ਸ੍ਰੀ ਅੰਮ੍ਰਿਤਸਰ-ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰ ਸ. ਤਰੁਣਪ੍ਰੀਤ ਸਿੰਘ ਸੋਂਦ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ 5 ਜਨਵਰੀ 2026 ਨੂੰ ਤਲਬ ਕੀਤਾ ਹੈ।
ਇਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੱਤਰ ਸਬੰਧਤਾਂ ਨੂੰ ਉਨ੍ਹਾਂ ਦੀਆਂ ਅਧਿਕਾਰਤ ਈ-ਮੇਲਾਂ ਉੱਤੇ ਭੇਜ ਦਿੱਤੇ ਗਏ ਹਨ। ਸਕੱਤਰੇਤ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੋਂਦ ਪਾਸੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਤਿਆਰ ਕੀਤੀਆਂ ਗਈਆਂ ਤਸਵੀਰਾਂ ਵਿੱਚ ਸਿੱਖ ਸਿਧਾਂਤਾਂ, ਮਰਯਾਦਾ ਅਤੇ ਭਾਵਨਾਵਾਂ ਦੇ ਵਿਰੁੱਧ ਪੇਸ਼ਕਾਰੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ। ਸ. ਸੋਂਦ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਮੱਦੇਨਜ਼ਰ ਹੋਰ ਸਮੇਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਣ ਉਨ੍ਹਾਂ ਨੂੰ 5 ਜਨਵਰੀ ਨੂੰ ਸਵੇਰੇ 10.00 ਵਜੇ ਨਿੱਜੀ ਰੂਪ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸਪੱਸ਼ਟੀਕਰਨ ਪੇਸ਼ ਕਰਨ ਦਾ ਆਦੇਸ਼ ਕੀਤਾ ਗਿਆ ਹੈ।
ਸ. ਬਗੀਚਾ ਸਿੰਘ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਮਿਤੀ 25 ਅਕਤੂਬਰ 2025 ਨੂੰ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਜਿਸ ਉੱਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੋਕ ਲਗਾਈ ਗਈ ਸੀ, ਪਰੰਤੂ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਆਦੇਸ਼ ਦੀ ਉਲੰਘਣਾ ਕਰਦਿਆਂ ਇਜਲਾਸ ਜਾਰੀ ਰੱਖਿਆ ਗਿਆ। ਇਸ ਲਈ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਕੱਤਰ ਨੂੰ 5 ਜਨਵਰੀ ਨੂੰ ਸਵੇਰੇ 11 ਵਜੇ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 25 ਅਕਤੂਬਰ 2025 ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਅਧਿਕਾਰਤ ਈ-ਮੇਲ ’ਤੇ ਰੋਕ ਸਬੰਧੀ ਪੱਤਰ ਭੇਜਿਆ ਗਿਆ ਸੀ, ਜੋ ਸੰਸਥਾ ਵੱਲੋਂ ਆਪਣੀ ਮੇਲ ਬੰਦ ਕੀਤੀ ਹੋਣ ਕਰਕੇ ਨਹੀਂ ਪਹੁੰਚਿਆ । ਉਪਰੰਤ ਭਾਈ ਮਨਵੀਤ ਸਿੰਘ, ਇੰਚਾਰਜ ਸਿੱਖ ਮਿਸ਼ਨ ਦਿੱਲੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਸ. ਜਤਿੰਦਰ ਸਿੰਘ, ਮੈਂਬਰ ਦਿੱਲੀ ਕਮੇਟੀ ਦੀ ਮੌਜੂਦਗੀ ਵਿੱਚ ਦਸਤੀ ਤੌਰ ’ਤੇ ਭੇਜਣ ਦੀ ਕੋਸ਼ਿਸ਼ ਕੀਤੀ ਗਈ, ਪਰੰਤੂ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਪੱਤਰ ਹਾਸਲ ਕਰਨ ਤੋਂ ਇਨਕਾਰ ਕੀਤਾ ਗਿਆ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਦੀ ਉਲੰਘਣਾ ਹੈ।
ਸ. ਬਗੀਚਾ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਪਾਸੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਸਮੇਂ ਹੋਏ ਆਦੇਸ਼ ਦੀ ਰੋਸ਼ਨੀ ਵਿੱਚ ਇਹ ਜਾਣਕਾਰੀ ਮੰਗੀ ਗਈ ਸੀ ਕਿ ਉਨ੍ਹਾਂ ਦੇ ਕਿਹੜੇ ਮੈਂਬਰ ਅੰਮ੍ਰਿਤਧਾਰੀ ਹਨ ਅਤੇ ਕਿਹੜੇ ਨਹੀਂ ਹਨ, ਪਰੰਤੂ ਉਨ੍ਹਾਂ ਵੱਲੋਂ ਭੇਜੀ ਜਾਣਕਾਰੀ ਅਸਪੱਸ਼ਟ ਹੈ। ਇਸ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਨੂੰ ਯੋਗ ਸਮਾਂ ਦੇਣ ਦੇ ਬਾਵਜੂਦ ਵੀ ਸਪੱਸ਼ਟ ਜਵਾਬ ਨਹੀਂ ਪੁੱਜਾ, ਜਿਸ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ਼ ਖ਼ਾਲਸ ਦੀਵਾਨ ਦੇ ਪ੍ਰਧਾਨ ਨੂੰ 5 ਜਨਵਰੀ ਨੂੰ ਸਵੇਰੇ 10:30 ਵਜੇ ਨਿੱਜੀ ਤੌਰ ਅੰਮ੍ਰਿਤਧਾਰੀ ਅਤੇ ਗੈਰ ਅੰਮ੍ਰਿਤਧਾਰੀ ਮੈਂਬਰਾਂ ਦੀ ਸੂਚੀ ਲੈ ਕੇ ਪਹੁੰਚਣ ਦਾ ਆਦੇਸ਼ ਕੀਤਾ ਗਿਆ ਹੈ।