ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਫਤਵਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਨਤੀਜੇ ਨੂੰ ‘ਆਪ’ ਸਰਕਾਰ ਦੇ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦਾ ਸਪੱਸ਼ਟ ਸਮਰਥਨ ਦੱਸਿਆ।
ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਚੋਣਾਂ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ 14 ਤਰੀਕ ਨੂੰ ਹੋਈਆਂ ਵੋਟਾਂ ਹਾਲ ਹੀ ਦੇ ਸਮੇਂ ਵਿੱਚ ਸਭ ਤੋਂ ਸ਼ਾਂਤੀਪੂਰਨ ਅਤੇ ਨਿਰਪੱਖ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚੋਂ ਇੱਕ ਸਨ, ਜੋ ਸੁਚਾਰੂ ਅਤੇ ਬਿਨਾਂ ਕਿਸੇ ਘਟਨਾ ਦੇ ਨੇਪਰੇ ਚੜ੍ਹਿਆਂ ਹਨ।
ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਨਤੀਜੇ ਲਗਾਤਾਰ ਆ ਰਹੇ ਹਨ ਉਸ ਮੁਤਾਬਿਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕਪਾਸੜ ਫਤਵਾ ਸਪੱਸ਼ਟ ਰੂਪ ਵਿੱਚ ਦਿਖਾਈ ਦੇ ਰਿਹਾ ਹੈ। ਮੈਂ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਸੁਸ਼ਾਸਨ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਸਾਰੇ ਪੰਜਾਬੀਆਂ ਨੂੰ ਵਧਾਈ ਦਿੰਦਾ ਹਾਂ।
ਉਨ੍ਹਾਂ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਆਗੂਆਂ, ਵਿਧਾਇਕਾਂ, ਉਮੀਦਵਾਰਾਂ ਅਤੇ ਖਾਸ ਕਰਕੇ ਸਮਰਪਿਤ ਵਾਲੰਟੀਅਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ‘ਆਪ’ ਸਰਕਾਰ ਦੀ ਪਿਛਲੇ ਕੁਝ ਸਾਲਾਂ ਦੀ ਕਾਰਗੁਜ਼ਾਰੀ ਅਤੇ ਜ਼ਮੀਨੀ ਪੱਧਰ 'ਤੇ ਵਾਲੰਟੀਅਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਪੰਜਾਬ ਭਰ ਦੇ ਕੁੱਲ 354 ਜ਼ੋਨਾਂ ਵਿੱਚੋਂ, ਇਸ ਕਾਨਫਰੰਸ ਕਰਨ ਦੌਰਾਨ 71 ਜ਼ੋਨਾਂ ਦੇ ਨਤੀਜੇ ਐਲਾਨੇ ਗਏ ਸਨ, ਜੋ ਕਿ ਆਮ ਆਦਮੀ ਪਾਰਟੀ ਦੀ ਮਜ਼ਬੂਤ ਲੀਡ ਨੂੰ ਦਰਸਾਉਂਦੇ ਸਨ। ‘ਆਪ’ ਨੇ 60 ਜ਼ੋਨਾਂ ਵਿੱਚ ਜਿੱਤ ਦਰਜ ਕੀਤੀ ਹੈ, ਜੋ ਕਿ ਭਾਰੀ ਬਹੁਮਤ ਨੂੰ ਦਰਸਾਉਂਦੀ ਹੈ, ਜਦਕਿ ਕਾਂਗਰਸ ਨੇ 7 ਜ਼ੋਨ ਜਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ 1 ਜ਼ੋਨ, ਆਜ਼ਾਦ ਉਮੀਦਵਾਰਾਂ ਨੇ 2 ਅਤੇ ਭਾਜਪਾ ਨੇ 1 ਜ਼ੋਨ ਵਿੱਚ ਜਿੱਤ ਹਾਸਲ ਕੀਤੀ ਹੈ।
ਅਰੋੜਾ ਨੇ ਕਿਹਾ ਕਿ ਐਲਾਨੇ ਗਏ ਜ਼ਿਲ੍ਹਾ ਪ੍ਰੀਸ਼ਦ ਦੇ ਲਗਭਗ 85% ਨਤੀਜੇ 'ਆਪ' ਦੇ ਹੱਕ ਵਿੱਚ ਆਏ ਹਨ, ਜੋ ਸਾਡੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਸਾਫ਼ ਦਰਸਾਉਂਦੇ ਹਨ।
ਬਲਾਕ ਸੰਮਤੀ ਚੋਣਾਂ ਵਿੱਚ, ਪੰਜਾਬ ਭਰ ਦੇ ਕੁੱਲ 2, 863 ਬਲਾਕਾਂ ਵਿੱਚੋਂ, ਇਸ ਪ੍ਰੈਸ ਕਾਨਫਰੰਸ ਤੱਕ 1, 275 ਬਲਾਕਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਸਨ। ‘ਆਪ’ ਨੇ 867 ਬਲਾਕਾਂ ਵਿੱਚ ਜਿੱਤ ਹਾਸਲ ਕੀਤੀ ਹੈ, ਜੋ ਕਿ ਐਲਾਨੇ ਗਏ ਨਤੀਜਿਆਂ ਦਾ ਲਗਭਗ 68% ਹੈਕਾਂਗਰਸ ਨੇ 216 ਬਲਾਕ, ਸ਼੍ਰੋਮਣੀ ਅਕਾਲੀ ਦਲ ਨੇ 129, ਆਜ਼ਾਦ ਉਮੀਦਵਾਰਾਂ ਨੇ 63 ਅਤੇ ਭਾਜਪਾ ਨੇ 20 ਬਲਾਕਾਂ ਵਿੱਚ ਜਿੱਤ ਦਰਜ ਕੀਤੀ ਹੈ।
ਇਸ ਨੂੰ ‘ਆਪ’ ਦੀ ਇੱਕਪਾਸੜ ਜਿੱਤ ਕਰਾਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਹਾਲਾਂਕਿ ਬੈਲਟ ਪੇਪਰਾਂ ਰਾਹੀਂ ਗਿਣਤੀ ਇੱਕ ਹੌਲੀ ਪ੍ਰਕਿਰਿਆ ਹੈ, ਪਰ ਰੁਝਾਨ ਸਪੱਸ਼ਟ ਤੌਰ 'ਤੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵੱਲ ਪੰਜਾਬ ਦੇ ਝੁਕਾਅ ਨੂੰ ਦਰਸਾਉਂਦੇ ਹਨ।
ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਚਾਰ ਸਾਲਾਂ ਦੌਰਾਨ 'ਆਪ' ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਜਨਤਾ ਦੀ ਕਚਹਿਰੀ ਵਿੱਚ ਗਏ ਸੀ ਅਤੇ ਪੰਜਾਬ ਦੇ ਲੋਕਾਂ ਨੇ ਸਾਡੇ ਸ਼ਾਸਨ 'ਤੇ ਮੋਹਰ ਲਾ ਦਿੱਤੀ ਹੈ।
ਅਮਨ ਅਰੋੜਾ ਨੇ ਵੋਟਰਾਂ ਦਾ ਉਨ੍ਹਾਂ ਦੇ ਭਰਪੂਰ ਸਮਰਥਨ ਲਈ ਧੰਨਵਾਦ ਕੀਤਾ ਅਤੇ ਸਾਰੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ‘ਆਪ’ ਪੰਜਾਬ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਕੰਮ ਕਰਨਾ ਜਾਰੀ ਰੱਖੇਗੀ।