ਨਵੀਂ ਦਿੱਲੀ - ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ ਪੈਰੋਲ ਦੇ ਦਿੱਤੀ ਗਈ ਹੈ ਜੋ ਕਿ ਸਿੱਖ ਹਿਰਦਿਆਂ ਲਈ ਭਾਰੀ ਠੇਸ ਦੀ ਗੱਲ ਹੈ ਕਿਉਕਿ ਡੇਰਾ ਮੁੱਖੀ ਕਤਲ ਅਤੇ ਜਬਰਜਿੰਨ੍ਹਾਹ ਦੇ ਗੰਭੀਰ ਦੋਸ਼ਾਂ ਦੇ ਨਾਲ ਦਸਮ ਪਾਤਸ਼ਾਹ ਦੇ ਸਵਾਂਗ ਰਚਣ ਦਾ ਵੀ ਦੋਸ਼ੀ ਹੈ । ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਕੀਤੇ ਦੀ ਸਜ਼ਾ ਅਦਾਲਤ ਵੱਲੋਂ ਦਿੱਤੀ ਗਈ ਹੈ। ਸਰਕਾਰਾਂ ਦੀ ਰਹਿਮ ਦਿਲੀ ਅਤੇ ਨਰਮ ਰਵੱਈਆ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਰਹੀਆਂ ਹਨ। ਉਨ੍ਹਾਂ ਗੁੱਸਾ ਜਤਾਉਂਦਿਆਂ ਕਿਹਾ ਕਿ "ਇੱਕ ਪਾਸੇ ਸਿੱਖ ਕੈਦੀ, ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜਦਕਿ ਦੂਜੇ ਪਾਸੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ 'ਤੇ ਛੱਡਿਆ ਜਾ ਰਿਹਾ ਹੈ"। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਦੋਹਰਾ ਮਾਪਦੰਡ ਵਰਤ ਰਹੀ ਹੈ ਅਤੇ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਰਾਮ ਰਹੀਮ ਨੂੰ ਲਗਾਤਾਰ ਪੈਰੋਲ ਕਿਉਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਵੱਲੋਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦਾ ਵਿਰੋਧ ਕੀਤਾ ਜਾਂਦਾ ਹੈ, ਪਰ ਫਿਰ ਵੀ ਸਰਕਾਰਾਂ ਉਸ ਨੂੰ ਪੈਰੋਲ ਦੇ ਰਹੀਆਂ ਹਨ। ਜਦ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ਕਾਰਨ ਸੂਬਾ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਉਨ੍ਹਾਂ ਦਸਿਆ ਕਿ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਹਾਈਕੋਰਟ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਬਿਨਾਂ ਇਜਾਜ਼ਤ ਦੇ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾਣੀ ਚਾਹੀਦੀ। ਬਾਅਦ ਵਿੱਚ ਹਾਈ ਕੋਰਟ ਨੇ ਵੀ ਪੈਰੋਲ ਜਾਂ ਫਰਲੋ ਦੀ ਜ਼ਿੰਮੇਵਾਰੀ ਸੂਬਾ ਸਰਕਾਰ ’ਤੇ ਛੱਡ ਦਿੱਤੀ ਸੀ, ਦੇ ਬਾਵਜੂਦ ਪੈਰੋਲ ਦੇਣਾ ਨਿੰਦਾਜਨਕ ਹੈ ਜਿਸਦਾ ਅਸੀਂ ਵਿਰੋਧ ਕਰਦੇ ਹਾਂ ।