਾਈ ਗਈ ਰੋਕ ਬਾਰੇ ਜਥੇਦਾਰ ਗੜਗੱਜ ਨੇ ਕਿਹਾ ਕਿ ਫ਼ਿਲਮਾਂ ਸਬੰਧੀ ਹਦਾਇਤਾਂ ਪਹਿਲਾਂ ਵੀ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ 13 ਦਸੰਬਰ 2022 ਨੂੰ ਪਾਸ ਕੀਤੇ ਗਏ ਮਤੇ, 02 ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਫ਼ਿਲਮਾਂ ਸਬੰਧੀ ਵਿਸ਼ੇਸ਼ ਇਕੱਤਰਤਾ ਅਤੇ ਇਸ ਫ਼ਿਲਮ ਸਬੰਧੀ ਸਬ-ਕਮੇਟੀ ਦੀ ਨਕਾਰਾਤਮਕ ਰਿਪੋਰਟ ਦੇ ਅਧਾਰ ਉੱਤੇ ਹਿੰਦ ਦੀ ਚਾਦਰ ਐਨੀਮੇਸ਼ਨ ਫ਼ਿਲਮ ਉੱਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਫ਼ਿਲਮ ਨਿਰਮਾਤਾ ਤੇ ਸਰਕਾਰ ਨਾਲ ਲਿਖ੍ਹਾਪੜੀ ਕਰਕੇ ਇਸ ਫ਼ਿਲਮ ਨੂੰ ਰੁਕਵਾਉਣ ਲਈ ਕਿਹਾ ਗਿਆ ਹੈ ਅਤੇ ਇਹ ਫ਼ਿਲਮ ਖ਼ਾਲਸਾ ਪੰਥ ਜਾਰੀ ਨਹੀਂ ਹੋਣ ਦੇਵੇਗਾ ਕਿਉਂਕਿ ਇਹ ਸਿੱਖ ਭਾਵਨਾਵਾਂ, ਸਿਧਾਂਤ ਅਤੇ ਇਤਿਹਾਸ ਦੇ ਵਿਰੁੱਧ ਹੈ।
ਪਾਕਿਸਤਾਨ ਸਿੱਖ ਸ਼ਰਧਾਲੂਆਂ ਨਾਲ ਗਈ ਇੱਕ ਔਰਤ ਦੇ ਭਾਰਤ ਵਾਪਸ ਨਾ ਪਰਤਣ ਦੇ ਮਾਮਲੇ ਵਿੱਚ ਜਥੇਦਾਰ ਗੜਗੱਜ ਨੇ ਕਿਹਾ ਕਿ ਉਸ ਬੀਬੀ ਵੱਲੋਂ ਅਜਿਹਾ ਕਰਨਾ ਬਹੁਤ ਹੀ ਮੰਦਭਾਗਾ ਹੈ ਅਤੇ ਉਸ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਔਰਤ ਵਿਰੁੱਧ ਅਪਰਾਧਿਕ ਮਾਮਲੇ ਹਨ, ਇਸ ਦੇ ਬਾਵਜੂਦ ਉਸ ਨੂੰ ਜਥੇ ਨਾਲ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਕਿਵੇਂ ਦਿੱਤੀ ਗਈ, ਉਸ ਦਾ ਪਾਸਪੋਰਟ ਕਿਵੇਂ ਬਣਿਆ, ਇਹ ਸਪੱਸ਼ਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਮਸਲਾ ਹੈ ਅਤੇ ਇਸ ਮਾਮਲੇ ਨੂੰ ਅਧਾਰ ਬਣਾ ਕੇ ਸਿੱਖ ਜਥਿਆਂ ਅਤੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ ਨਾਲ ਗੱਲ ਕੀਤੀ ਹੈ, ਜਿਨ੍ਹਾਂ ਨੇ ਇਹ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਉਸ ਔਰਤ ਨੂੰ ਜਲਦ ਹੀ ਭਾਰਤ ਵਾਪਸ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਨੂੰ ਵੀ ਉਸ ਔਰਤ ਨੂੰ ਭਾਰਤ ਵਾਪਸ ਭੇਜਣਾ ਚਾਹੀਦਾ ਹੈ ਤਾਂ ਕਿ ਆਉਣ ਵਾਲੇ ਜਥਿਆਂ ਉੱਤੇ ਕੋਈ ਮਾੜਾ ਪ੍ਰਭਾਵ ਨਾ ਪਵੇ। ਉਨ੍ਹਾਂ ਕਿਹਾ ਕਿ