ਅੰਮ੍ਰਿਤਸਰ-ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਨ ਆਏ ਸਕੱਤਰ ਸ. ਪ੍ਰਤਾਪ ਸਿੰਘ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।
ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਬੰਦੀ ਸਿੰਘਾਂ ਨਾਲ ਖੜ੍ਹਨਾ ਆਪਣੀ ਜ਼ੁੰਮੇਵਾਰੀ ਸਮਝਦੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ ਅੰਦਰ ਵੀ ਇਸ ਸਬੰਧ ਵਿਚ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ।