ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ, ਏ-ਬਲਾਕ, ਕਾਲਕਾ ਜੀ ਵੱਲੋਂ ਬੜੀ ਸ਼ਰਧਾ, ਉਤਸ਼ਾਹ ਨਾਲ ਮਹਾਨ ਨਗਰ ਕੀਰਤਨ ਦਾ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛੱਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਗੁਰੂਮਰਿਆਦਾ ਅਨੁਸਾਰ ਅਗਵਾਈ ਵਿੱਚ ਸਜਾਇਆ ਗਿਆ ਇਹ ਮਹਾਨ ਨਗਰ ਕੀਰਤਨ ਗੁਰਮਤਿ ਮਰਿਆਦਾ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦਾ ਪ੍ਰਤੀਕ ਬਣ ਕੇ ਸ਼ਹਿਰ ਦੀਆਂ ਗਲੀਆਂ ਵਿੱਚ ਗੂੰਜਿਆ। ਕੀਰਤਨ ਦੇ ਰਸਭਿੰਨੇ ਸ਼ਬਦਾਂ ਅਤੇ “ਵਾਹਿਗੁਰੂ” ਦੇ ਜਾਪ ਨਾਲ ਸਾਰਾ ਵਾਤਾਵਰਨ ਆਤਮਕ ਅਨੰਦ ਨਾਲ ਭਰ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਦਸਵੇਂ ਪਾਤਸ਼ਾਹ ਦੇ ਜੀਵਨ, ਤਿਆਗ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਨਗਰ ਕੀਰਤਨ ਦੌਰਾਨ ਸੇਵਾ, ਸਿਮਰਨ ਅਤੇ ਸਾਂਝੀ ਸੱਭਿਆਚਾਰਕ ਰੂਹ ਨੇ ਸਿੱਖ ਧਰਮ ਦੀ ਮਹਾਨ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਸੁਚੱਜੇ ਅਤੇ ਅਨੁਸ਼ਾਸਿਤ ਆਯੋਜਨ ਲਈ ਗੁਰਦੁਆਰਾ ਪ੍ਰਬੰਧਕਾਂ, ਸੇਵਾਦਾਰਾਂ ਅਤੇ ਸਮੂਹ ਸੰਗਤਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਆਤਮਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਬਣਾਉਂਦੇ ਹਨ।