ਨਵੀਂ ਦਿੱਲੀ- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਤਖ਼ਤ ਪਟਨਾ ਸਾਹਿਬ ਕਮੇਟੀ, ਬਿਹਾਰ ਸਰਕਾਰ ਅਤੇ ਸਾਧ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਆਰਿਫ਼ ਮੁਹੰਮਦ ਖਾਨ ਸਮੇਤ ਅਨੇਕ ਸਨਮਾਨਿਤ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾ, ਕਿਰਪਾਨ ਅਤੇ ਯਾਦਗਾਰ ਚਿੰਨ੍ਹ ਭੇਟ ਕੀਤਾ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਤਖ਼ਤ ਸਾਹਿਬ ਦੀ ਮੈਗਜ਼ੀਨ ‘ਗੋਬਿੰਦ ਪ੍ਰਕਾਸ਼’ ਅਤੇ ਰਾਜਪਾਲ ਆਰਿਫ਼ ਮੁਹੰਮਦ ਖਾਨ ਵੱਲੋਂ ਕੈਲੰਡਰ ਅਤੇ ਸਿੱਖ ਜੰਤਰੀ ਦਾ ਵਿਮੋਚਨ ਕੀਤਾ ਗਿਆ। ਇਸ ਮੌਕੇ ‘ਤੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ, ਹਰਪਾਲ ਸਿੰਘ ਜੋਹਲ, ਜਸਬੀਰ ਸਿੰਘ ਧਾਮ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਹਾਜ਼ਰ ਰਹੇ। ਸ. ਜਗਜੋਤ ਸਿੰਘ ਸੋਹੀ ਅਤੇ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ 25 ਤੋਂ 27 ਦਸੰਬਰ ਤੱਕ ਪ੍ਰਕਾਸ਼ ਪੁਰਬ ਮਨਾਏ ਗਏ, ਜਿਸ ਦੌਰਾਨ ਪ੍ਰਭਾਤ ਫੇਰੀ, ਨਗਰ ਕੀਰਤਨ, ਗੁਰਮਤਿ ਸਮਾਗਮ ਆਦਿ ਕਰਵਾਏ ਗਏ, ਜਿਨ੍ਹਾਂ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਹਿੱਸਾ ਲਿਆ। ਬੀਤੇ 15 ਤਾਰੀਖ ਨੂੰ ਪ੍ਰਭਾਤ ਫੇਰੀ ਨਾਲ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਹੋਈ ਸੀ ਅਤੇ ਅੱਜ ਪ੍ਰਕਾਸ਼ ਪੁਰਬ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਸੰਗਤ ਲਈ ਰਹਾਇਸ਼, ਟ੍ਰਾਂਸਪੋਰਟ, ਲੰਗਰ, ਸੁਰੱਖਿਆ ਆਦਿ ਦੇ ਪੱਕੇ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਮੁੱਖ ਸਮਾਗਮ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਪਹੁੰਚੇ। ਇਸ ਤੋਂ ਪਹਿਲਾਂ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਪਹੁੰਚ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਉਨ੍ਹਾਂ ਵੱਲੋਂ ਮੰਗਲ ਤਾਲਾਬ ਵਿੱਚ 10 ਹਜ਼ਾਰ ਗਜ਼ ਜ਼ਮੀਨ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਲਈ ਦਿੱਤੀ ਗਈ ਹੈ, ਜਿਸ ‘ਤੇ ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ ਦੇ ਸਹਿਯੋਗ ਨਾਲ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਖੋਲ੍ਹਿਆ ਜਾਵੇਗਾ, ਜਿੱਥੇ ਬਾਜ਼ਾਰ ਨਾਲੋਂ ਕਾਫ਼ੀ ਘੱਟ ਦਰਾਂ ‘ਤੇ ਇਹ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਦੂਜੇ ਚਰਨ ਵਿੱਚ ਕੈਂਸਰ ਨਿਰੋਧਕ ਸੈਂਟਰ ਵੀ ਖੋਲ੍ਹਿਆ ਜਾਵੇਗਾ। ਇਸ ਕਾਰਜ ਦਾ ਪੂਰਾ ਸੇਹਰਾ ਗੁਰਿੰਦਰ ਸਿੰਘ ਬਾਵਾ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਥਕ ਮਿਹਨਤ ਨਾਲ ਹੀ ਇਹ ਕਾਰਜ ਸੰਭਵ ਹੋ ਰਿਹਾ ਹੈ।