ਪੰਜਾਬ

ਭਾਜਪਾ ਦੀ ਗੰਦੀ ਰਾਜਨੀਤੀ 'ਚ ਸ਼ਾਮਲ ਹੋ ਕੇ ਕਾਂਗਰਸ ਅਤੇ ਅਕਾਲੀ ਦਲ ਨੇ ਵੀ ਗੁਰੂ ਸਾਹਿਬਾਨ ਦੀ ਬੇਅਦਬੀ ਕੀਤੀ- ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | January 11, 2026 07:12 PM

ਬਠਿੰਡਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ "ਗੁਰੂ" ਸ਼ਬਦ ਬੋਲਿਆ ਹੀ ਨਹੀਂ।

ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵਰਸਿਟੀ ਵਰਗੇ ਆਦਿ ਮੁੱਦਿਆਂ 'ਤੇ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਵਿਰੋਧੀ ਧਿਰ ਦੇ ਨੇਤਾ ਘਟੀਆ ਰਾਜਨੀਤੀ ਕਰਦਿਆਂ ਸੂਬਾ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਇਸ ਝੂਠ ਦਾ ਬਚਾਅ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।

ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤ ਤੋਂ ਹੀ ਭਾਜਪਾ ਨੇ ਫਿਰਕਾਪ੍ਰਸਤੀ, ਵੰਡ ਅਤੇ ਨਫ਼ਰਤ ਦੀ ਰਾਜਨੀਤੀ ਕੀਤੀ ਹੈ ਅਤੇ ਇਸੇ ਦੇ ਹਿੱਸੇ ਵਜੋਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਵਿੱਚ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡਣ ਲਈ ਇਸ ਏਜੰਡੇ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੇ ਵੀਡੀਓ ਨਾਲ ਛੇੜਛਾੜ ਕਰਦਿਆਂ ਇਸ ਵਿੱਚ ਇਤਰਾਜ਼ਯੋਗ ਸ਼ਬਦਾਵਲੀ ਸ਼ਾਮਲ ਕੀਤੀ ਹੈ। ਇੱਥੋਂ ਤੱਕ ਕਿ ਫੋਰੈਂਸਿਕ ਜਾਂਚ ‘ਚ ਵੀ ਸਪੱਸ਼ਟ ਤੌਰ 'ਤੇ ਸਾਬਤ ਹੋ ਗਿਆ ਹੈ ਕਿ 'ਆਪ' ਨੇਤਾ ਨੇ ਕਿਤੇ ਵੀ 'ਗੁਰੂ' ਸ਼ਬਦ ਬੋਲਿਆ ਹੀ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਭਗਵਾ ਪਾਰਟੀ ਦੀ ਪੁਰਾਣੀ ਰਣਨੀਤੀ ਹੈ ਅਤੇ ਇਸ ਕਾਰਵਾਈ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਕਿਉਂਕਿ ਵੀਡੀਓ ਨਾਲ ਛੇੜਛਾੜ ਕਰਕੇ ਉਨ੍ਹਾਂ ਨੇ ਬੇਅਦਬੀ ਕੀਤੀ ਹੈ, ਜੋ ਕਿ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਕਿਹਾ ਕਿ ਇਹ ਘਟੀਆ ਹਰਕਤ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਵੀਡੀਓ ਨਾਲ ਛੇੜਛਾੜ ਬਾਰੇ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਸਦਨ ਦੀ ਕਾਰਵਾਈ ਵਿੱਚ ਇਹ ਸ਼ਬਦ ਕਿਤੇ ਵੀ ਬੋਲੇ ਦਿਖਾਈ ਨਹੀਂ ਦਿੰਦੇ।

