ਹਰੀਕੇ - ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਕਾਰਜਕਾਰਨੀ ਅਤੇ 13 ਮੈਂਬਰੀ ਐਗਜ਼ੀਕਿਉਟਿਵ ਕਮੇਟੀ ਦੀ ਇਕ ਅਹਿਮ ਮੀਟਿੰਗ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਪਾਰਟੀ ਦੀ ਪਹਿਲੀ ਵਰ੍ਹੇਗੰਢ ਮਨਾਉਣ ਸਬੰਧੀ ਚਰਚਾ ਕੀਤੀ ਗਈ ਅਤੇ ਇਸ ਮੌਕੇ ‘ਤੇ ਪੰਜਾਬ ਭਰ ਵਿੱਚ ਪਾਰਟੀ ਦੇ ਸੰਗਠਨ ਮਜ਼ਬੂਤ ਕਰਨ ਲਈ ਖ਼ਾਸ ਪ੍ਰੋਗਰਾਮ ਉਲੀਕਣ ‘ਤੇ ਸਹਿਮਤੀ ਬਣੀ। ਮੀਟਿੰਗ ਵਿੱਚ ਪਾਰਟੀ ਦੇ ਸੰਸਥਾਪਕ ਆਗੂ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲਾਗੂ ਕੀਤੇ ਗਏ ਐਨਐਸਏ ਅਤੇ ਹੋਰ ਪੰਜਾਬ ਵਿਰੋਧੀ ਕਾਨੂੰਨਾਂ ਦੀ ਤਿੱਖੀ ਨਿੰਦਿਆ ਕੀਤੀ ਗਈ ਅਤੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਆੜ ਹੇਠ ਪੰਜਾਬ ਦੀ ਆਵਾਜ਼ ਨੂੰ ਦਬਾਉਣਾ ਕੱਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ, ਨੌਜਵਾਨਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਅਗਲੇ ਸੰਘਰਸ਼ੀ ਕਦਮ ਚੁੱਕਣ ਅਤੇ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰਨ ‘ਤੇ ਵੀ ਅਹਿਮ ਫੈਸਲੇ ਲਏ ਗਏ। ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਦੁਹਰਾਇਆ ਕਿ ਪਾਰਟੀ ਸਿੱਖ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਸਰਬੱਤ ਦੇ ਭਲੇ ਲਈ ਆਪਣੀ ਲੜਾਈ ਅਡੋਲਤਾ ਨਾਲ ਜਾਰੀ ਰੱਖੇਗੀ ਅਤੇ ਕਿਸੇ ਵੀ ਕੀਮਤ ‘ਤੇ ਸੱਚ ਤੇ ਇਨਸਾਫ਼ ਤੋਂ ਪਿੱਛੇ ਨਹੀਂ ਹਟੇਗੀ। ਇਸ ਮੀਟਿੰਗ ਵਿੱਚ ਬਾਪੂ ਤਰਸੇਮ ਸਿੰਘ ਜੀ ਤੋਂ ਇਲਾਵਾ ਮੁੱਖ ਤੌਰ ਤੇ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਕਾਬਲ ਸਿੰਘ, ਸ੍ਰ ਬਾਬੂ ਸਿੰਘ ਬਰਾੜ, ਐਡਵੋਕੇਟ ਹਰਪਾਲ ਸਿੰਘ ਖਾਰਾ, ਸ੍ਰ ਪ੍ਰਿਥੀਪਾਲ ਸਿੰਘ ਜੀ, ਸ੍ਰ ਸੁਰਜੀਤ ਸਿੰਘ, ਬੀਬੀ ਸਤਨਾਮ ਕੌਰ ਜੀ, ਭਾਈ ਜਸਕਰਨ ਸਿੰਘ ਜੀ ਕਾਹਨਸਿੰਘ ਵਾਲਾ, ਚਾਚਾ ਪ੍ਰਗਟ ਸਿੰਘ ਜੀ ਅਤੇ ਭਾਈ ਜਸਵਿੰਦਰ ਸਿੰਘ ਬਾਦਲ ਹਾਜਰ ਸਨ।