ਚੰਡੀਗੜ੍ਹ- ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.)- 2026-27 ਦੇ ਮੱਦੇਨਜ਼ਰ ਲੱਕੜ ਦੇ ਕਰੇਟਾਂ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪਨਗ੍ਰੇਨ ਵੱਲੋਂ ਹਾੜੀ ਮੰਡੀਕਰਨ ਸੀਜ਼ਨ 2026-27 ਦੇ ਮੱਦੇਨਜ਼ਰ ਖਰੀਦ ਅਤੇ ਭੰਡਾਰਨ ਦੇ ਉਦੇਸ਼ ਲਈ ਵੱਖ-ਵੱਖ ਏਜੰਸੀਆਂ ਨੂੰ 12 ਲੱਖ ਲੱਕੜ ਦੇ ਕਰੇਟਾਂ ਲਈ ਟੈਂਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ, ਪੰਜਾਬ ਸੂਬਾਈ ਵਣ ਵਿਕਾਸ ਨਿਗਮ ਨੇ 1 ਲੱਖ ਲੱਕੜ ਦੇ ਕਰੇਟਾਂ ਦੀ ਪੇਸ਼ਕਸ਼ ਕੀਤੀ ਹੈ।
ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਇੰਚਾਰਜ ਹੋਣ ਦੇ ਨਾਤੇ, ਮੰਤਰੀ ਨੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮੁੱਦੇ 'ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਸੂਬਾਈ ਵਣ ਵਿਕਾਸ ਨਿਗਮ ਦੇ ਐਮ.ਡੀ. ਨੂੰ ਪਨਗਰੇਨ ਨੂੰ 1 ਲੱਖ ਤੋਂ ਵੱਧ ਲੱਕੜ ਦੇ ਕਰੇਟ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਹਾੜੀ ਮੰਡੀਕਰਨ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ ਅਤੇ ਭੰਡਾਰਨ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਪੰਜਾਬ ਸੂਬਾਈ ਵਣ ਵਿਕਾਸ ਨਿਗਮ ਦੇ ਐਮ.ਡੀ. ਪ੍ਰਵੀਨ ਕੁਮਾਰ ਵੀ ਮੌਜੂਦ ਸਨ।