ਭਾਜਪਾ ਨੇਤਾ ਕਪਿਲ ਮਿਸ਼ਰਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਨੇਤਾ ਨੇ ਸੋਸ਼ਲ ਮੀਡੀਆ 'ਤੇ ਇਹ ਐਡਿਟਡ (ਛੇੜਛਾੜ ਵਾਲਾ) ਵੀਡੀਓ ਅਪਲੋਡ ਕੀਤਾ ਸੀ, ਉਸ ਨੂੰ ਆਪਣੇ ਕੁਕਰਮਾਂ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਪੰਜਾਬ ਪੁਲਿਸ ਨੇ ਉਸ ਵਿਰੁੱਧ ਸਹੀ ਕੇਸ ਦਰਜ ਕੀਤਾ ਹੈ। ਇੱਥੇ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰ ਦਾ ਕੋਈ ਮਸਲਾ ਨਹੀਂ ਹੈ। ਕਪਿਲ ਮਿਸ਼ਰਾ 'ਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ, ਬੀ.ਬੀ.ਐਮ.ਬੀ., ਪੰਜਾਬ ਯੂਨੀਵਰਸਿਟੀ, ਗਣਤੰਤਰ ਦਿਵਸ ਦੀਆਂ ਝਾਕੀਆਂ ਅਤੇ ਹੋਰ ਮਾਮਲਿਆਂ 'ਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪ੍ਰਤੀ ਭਗਵਾ ਪਾਰਟੀ ਦਾ ਰਵੱਈਆ ਹਮੇਸ਼ਾ ਦੁਸ਼ਮਣੀ ਵਾਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾਈ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅਜੀਬੋ-ਗਰੀਬ ਸਥਿਤੀ ਵਿੱਚ ਘਿਰ ਗਏ ਹਨ ਕਿਉਂਕਿ ਉਹ ਵਾਰ-ਵਾਰ ਝੂਠ ਦਾ ਸਹਾਰਾ ਲੈ ਕੇ ਪੰਜਾਬ ਪ੍ਰਤੀ ਭਾਜਪਾ ਦੇ ਰਵੱਈਏ ਨੂੰ ਜਾਇਜ਼ ਠਹਿਰਾਉਣ ਲਈ ਮਜਬੂਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੀ ਲੀਡਰਸ਼ਿਪ ‘ਚ ਮਹਾਨ ਸਿੱਖ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਦੀ ਭਾਵਨਾ ਕਿਤੇ ਨਜ਼ਰ ਨਹੀਂ ਆਉਂਦੀ ਅਤੇ ਪ੍ਰਧਾਨ ਮੰਤਰੀ ਕੋਲ ਤਾਂ ਕਦੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ(ਸ਼ਹੀਦੀ ਵਰ੍ਹੇਗੰਢ) ਦੀ ਯਾਦ ਵਿੱਚ ਕਰਵਾਏ ਗਏ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਸਵੀਕਾਰਨ ਦਾ ਸਮਾਂ ਵੀ ਨਹੀਂ ਸੀ। ਹਰ ਕੋਈ ਜਾਣਦਾ ਹੈ ਕਿ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਭਾਜਪਾ ਦਾ ਕੋਈ ਸੀਨੀਅਰ ਨੇਤਾ ਜਾਂ ਕੇਂਦਰੀ ਮੰਤਰੀ ਇਨ੍ਹਾਂ ਸਮਾਗਮਾਂ ‘ਚ ਨਤਮਸਤਕ ਹੋਣ ਲਈ ਪੰਜਾਬ ਆਇਆ। ਇਹ ਸਿੱਖਾਂ ਅਤੇ ਸਾਡੇ ਮਹਾਨ ਗੁਰੂ ਸਾਹਿਬਾਨ ਪ੍ਰਤੀ ਸੌੜੀ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ, ਪੰਜਾਬ ਅਤੇ ਇਸ ਦੀ ਸਰਕਾਰ ਵਿਰੁੱਧ ਇੱਕੋ ਪਟੜੀ 'ਤੇ ਚੱਲ ਰਹੇ ਹਨ। ਇਹ ਪਾਰਟੀਆਂ ਇਕੋ ਦਿਨ ਵੱਖ-ਵੱਖ ਸਮੇਂ 'ਤੇ ਇੱਕੋ ਜਿਹੇ ਪ੍ਰੈਸ ਨੋਟ ਵੀ ਜਾਰੀ ਕਰਦੀਆਂ ਹਨ, ਜਿਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੂਬਾ ਸਰਕਾਰ ਵਿਰੁੱਧ ਜ਼ਹਿਰ ਫੈਲਾਉਣਾ ਹੈ।

ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦੇ ਮੁੱਦਿਆਂ 'ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਪਰ ਇਹ ਉਹੀ ਆਗੂ ਹਨ, ਜਿਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਲਈ ਸਹਿਮਤੀ ਦਿੱਤੀ ਸੀ ਅਤੇ ਜਿਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਲਈ ਮੋਦੀ ਦੀ ਪ੍ਰਸ਼ੰਸਾ ਵੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਪਹਿਲਾਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਵੀ ਦਿੰਦੀਆਂ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਵੀ ਉਹ ਗੈਂਗਸਟਰਾਂ ਨੂੰ ਟਿਕਟਾਂ ਦੇ ਰਹੇ ਹਨ। ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੰਧਾਵਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਪਿਤਾ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਆਪ੍ਰੇਸ਼ਨ ਬਲੂਸਟਾਰ ਲਈ ਵਧਾਈ ਦਿੱਤੀ ਸੀ। ਗੁਰਦਾਸਪੁਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਉਸੇ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਹਨ, ਜਿਸ ਨੇ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨਾਂ ਵਿਚੋਂ ਇੱਕ 'ਤੇ ਆਪ੍ਰੇਸ਼ਨ ਬਲੂਸਟਾਰ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਦੇ ਨੇਤਾ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਮੇਰੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਸਿੱਖਿਆ ਖੇਤਰ ‘ਚ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੇ ਕੇਂਦਰ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਮੁਲਾਂਕਣ ਸਰਵੇਖਣ ਵਿੱਚ ਪਹਿਲੀ ਵਾਰ ਕੇਰਲਾ ਨੂੰ ਪਛਾੜਦੇ ਹੋਏ ਦੇਸ਼ ਭਰ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 265 ਨੇ ਜੇਈਈ ਅਤੇ 45 ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ। ਧਾਰਮਿਕ ਮੁੱਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ 15 ਜਨਵਰੀ ਨੂੰ ਸਾਰੇ ਤੱਥਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਤੇ ਸਰਵਉੱਚ ਸਤਿਕਾਰਤ ਅਸਥਾਨ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਮੇਰੇ ਲਈ ਸਭ ਕੁਝ ਤੋਂ ਉੱਪਰ ਹਨ ਅਤੇ ਮੈਂ ਉੱਥੋਂ ਆਉਣ ਵਾਲੇ ਕਿਸੇ ਵੀ ਆਦੇਸ਼ ਦਾ ਸੱਚੀ ਭਾਵਨਾ ਨਾਲ ਪਾਲਣ ਕਰਾਂਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੇਰੇ ਅਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਸੀ, ਹੈ ਅਤੇ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਸਾਡਾ ਅਤਿ-ਸਤਿਕਾਰਯੋਗ ਅਸਥਾਨ ਹੈ ਜਿੱਥੋਂ ਸਮੂਹ ਸਿੱਖ ਭਾਈਚਾਰੇ ਅਤੇ ਸੰਗਤ ਨੂੰ ਇਲਾਹੀ ਸ਼ਾਂਤੀ, ਤਾਕਤ, ਸਮਰੱਥਾ ਅਤੇ ਸੇਧ ਮਿਲਦੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਗਠਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਟ ਬਣਾਉਣ ਪਿੱਛੇ ਕੋਈ ਰਾਜਨੀਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤਾ ਹੈ, ਉਹ ਹੀ ਜਾਂਚ ਤੋਂ ਡਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਚੋਣ ਲਗਪਗ 14 ਸਾਲ ਪਹਿਲਾਂ ਹੋਈ ਸੀ ਅਤੇ ਬਹੁਤ ਸਾਰੇ ਮੈਂਬਰਾਂ ਦੇ ਦੇਹਾਂਤ ਜਾਂ ਵਿਦੇਸ਼ ਚਲੇ ਜਾਣ ਦੇ ਬਾਵਜੂਦ ਇਸ ਸਤਿਕਾਰਤ ਸੰਸਥਾ ਦਾ ਕੰਮਕਾਜ ਜਾਰੀ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀਆਂ ਵੱਲੋਂ ਆਪਣੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਸਮੇਂ-ਸਮੇਂ ‘ਤੇ ਗੁਮਰਾਹਕੁੰਨ ਬਿਆਨ ਵੀ ਦਿੱਤੇ ਗਏ।

Have something to say? Post your comment

 
 
 
 

ਪੰਜਾਬ

ਸਾਹਿਤਕਾਰਾ ਬਲਜਿੰਦਰ ਕੌਰ ਸ਼ੇਰਗਿੱਲ ਨੇ ਰੋਜ਼ਾਨਾ ਸਪੋਕਸਮੈਨ ਦੀ ਐਮਡੀ ਮੈਡਮ ਜਗਜੀਤ ਕੌਰ ਜੀ ਨੂੰ ‘ਤੇਰੀ ਰਹਿਮਤ’ ਪੁਸਤਕ ਕੀਤੀ ਭੇਟ

ਮਨਰੇਗਾ ਕਾਨੂੰਨ ਵਿੱਚ ਬਦਲਾਅ ਮਜ਼ਦੂਰਾਂ ਦੇ 'ਕੰਮ ਦੇ ਅਧਿਕਾਰ' 'ਤੇ ਹਮਲਾ: ਬੁੱਧੀਜੀਵੀ

ਪੰਥ ਦੀ ਉਡੀਕ ਕਰ ਰਿਹਾ ਹੈ ਸੰਤਾਂ ਦਾ ਸਾਥੀ ਫੋਟੋਗ੍ਰਾਫਰ ਸਤਪਾਲ ਦਾਨਿਸ਼

ਆਤਿਸ਼ੀ ਦਾ ਫਰਜੀ ਵੀਡੀਓ ਬਣਾ ਕੇ ਭਾਜਪਾ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਪੰਜਾਬੀ ਲੇਖਕ ਸਭਾ ਨੇ ਸਾਹਿਤਕ ਜੋੜੀਆਂ ਦੇ ਸਫ਼ਰਨਾਮੇ ਬਾਰੇ ਰਚਾਇਆ ਨਿਵੇਕਲਾ ਸਮਾਗਮ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਮਾਨ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਦੀਆਂ ਧਾਰਮਿਕ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ: ਬਲਤੇਜ ਪੰਨੂ