ਚੰਡੀਗੜ੍ਹ -ਪੰਜਾਬੀ ਗਾਇਕ ਅਤੇ ਸੱਭਿਆਚਾਰਕ ਪ੍ਰਤੀਨਿਧੀ ਸ੍ਰੀ ਗੁਰਦਾਸ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ, ਦੋਵਾਂ ਵੱਲੋਂ ਸਮਾਜ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ, ਜਿਸ ਦੇ ਸੂਬੇ ਦੇ ਨੌਜਵਾਨਾਂ 'ਤੇ ਮਾੜੇ ਤੇ ਵਿਨਾਸ਼ਕਾਰੀ ਪ੍ਰਭਾਵ ਪੈ ਰਹੇ ਹਨ।
ਇਸ ਗੰਭੀਰ ਵਿਸ਼ੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਰਾਜਪਾਲ ਨੇ ਪੰਜਾਬ ਵਿੱਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ।
ਸ੍ਰੀ ਕਟਾਰੀਆ ਨੇ ਸ੍ਰੀ ਗੁਰਦਾਸ ਮਾਨ ਨੂੰ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਵਿਦਿਅਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ, ਗੈਰ-ਸਰਕਾਰੀ ਸੰਗਠਨਾਂ, ਖਿਡਾਰੀਆਂ, ਸਿਆਸੀ ਸੰਗਠਨਾਂ ਅਤੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇੱਕ ਨਿਰੰਤਰ ਜਨਤਕ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਰਾਜਪਾਲ ਨੇ ਨਿੱਜੀ ਤੌਰ 'ਤੇ ਜ਼ਮੀਨੀ ਪੱਧਰ 'ਤੇ ਸੂਬੇ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਵਿਆਪਕ ਪੈਦਲ ਯਾਤਰਾਵਾਂ ਵੀ ਕੀਤੀਆਂ ਹਨ, ਜਿਸ ਵਿੱਚ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਖੇ ਛੇ ਦਿਨਾਂ ਅਤੇ ਜਲੰਧਰ ਜ਼ਿਲ੍ਹੇ ਨੂੰ ਦੋ ਦਿਨਾਂ ਵਿੱਚ ਕਵਰ ਕੀਤਾ ਗਿਆ, ਇਸ ਯਾਤਰਾ ਦਾ ਉਦੇਸ਼ ਜਨਤਕ ਸਮਰਥਨ ਜੁਟਾਉਣਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ।
ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਲੋਕਾਂ ਦਾ ਸਮਰਥਨ ਜੁਟਾਉਣ ਵਿੱਚ ਕਲਾ, ਸੱਭਿਆਚਾਰ ਅਤੇ ਪ੍ਰਭਾਵੀ ਸ਼ਖਸੀਅਤਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਸ੍ਰੀ ਗੁਰਦਾਸ ਮਾਨ ਨੂੰ ਇਸ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਲਾਹਣਤ ਤੋਂ ਦੂਰ ਰਹਿਣ ਲਈ ਸਿੱਖਿਅਤ ਅਤੇ ਪ੍ਰੇਰਿਤ ਕਰਨ ਲਈ ਦੀ ਅਪੀਲ ਕੀਤੀ।
ਇਸ ਨੇਕ ਕਾਰਜ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਗੁਰਦਾਸ ਮਾਨ ਨੇ ਰਾਜਪਾਲ ਨੂੰ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਜਾਗਰੂਕਤਾ ਮਾਰਚਾਂ ਵਿੱਚ ਹਿੱਸਾ ਲੈਣ ਲਈ ਆਪਣੇ ਪੁਰਜ਼ੋਰ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਉਹ ਇੱਕ ਸਿਹਤਮੰਦ, ਨਸ਼ਾ ਮੁਕਤ ਪੰਜਾਬ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਵਿਆਪਕ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣਗੇ।
ਸਕਾਰਾਤਮਕਤਾ ਨਾਲ ਸਮਾਪਤ ਹੋਈ ਇਹ ਮੀਟਿੰਗ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦੀ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਸੂਬੇ ਦੇ ਨੌਜਵਾਨਾਂ ਲਈ ਇੱਕ ਬਿਹਤਰ ਭਵਿੱਖ ਸੁਰੱਖਿਅਤ ਕਰਨ ਵਾਸਤੇ ਸਮੂਹਿਕ ਕਾਰਵਾਈ ਅਤੇ ਸਮਾਜਿਕ ਭਾਗੀਦਾਰੀ ਦੀ ਵਿਸ਼ੇਸ਼ ਲੋੜ ਹੈ।