ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ‘ਸੀਸ ਮਾਰਗ ਨਗਰ ਕੀਰਤਨ’ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਉਨ੍ਹਾਂ ਅਸਥਾਨਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ, ਜਿਨ੍ਹਾਂ ਅਸਥਾਨਾਂ ‘’ਤੇ ਭਾਈ ਜੈਤਾ ਜੀ ਨੌਵੇਂ ਪਾਤਸ਼ਾਹ ਜੀ ਦਾ ਸੀਸ ਲੈ ਕੇ ਰੁਕੇ ਸਨ। ਖ਼ਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ ਨਗਰ ਕੀਰਤਨ ’ਚ ਵੱਡੀ ਗਿਣਤੀ ਸੰਗਤਾਂ ਵੱਲੋਂ ਸ਼ਮੂਲੀਅਤ ਕਰਕੇ ਨੌਵੇਂ ਪਾਤਸ਼ਾਹ ਜੀ ਨੂੰ ਸਤਿਕਾਰ ਭੇਟ ਕੀਤਾ ਗਿਆ।
ਨਗਰ ਕੀਰਤਨ ਦਾ ਪਹਿਲਾ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ ਵਿਖੇ ਹੋਵੇਗਾ, ਜਿਥੋਂ 26 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਅੰਬਾਲਾ ਲਈ ਰਵਾਨਾ ਹੋਵੇਗਾ। ਇਸੇ ਤਰ੍ਹਾਂ 27 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਅੰਬਾਲਾ ਤੋਂ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਅਤੇ 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਤੋਂ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਕੀਰਤਨਪੁਰ ਸਾਹਿਬ ਵਿਖੇ ਪੁੱਜੇਗਾ, ਜਿਥੇ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ। 29 ਨਵੰਬਰ ਨੂੰ ਇਹ ਇਤਿਹਾਸਕ ਨਗਰ ਕੀਰਤਨ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਤੋਂ ਪੈਦਲ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਵੇਗਾ। ਇਸ ਵਿਚ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ, ਦਲ ਪੰਥ, ਟਕਸਾਲਾਂ, ਸਿੱਖ ਸੰਪ੍ਰਦਾਵਾਂ ਸਮੇਤ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਅੱਜ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਵਿਖੇ ਐਸਜੇਐਸ ਮੋਟਰਜ਼ ਹਾਪੁੜ ਦੇ ਸ. ਧਿਆਨ ਸਿੰਘ ਅਤੇ ਪਰਿਵਾਰ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਲੰਗਰਾਂ ਦੇ ਪ੍ਰਬੰਧ ਕੀਤੇ ਗਏ। ਨਗਰ ਕੀਰਤਨ ਨਾਲ ਸ਼ਾਮਲ ਨਿਹੰਗ ਸਿੰਘ ਫ਼ੌਜਾਂ ਵੱਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮਿੰਦਰ ਸਿੰਘ ਮਠਾਰੂ, ਸ. ਪਰਮਜੀਤ ਸਿੰਘ ਰਾਣਾ, ਸ. ਸੁਰਿੰਦਰ ਸਿੰਘ, ਸ. ਕਰਤਾਰ ਸਿੰਘ ਚਾਵਲਾ, ਸ. ਤੇਜਿੰਦਰ ਸਿੰਘ, ਸ. ਰਮਨਦੀਪ ਸਿੰਘ, ਸ. ਜਤਿੰਦਰ ਸਿੰਘ, ਸ. ਸਤਨਾਮ ਸਿੰਘ ਖ਼ਾਲਸਾ, ਸ. ਅਮਰੀਕ ਸਿੰਘ, ਸ. ਜਤਿੰਦਰ ਸਿੰਘ, ਸ. ਗੁਰਮੀਤ ਸਿੰਘ ਸ਼ੈਟੀ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਬਲਦੇਵ ਸਿੰਘ ਮੁਸਤਾਫਾਪੁਰ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਕਸ਼ਮੀਰ ਸਿੰਘ ਬਟਾਲਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਪ੍ਰਚਾਰਕ ਤੇ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਮੀਤ ਸਿੰਘ, ਸ. ਜਸਬੀਰ ਸਿੰਘ ਲੌਂਗੋਵਾਲ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਯੂਪੀ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ।