ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬੰਸਦਾਨੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਦੀਵਾਨ ਸਜਾਏ ਗਏ ਤੇ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਹੋਇਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਤੋਂ ਵੱਡਾ ਦਾਨੀ ਇਸ ਦੁਨੀਆਂ ਵਿਚ ਹੋਰ ਕੋਈ ਨਹੀਂ ਹੋਇਆ। ਉਹਨਾਂ ਨੇ ਆਪਣੇ ਪਿਤਾ ਸਮੇਤ ਆਪਣਾ ਸਰਬੱਤ ਪਰਿਵਾਰ ਕੌਮ ਵਾਸਤੇ ਵਾਰ ਦਿੱਤਾ ਜਿਸ ਕਾਰਨ ਉਹਨਾਂ ਨੂੰ ਸਰਬੰਸਦਾਨੀ ਆਖਿਆ ਜਾਂਦਾ ਹੈ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ 1699 ਵਿਚ ਵਿਸਾਖੀ ਦੇ ਮੌਕੇ ’ਤੇ ਖਾਲਸਾ ਪੰਥ ਦੀ ਸਾਜਣਾ ਕਰ ਕੇ ਦੁਨੀਆਂ ਨੂੰ ਨਿਆਰਾ ਪੰਥ ਦਿੱਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਭ ਕੁਝ ਵਾਰ ਕੇ ਵੀ ਕੋਈ ਪਛਤਾਵਾ ਨਹੀਂ ਕੀਤਾ ਸਗੋਂ ਖਾਲਸਾ ਪੰਥ ਨੂੰ ਸਰਦਾਰੀਆਂ ਬਖਸ਼ੀਆਂ ਜਿਹਨਾਂ ਦਾ ਕੋਈ ਮੁੱਲ ਨਹੀਂ ਹੈ ਪਰ ਇਸ ਨਿਆਰੇ ਪੰਥ ਨੂੰ ਢਾਹ ਲਾਉਣ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਹਮੇਸ਼ਾ ਪੰਥ ਤੇ ਕੌਮ ਦੀ ਚੜ੍ਹਦੀਕਲਾ ਦੀ ਗੱਲ ਕੀਤੀ ਭਾਵੇਂ ਇਸ ਵਾਸਤੇ ਉਹਨਾਂ ਆਪਣੇ ਪਿਤਾ ਤੇ ਆਪਣੇ ਪੁੱਤਰਾਂ ਨੂੰ ਵੀ ਵਾਰ ਦਿੱਤਾ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਜਿਸ ਦਿਨ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ, ਉਸੇ ਦਿਨ ਉਹਨਾਂ ਦਾ ਪ੍ਰਕਾਸ਼ ਦਿਹਾੜਾ ਵੀ ਸੀ। ਉਹਨਾਂ ਕਿਹਾ ਕਿ ਇਸ ਵਾਰ ਵੀ ਸੰਗਤ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਗਿਆ ਤੇ ਕੌਮ ਵਿਚ ਦੁਬਿਧਾ ਪੈਦਾ ਕਰਨ ਦਾ ਯਤਨ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਵਾਰ ਵੀ ਦੋ-ਦੋ ਸੰਗਰਾਂਦਾ ਤੇ ਦੋ-ਦੋ ਗੁਰਪੁਰਬ ਮਨਾਉਣ ਵਾਲਿਆਂ ਨੇ ਆਪਣੇ ਵੱਲੋਂ ਸੰਗਤ ਵਿਚ ਦੁਬਿਧਾ ਪੈਦਾ ਕਰਨ ਵਾਸਤੇ ਪੂਰੀ ਵਾਹ ਲਗਾਈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਅੱਜ ਹੈ ਜਿਸ ਦਿਨ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਵੀ ਕੌਮ ਮਨਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਦੁਬਿਧਾ ਵਿਚ ਪੈ ਗਏ ਤਾਂ ਸਾਨੂੰ ਆਪਣਾ ਇਤਿਹਾਸ ਬਦਲਣਾ ਪਵੇਗਾ ਤੇ ਬਹੁਤ ਕੁਝ ਤਬਦੀਲ ਹੋ ਜਾਵੇਗਾ ਜਿਸਦਾ ਬਹੁਤ ਵੱਡਾ ਨੁਕਸਾਨ ਕੌਮ ਨੂੰ ਹੋ ਸਕਦਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਬਹੁਤ ਵੱਡੇ ਉਪਰਾਲੇ ਕੀਤੇ ਹਨ ਜਿਸ ਤਹਿਤ 350 ਸਾਲਾ ਸ਼ਹੀਦੀ ਦਿਹਾੜਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਇਸ ਤਰੀਕੇ ਮਨਾਇਆ ਗਿਆ ਕਿ ਲਾਲ ਕਿਲ੍ਹੇ ਦੇ ਮੈਦਾਨ ’ਤੇ ਵੱਡਾ ਇਤਿਹਾਸ ਸਿਰਜਿਆ ਗਿਆ। ਉਹਨਾਂ ਕਿਹਾ ਕਿ ਅਸੀਂ ਫੈਸਲਾ ਲਿਆ ਸੀ ਕਿ ਸਾਰਾ ਸਾਲ ਸਮਾਗਮ ਚੱਲਣਗੇ ਤੇ ਇਹ ਚਲ ਰਹੇ ਹਨ। 'ਵੀਰ ਬਾਲ ਦਿਵਸ’ ਦੀ ਗੱਲ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਜਾਣਕਾਰੀ ਦੇਸ਼ ਤੇ ਦੁਨੀਆਂ ਵਿਚ ਪਹੁੰਚਾਉਣ ਦਾ ਹੀਲਾ ਕੇਂਦਰ ਸਰਕਾਰ ਨੇ ਕੀਤਾ ਤੇ ਇਹ ਦਿਨ ’ਵੀਰ ਬਾਲ ਦਿਵਸ’ ਦੇ ਰੂਪ ਵਿਚ ਮਨਾਉਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਅੱਜ ਜਿਹੜੇ ਲੋਕ ਇਸ ਨਾਮ ਦਾ ਵਿਰੋਧ ਕਰ ਰਹੇ ਹਨ, ਉਹ ਜਦੋਂ ਤੱਕ ਕੇਂਦਰ ਵਿਚ ਸੱਤਾ ਵਿਚ ਭਾਈਵਾਲ ਸਨ ਤਾਂ ਉਦੋਂ ਤੱਕ ਤਾਂ ਕੋਈ ਇਤਰਾਜ਼ ਨਹੀਂ ਸੀ ਪਰ ਜਦੋਂ ਸੱਤਾ ਦੀ ਭਾਈਵਾਲੀ ਖ਼ਤਮ ਹੋ ਗਈ ਤਾਂ ਹੁਣ ਵਿਰੋਧ ਕਰ ਕੇ ਕੌਮ ਵਿਚ ਦੁਬਿਧਾ ਪੈਦਾ ਕੀਤੀ ਜਾ ਰਹੀ ਹੈ।