ਸ੍ਰੀ ਅਨੰਦਪੁਰ ਸਾਹਿਬ-ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ ।
ਇਸ ਤੋਂ ਪਹਿਲਾਂ ਸ੍ਰੀ ਸੁਨੀਲ ਜਾਖੜ ਅਤੇ ਪਾਰਟੀ ਦੇ ਹੋਰ ਆਗੂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ
ਇਸ ਮੌਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਵਿਅਕਤੀ ਦੇ ਧਰਮ ਪਾਲਣ ਦੇ ਅਧਿਕਾਰ ਲਈ ਇੱਕ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸਦੀ ਹੋਰ ਮਿਸਾਲ ਇਤਿਹਾਸ ਵਿੱਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਦੇਸ਼ ਕੌਮ ਲਈ ਕੁਰਬਾਨ ਹੋਣ ਦਾ ਜਜ਼ਬਾ ਗੁਰੂ ਸਾਹਿਬ ਤੋਂ ਮਿਲਦਾ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਕਰਨ ਦਾ ਉਦੇਸ਼ ਵੀ ਇਹੀ ਹੈ ਕਿ ਅਸੀਂ ਆਪਣੀ ਅਗਲੀ ਪੀੜੀ ਨੂੰ ਸਾਡੇ ਗੌਰਵਸ਼ਾਲੀ ਇਤਿਹਾਸ ਨਾਲ ਜੋੜ ਸਕੀਏ।
ਸੁਨੀਲ ਜਾਖੜ ਨੇ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਤੋਂ ਅਸੀਸਾਂ ਲੈਣ ਆਏ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਅਸੀਂ ਆਪਣੇ ਜੀਵਨ ਵਿੱਚ ਉਹਨਾਂ ਦੇ ਸੰਦੇਸ਼ ਨੂੰ ਧਾਰਨ ਕਰ ਸਕੀਏ ।
ਸੁਨੀਲ ਜਾਖੜ ਨੇ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਮਹਾਨ ਬਲਿਦਾਨ ਦੇ ਕੇ ਨਾ ਕੇਵਲ ਹਿੰਦੂ ਧਰਮ ਸਗੋਂ ਸਮੁੱਚੀ ਮਾਨਵਤਾ ਦੀ ਰਾਖੀ ਕੀਤੀ ਸੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਦਾ ਖਿਤਾਬ ਦਿੱਤਾ ਜਾਂਦਾ ਹੈ