ਨਵੀਂ ਦਿੱਲੀ - ਪਿਛਲੇ ਕਈ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਸਾਬ ਨਾ ਰੱਖਣ ਸੰਬੰਧੀ ਚਰਚਾ ਹੁੰਦੀ ਆ ਰਹੀ ਹੈ। ਸਾਡੇ ਆਪਣੇ ਧਾਰਮਿਕ ਆਗੂ ਹੀ ਬਿਆਨ ਬਾਜ਼ੀ ਕਰ ਰਹੇ ਹਨ ਜਦ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਆਪਣੇ ਸਟਾਫ ਉੱਤੇ ਕਾਰਵਾਈ ਕਰ ਚੁੱਕੀ ਹੈ। ਪੰਜਾਬ ਦੀ ਸਰਕਾਰ ਵੱਲੋਂ ਹੁਣ ਫਿਰ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਸਿਰਫ ਰਾਜਨੀਤੀ ਤਹਿਤ ਪੰਜਾਬ ਦੀਆਂਂ ਸਮੱਸਿਆਵਾਂ ਤੋਂ ਧਿਆਨ ਹਟਾਉਣ ਲਈ ਦਰਜ ਕੀਤਾ ਗਿਆ ਹੈ। ਪੰਜਾਬ ਸਰਕਾਰ ਨੂੰ ਨਸ਼ਿਆਂ, ਰਿਸ਼ਵਤ, ਫਿਰੌਤੀਆਂ, ਗੈਂਗਸਟਰਾਂ ਵੱਲੋਂ ਲੋਕਾਂ ਨੂੰ ਬਲੈਕਮੇਲ ਕਰਕੇ ਵਸੂਲੀਆਂ ਕਰਨ ਤੋਂ ਰੋਕਣ ਲਈ ਧਿਆਨ ਦੇਣਾ ਚਾਹੀਦਾ ਹੈ। ਸਿੰਘ ਸਭਾ ਗੁਰਦੁਆਰਾ ਡਰਬੀ ਦੇ ਮੁੱਖ ਸੇਵਾਦਾਰ ਰਘਬੀਰ ਸਿੰਘ ਅਤੇ ਜਨਰਲ ਸਕੱਤਰ ਰਾਜਿੰਦਰ ਸਿੰਘ ਪੁਰੇਵਾਲ ਨੇ ਇਹ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਂ ਵਿੱਚ 22 ਹਜਾਰ ਦੇ ਕਰੀਬ ਸਟਾਫ ਕੰਮ ਕਰਦਾ ਹੈ। ਜਿਨ੍ਹਾਂ ਕੰਮ ਕਰਨ ਵਾਲਿਆਂ ਨੇ ਗਲਤੀ ਕੀਤੀ ਸੀ, ਸ਼੍ਰੋਮਣੀ ਕਮੇਟੀ ਉਹਨਾਂ ਖਿਲਾਫ ਕਾਰਵਾਈ ਕਰ ਚੁੱਕੀ ਹੈ । ਉਹਨਾਂ ਕਿਹਾ ਕਿ ਇਸ ਮੁੱਦੇ ਤੇ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ। ਸਾਰੀਆਂ ਸੰਸਥਾਵਾਂ ਸਤਿਕਾਰ ਯੋਗ ਹਨ, ਉਹਨਾਂ ਨੂੰ ਪੰਜਾਬ ਦੇ ਭਲੇ ਲਈ ਲਾਮਬੰਦ ਹੋਣਾ ਚਾਹੀਦਾ ਹੈ।