ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਸ਼ਿਲਾਂਗ ਦੇ ਸਿੱਖਾਂ ਦੀ ਲੜਾਈ ਵਿਚ ਦਿੱਲੀ ਗੁਰਦੁਆਰਾ ਕਮੇਟੀ ਡੱਟ ਕੇ ਉਹਨਾਂ ਦੇ ਨਾਲ ਖੜ੍ਹੀ ਹੈ ਤੇ ਮੇਘਾਲਿਆ ਹਾਈ ਕੋਰਟ ਵਿਚ ਚਲ ਰਹੇ ਕੇਸ ਵਿਚ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰੇਗੀ। ਗੁਰਦੁਆਰਾ ਗੁਰੂ ਨਾਨਕ ਦਰਬਾਰ ਸ਼ਿਲਾਂਗ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਹੋਏ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਆਪਣੇ ਅਤੇ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਕਿਹਾ ਕਿ ਉਹ ਇਸ ਗੱਲ ਤੋਂ ਬਹੁਤ ਖੁਸ਼ ਹਨ ਕਿ ਸ਼ਿਲਾਂਗ ਵਿਚ ਸਿੱਖੀ ਦਾ ਪ੍ਰਚਾਰ ਹੋ ਰਿਹਾ ਹੈ ਤੇ ਸਾਡੇ ਨੌਜਵਾਨਾਂ ਨੇ ਖੰਡੇ ਬਾਟੇ ਦਾ ਪਾਹੁਲ ਛੱਕ ਦਸਤਾਰਾਂ ਸਜਾ ਲਈਆਂ ਹਨ। ਉਹਨਾਂ ਕਿਹਾ ਕਿ ਅੱਜ ਸਿਰਫ ਸਾਡੇ ਦੇਸ਼ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਤੋਂ ਸਿੱਖ ਭਾਈਚਾਰੇ ਦੇ ਮੈਂਬਰ ਸ਼ਿਲਾਂਗੇ ਦੇ ਸਿੱਖ ਭਾਈਚਾਰੇ ਦੇ ਨਾਲ ਹਨ। ਉਹਨਾਂ ਕਿਹਾ ਕਿ ਅਸੀਂ ਸ਼ਿਲਾਂਗੇ ਦੇ ਸਿੱਖ ਭਾਈਚਾਰੇ ਦੇ ਕੇਸ ਦੀ ਪੈਰਵੀ ਜਿਥੇ ਅਦਾਲਤਾਂ ਵਿਚ ਕਰ ਰਹੇ ਹਾਂ, ਉਥੇ ਹੀ ਸਰਕਾਰਾਂ ਕੋਲ ਵੀ ਮੁੱਦਾ ਚੁੱਕ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਮੇਘਾਲਿਆ ਹਾਈ ਕੋਰਟ ਵਿਚ ਕੇਸ ਲੜ ਰਹੇ ਹਾਂ ਅਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰਾਂਗੇ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਵੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਦੇਸ਼ ਤੇ ਉੱਤਰ ਪੂਰਬੀ ਹਿੱਸੇ ਵਿਚ ਸਿੱਖੀ ਦਾ ਇਸ ਤਰੀਕੇ ਪ੍ਰਚਾਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਥੇ ਵੱਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਇਥੇ ਹੀ ਆਪੋ ਆਪਣੇ ਕਾਰੋਬਾਰਾਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਇਥੇ ਹੀ ਟਿਕੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਇਸ ਹਿੱਸੇ ਵਿਚ ਨਗਰ ਕੀਰਤਨ ਸਜਾਏ ਜਾਣਾ ਬਹੁਤ ਵੱਡੀ ਪ੍ਰਾਪਤੀ ਹੈ ਜਿਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਇਥੇ ਸਿੱਖ ਭਾਈਚਾਰੇ ਦੇ ਮੈਂਬਰ ਕਿਸੇ ਵੀ ਤਰੀਕੇ ਦੀ ਚਿੰਤਾ ਨਾ ਕਰਨ ਅਸੀਂ ਸਾਰੇ ਖਾਸ ਤੌਰ ’ਤੇ ਦਿੱਲੀ ਗੁਰਦੁਆਰਾ ਕਮੇਟੀ ਉਹਨਾਂ ਨਾਲ ਡੱਟ ਕੇ ਖੜ੍ਹੀ ਹੈ। ਇਸ ਮੌਕੇ ਉਹਨਾਂ ਨੇ ਭਾਈ ਰਵਿੰਦਰ ਸਿੰਘ, ਭੁਪਿੰਦਰ ਸਿੰਘ ਕਿੱਕੀ, ਗੁਰਜੀਤ ਸਿੰਘ ਮੁੱਖ ਸੇਵਾਦਾਰ, ਸਤਨਾਮ ਸਿੰਘ ਜਨਰਲ ਸਕੱਤਰ, ਸੰਗਮ ਸਿੰਘ ਤੇ ਸਮੁੱਚੀ ਟੀਮ ਦਾ ਵੀ ਧੰਨਵਾਦ ਕੀਤਾ ਜੋ ਇਸ ਇਲਾਕੇ ਵਿਚ ਸਿੱਖੀ ਦੀ ਸੇਵਾ ਕਰ ਰਹੇ ਹਨ।
ਉਹਨਾਂ ਇਹ ਵੀ ਕਿਹਾ ਕਿ ਇਹ ਵੇਖ ਕੇ ਵੀ ਮਨ ਨੂੰ ਬਹੁਤ ਖੁਸ਼ੀ ਤੇ ਸੰਤੁਸ਼ਟੀ ਹੋ ਰਹੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਹੋ ਰਹੇ ਸਮਾਗਮ ਵਿਚ ਇੰਨੀ ਵੱਡੀ ਗਿਣਤੀ ਵਿਚ ਸਿੱਖ ਕੌਮ ਦੇ ਮੈਂਬਰ ਸ਼ਮੂਲੀਅਤ ਕਰ ਰਹੇ ਹਨ। ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ ਵੀ ਹਾਜ਼ਰ ਸਨ।