ਨੈਸ਼ਨਲ

ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 24, 2025 07:29 PM

ਨਵੀਂ ਦਿੱਲੀ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਸੀ ਪੀ ਰਾਧਾਕ੍ਰਿਸ਼ਨਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਰਾਸ਼ਟਰਪਤੀ ਸ੍ਰੀ ਸੀ ਪੀ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਉਹਨਾਂ ਨੂੰ ਜੋ ਇਤਿਹਾਸਕ ਜਾਣਕਾਰੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਬਾਰੇ ਦਿੱਤੀ ਗਈ ਹੈ, ਉਸ ਬਾਰੇ ਉਹ ਮਹਿਸੂਸ ਕਰਦੇ ਹਨ ਕਿ ਇਸ ਮਹਾਨ ਸ਼ਹਾਦਤ ਬਾਰੇ ਕਿਤਾਬਾਂ ਪ੍ਰਕਾਸ਼ਤ ਕਰਵਾ ਕੇ ਸਾਰੀ ਦੁਨੀਆਂ ਨੂੰ ਇਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਸ਼ਹਾਦਤ ਦੀ ਇਤਿਹਾਸ ਵਿਚ ਕੋਈ ਬਰਾਬਰੀ ਨਹੀਂ ਮਿਲਦੀ ਤੇ ਇਸ ਮਹਾਨ ਕੁਰਬਾਨੀ ਨੂੰ ਜਿੰਨਾ ਨਮਨ ਕੀਤਾ ਜਾਵੇ ਥੋੜ੍ਹਾ ਹੈ। ਇਸ ਮੌਕੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਦਾ ਮੌਕਾ ਉਹਨਾਂ ਦੀ ਅਗਵਾਈ ਹੇਠ ਸਰਕਾਰ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਇਹ ਇਕ ਇਤਿਹਾਸਕ ਦਿਹਾੜਾ ਹੈ ਜਿਸਨੂੰ ਮਨਾਉਣ ਵਾਸਤੇ ਉਹਨਾਂ ਦੀ ਸਰਕਾਰ ਨੇ ਆਪਣੇ ਵੱਲੋਂ ਸੰਭਵ ਹਰ ਉਪਰਾਲਾ ਕੀਤਾ ਹੈ। ਉਹਨਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ ’ਤੇ ਵੱਡੇ ਸਮਾਗਮ ਹੋ ਰਹੇ ਹਨ ਅਤੇ ਸਾਰੀ ਦਿੱਲੀ ਵਿਚ ਇਹਨਾਂ ਪਵਿੱਤਰ ਦਿਹਾੜਿਆਂ ਨੂੰ ਲੈ ਕੇ ਸ਼ਰਧਾ ਤੇ ਸਤਿਕਾਰ ਨਾਲ ਸਮਾਗਮ ਕੀਤੇ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਡੀ ਜ਼ਿੰਦਗੀ ਵਿਚ ਇਹ ਦਿਹਾੜਾ ਮਨਾਉਣ ਦਾ ਮੌਕਾ ਆਇਆ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਲੜ ਲੱਗ ਕੇ ਅਸੀਂ ਦੇਸ਼ ਅਤੇ ਦੁਨੀਆਂ ਦੀ ਸੇਵਾ ਕਰ ਸਕਦੇ ਹਾਂ, ਇਹ ਸੇਵਾ ਵੀ ਗੁਰੂ ਸਾਹਿਬ ਨੇ ਸਾਡੀ ਝੋਲੀ ਪਾਈ ਹੈ। ਇਸ ਦੌਰਾਨ ਲਾਲ ਕਿਲ੍ਹੇ ’ਤੇ ਚਲ ਰਹੇ ਤਿੰਨ ਰੋਜ਼ਾ ਸਮਾਗਮਾਂ ਦੌਰਾਨ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 350 ਵਿਦਿਆਰਥੀਆਂ ਨੇ ਅੱਜ ਸਮੂਹਿਕ ਤੌਰ ’ਤੇ ਕੀਰਤਨ ਕਰ ਕੇ ਇਕ ਨਵਾਂ ਇਤਿਹਾਸ ਸਿਰਜਿਆ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਸਮੂਹਿਕ ਕੀਰਤਨ ਵਾਸਤੇ ਪ੍ਰੈਕਟਿਸ ਕਰ ਰਹੇ ਸਨ। ਇਸ ਮਨਮੋਹਕ ਦ੍ਰਿਸ਼ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਆਪ ਵੇਖਿਆ ਅਤੇ ਕੀਰਤਨ ਸਵਰਣ ਕੀਤਾ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਤਿੰਨ ਰੋਜ਼ਾ ਸਮਾਗਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਹਿੱਸਾ ਲੈਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ।

Have something to say? Post your comment

 
 

ਨੈਸ਼ਨਲ

ਜਸਟਿਸ ਸੂਰਿਆ ਕਾਂਤ ਭਾਰਤ ਦੇ 53ਵੇਂ ਚੀਫ਼ ਜਸਟਿਸ ਬਣੇ, ਰਾਸ਼ਟਰਪਤੀ ਮੁਰਮੂ ਨੇ ਸਹੁੰ ਚੁਕਾਈ

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੀਂ ਸ਼ਹੀਦੀ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ

ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿਵਾਦ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ 131ਵੇਂ ਸੋਧ ਬਿੱਲ 'ਤੇ ਅੰਤਿਮ ਫੈਸਲਾ ਸਲਾਹ-ਮਸ਼ਵਰੇ ਤੋਂ ਬਾਅਦ ਹੀ ਲਿਆ ਜਾਵੇਗਾ

“ਮਰਦ ਅਗਮੜਾ ” ਨਾਵਲ ਸਿੱਖ ਇਤਿਹਾਸ ਦਾ ਬਣੇਗਾ ਅਹਿਮ ਦਸਤਾਵੇਜ - ਠੀਕਰੀਵਾਲਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਸ਼ੁਰੂ

ਝਾਰਖੰਡ ਹਾਈਕੋਰਟ ਨੇ 1984 ਸਿੱਖ ਕਤਲੇਆਮ ਪੀੜਿਤਾਂ ਦੇ ਮੁਆਵਜਾ ਅਤੇ ਜਾਂਚ ਦੀ ਸਥਿਤੀ 'ਤੇ ਮੰਗੀ ਰਿਪੋਰਟ

ਦਿੱਲੀ ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੀਬੀਆਈ ਨੂੰ ਨੋਟਿਸ ਜਾਰੀ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇ ਨਜ਼ਰ ਦਿੱਲੀ ਸਰਕਾਰ ਨੇ 25 ਨਵੰਬਰ ਨੂੰ ਜਨਤਕ ਛੁੱਟੀ ਦਾ ਕੀਤਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ, ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿਚੋਂ ਗੁਜ਼ਰਨ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਈ ਸੰਪੰਨ