ਮਾਨਸਾ- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜਿਨ੍ਹਾਂ ਸੜਕਾਂ, ਹਾਈਵੇਅਜ਼ ਉਪਰ ਸਕੂਲ ਸਥਿਤ ਹਨ, ਉਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ ਸਵੇਰੇ 09:30 ਅਤੇ ਬਾਅਦ ਦੁਪਹਿਰ 02:45 ਵਜੇ ਤੋਂ 04:30 ਵਜੇ ਤੱਕ ਨਿਰਧਾਰਿਤ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਜੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਜਿਨ੍ਹਾਂ ਸੜਕਾਂ ਉਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਖੁੱਲਣ ਅਤੇ ਛੁੱਟੀ ਸਮੇਂ ਟਿੱਪਰਾਂ ਦੇ ਲੰਘਣ ਦਾ ਸਮਾਂ ਨਿਰਧਾਰਿਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।