ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸਮਾਗਮ ਮੌਕੇ ਸਟਾਫ ਤੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰ ਜੱਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਇਕ ਮਹਾਨ ਗੁਰੂ, ਕਵੀ, ਭਗਤ ਤੇ ਸੂਰਬੀਰ ਸਨ, ਜਿਨ੍ਹਾਂ ਨੇ ਔਰੰਗਜ਼ੇਬ ਨੂੰ ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਉਣ ਤੋਂ ਰੋਕਦਿਆਂ ਮਹਾਨ ਸ਼ਹਾਦਤ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਗਏ ਮਹਾਨ ਬਲਿਦਾਨ ਕਾਰਨ ‘ਹਿੰਦ ਦੀ ਚਾਦਰ’ ਦਾ ਮਹਾਨ ਰੁਤਬਾ ਪ੍ਰਾਪਤ ਹੋਇਆ।ਕਿਉਂਕਿ ਆਪ ਜੀ ਦੇ ਮਹਾਨ ਬਲਿਦਾਨ ਸਦਕਾ ਹੀ ਜਾਲਮ ਹਾਕਮਾਂ ਦੇ ਜਬਰ ਦਾ ਸ਼ਿਕਾਰ ਹੋ ਰਹੇ ਲੋਕ ਆਪਣੇ ਹੱਕਾਂ ਦੀ ਰਾਖੀ ਲਈ ਕੁਰਬਾਨੀਆਂ ਦੇਣ ਲਈ ਤਿਆਰ ਹੋ ਗਏ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਰਚਨਾਵਾਂ ’ਚ ਕਾਦਰ, ਕੁਦਰਤ, ਮਨੁੱਖੀ ਸਬੰਧ ਤੇ ਵਿਰਾਗ ਦਾ ਅਤਿ ਖੂਬਸੂਰਤ ਢੰਗ ਨਾਲ਼ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਸਮੂੰਹ ਮਨੁੱਖਤਾ ਨੂੰ ਮਾਨਵਵਾਦੀ ਕਦਰਾਂ—ਕੀਮਤਾਂ ਨੂੰ ਸਥਾਪਿਤ ਕਰਨ ਸਬੰਧੀ ਪ੍ਰੇਰਿਤ ਕਰਦੀ ਹੈ।ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਜੀਵਨ ’ਚ ਅਪਨਾਉਂਦਿਆਂ ਹੋਇਆ ਮਿਹਨਤ, ਇਮਾਨਦਾਰੀ, ਲਗਨ ਅਤੇ ਮਜ਼ਲੂਮਾਂ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦਿਆਂ ਮਿੱਥੇ ਟੀਚੇ ਨੂੰ ਪ੍ਰਾਪਤ ਪ੍ਰੇਰਿਆ।ਇਸ ਮੌਕੇ ਵਿਦਿਆਰਥਣਾਂ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨੂੰ ਦਰਸਾਉਂਦੀ ਮਹੱਤਵਪੂਰਨ ਪਹਿਲੂਆਂ ਸਬੰਧੀ ਤਿਆਰ ਕੀਤੇ ਗਏ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥਣਾਂ ਹਾਜ਼ਰ ਸਨ।