ਨਵੀਂ ਦਿੱਲੀ - ਪੰਜਾਬ ਵਿੱਚ ਬੀਤੇ ਸਮੇਂ ਚਰਚਾ ਵਿਚ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸਥਾਨਕ ਅਧਿਕਾਰੀਆਂ ਵਲੋਂ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ । ਜਿਕਰਯੋਗ ਹੈ ਕਿ ਸੋਸ਼ਲ ਮੀਡੀਆ ਤੇ ਗੰਦੀਆਂ ਹਰਕਤਾਂ ਪਾਉਣ ਵਾਲੀ ਕਮਲ ਭਾਬੀ ਦਾ ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਕਤਲ ਕਰਵਾਉਣ ਦਾ ਕੇਸ ਦਰਜ਼ ਹੋਇਆ ਸੀ ਪਰ ਅੰਮ੍ਰਿਤਪਾਲ ਸਿੰਘ ਮਹਿਰੋਂ ਇਹ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਦੇਸ਼ ਤੋਂ ਬਾਹਰ ਚਲਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸਥਾਨਕ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਿਆਂਦੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਸ਼ਾਰਜਾਹ ਪੁਲਿਸ ਨੇ ਅਚਨਚੇਤ ਕੀਤੀ ਗਈ ਕਾਰਵਾਈ ਦੌਰਾਨ ਮਹਿਰੋਂ ਨੂੰ ਵੀਜ਼ਾ ਦੀ ਜਾਂਚ ਪੜਤਾਲ ਦੌਰਾਨ ਗ੍ਰਿਫਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਉਸਦੀ ਪਛਾਣ ਅਤੇ ਗਤੀਵਿਧੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਸਨੂੰ ਹਿਰਾਸਤ ਵਿੱਚ ਰੱਖਣ ਦਾ ਫ਼ੈਸਲਾ ਲਿਆ। ਖ਼ਬਰਾਂ ਮੁਤਾਬਕ ਕਾਨੂੰਨੀ ਕਾਰਵਾਈ ਮਗਰੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਥੇ ਦੱਸਣਯੋਗ ਹੈ ਕਿ ਬਠਿੰਡਾ ਜ਼ਿਲ੍ਹਾ ਅਦਾਲਤ ਨੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕੰਚਨ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋ ਕੇ ਕਾਨੂੰਨੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸੰਯੁਕਤ ਅਰਬ ਅਮੀਰਾਤ ਵਿੱਚ ਛਿਪੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ ਰਣਜੀਤ ਸਿੰਘ ‘ਤੇ ਮਹਿਰੋਂ ਨੂੰ ਦੇਸ਼ ਤੋਂ ਫਰਾਰ ਕਰਾਉਣ ਵਿੱਚ ਮਦਦ ਕਰਨ ਦਾ ਇਲਜ਼ਾਮ ਹੈ। ਪੁਲਿਸ ਅਨੁਸਾਰ, ਕੰਚਨ ਕੁਮਾਰੀ ਦਾ 9 ਅਤੇ 10 ਜੂਨ ਦੀ ਰਾਤ ਨੂੰ ਕਥਿਤ ਤੌਰ ‘ਤੇ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਦੋ ਨਿਹੰਗ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਹੱਤਿਆਕਾਂਡ ਨੂੰ ‘ਅਣਅਧਿਕਾਰਤ ਨੈਤਿਕ ਪੁਲਿਸਿੰਗ‘ ਦਾ ਮਾਮਲਾ ਦੱਸਿਆ ਹੈ।