ਚੰਡੀਗੜ੍ਹ-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ, ਜੋ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਅੱਜ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਸੋਚ ਕਾਰਨ ਸੰਕਟ ਵਿੱਚ ਹੈ। ਸ. ਬਰਸਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਈਡੀ, ਵਿਜਿਲੈਂਸ ਅਤੇ ਹੋਰ ਕੇਂਦਰੀ ਜਾਂਚ ਏਜੰਸੀਆਂ ਦੀ ਖੁੱਲ੍ਹੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਰਾਜਨੀਤਿਕ ਪਾਰਟੀ ਜਾਂ ਨੇਤਾ ਬੀਜੇਪੀ ਦੀਆਂ ਨੀਤੀਆਂ ਦਾ ਵਿਰੋਧ ਕਰਦਾ ਹੈ, ਉਸਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜੋ ਕਿ ਲੋਕਤੰਤਰ ਦੇ ਬਿਲਕੁਲ ਖਿਲਾਫ਼ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਦੇਸ਼ ਵਿੱਚ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਚੁਣੀ ਹੋਈਆਂ ਰਾਜ ਸਰਕਾਰਾਂ ਦੇ ਕੰਮਾਂ ਵਿੱਚ ਦਖ਼ਲ ਦੇ ਕੇ ਉਨ੍ਹਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਾਰਾ ਕੁਝ ਬੀਜੇਪੀ ਦੀ ਉਸ ਨੀਤੀ ਨੂੰ ਦਰਸਾਉਂਦਾ ਹੈ, ਜੋ ਸੂਬਿਆਂ ਦੇ ਅਧਿਕਾਰਾਂ ਨੂੰ ਖੋਖਲਾ ਕਰਨਾ ਚਾਹੁੰਦੀ ਹੈ।
ਸ. ਬਰਸਟ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਤਹਿਤ ਸੂਬਿਆਂ ਨੂੰ ਮਿਲੇ ਅਧਿਕਾਰਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਮਨਰੇਗਾ ਬੰਦ ਕਰਕੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖੋਹਣ ਦੀ ਸਾਜ਼ਿਸ਼, ਜੀ.ਐਸ.ਟੀ. ਦੇ ਕੇਂਦਰੀਕਰਨ ਰਾਹੀਂ ਸੂਬਿਆਂ ਦੀ ਆਮਦਨ ਖੋਹਣਾ, ਪੰਜਾਬ ਦੇ 50 ਕਿਲੋਮੀਟਰ ਖੇਤਰ ਤੱਕ ਬੀਐਸਐਫ ਦੀਆਂ ਹੱਦਾ ਕਰਨਾ, ਪੰਜਾਬ ਦੇ ਫੰਡਾਂ ਨੂੰ ਨਾ ਦੇਣਾ, ਵਿਕਾਸੀ ਕੰਮਾਂ ਵਿੱਚ ਅੜਚਣਾਂ ਪਾਉਣਾ ਅਤੇ ਲੋਕਹਿੱਤ ਦੇ ਫੈਸਲਿਆਂ ਨੂੰ ਰੋਕਣਾ, ਇਹ ਸਾਰੇ ਕਦਮ ਦੇਸ਼ ਦੇ ਸੰਘੀ ਢਾਂਚੇ ਅਤੇ ਲੋਕਤੰਤਰ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਉਨ੍ਹਾਂ ਸਾਰੀਆਂ ਰਾਜਨੀਤਿਕ ਧਿਰਾਂ, ਸਮਾਜਿਕ ਸੰਗਠਨਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸੂਬਿਆਂ ਦੇ ਅਧਿਕਾਰਾਂ ਅਤੇ ਲੋਕਤੰਤਰ ਦੀ ਰੱਖਿਆ ਲਈ ਬੀਜੇਪੀ ਦਾ ਡਟ ਕੇ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਕਿਸੇ ਇਕ ਪਾਰਟੀ ਦੀ ਲੜਾਈ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ, ਲੋਕਰਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਲੜਾਈ ਹੈ ਅਤੇ ਸੂਬਿਆਂ ਦੇ ਅਧਿਕਾਰਾਂ ਵਾਸਤੇ ਅਤੇ ਲੋਕ ਰਾਜ ਨੂੰ ਬਚਾਉਣ ਵਾਸਤੇ ਸਾਰੀਆਂ ਧਿਰਾਂ ਨੂੰ ਇੱਕਜੁਟ ਹੋ ਕੇ ਬੀਜੇਪੀ ਦਾ ਵਿਰੋਧ ਕਰਨਾ ਚਾਹੀਦਾ ਹੈ।
ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰ ਦੀ ਰੱਖਿਆ ਲਈ ਅੱਗੇ ਰਹੀ ਹੈ ਅਤੇ ਅੱਗੇ ਵੀ ਕੇਂਦਰ ਦੀ ਤਾਨਾਸ਼ਾਹੀ ਸੋਚ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ।