ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂ ਅਮਨ-ਕਾਨੂੰਨ ਦੀ ਸਥਿਤੀ 'ਤੇ ਲਗਾਤਾਰ ਸਵਾਲ ਉਠਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ 'ਜ਼ੀਰੋ ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿ ਜਿਹੜਾ ਵੀ ਵਿਅਕਤੀ ਗੋਲੀਆਂ ਚਲਾਏਗਾ ਜਾਂ ਹਿੰਸਾ ਕਰੇਗਾ, ਉਸ ਨਾਲ ਨਰਮੀ ਨਹੀਂ ਵਰਤੀ ਜਾਵੇਗੀ, ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ।
ਸਰਪੰਚ ਕਤਲ ਕੇਸ ਦਾ ਹਵਾਲਾ ਦਿੰਦਿਆਂ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕਰੀਬ 110 ਕਿਲੋਮੀਟਰ ਤੱਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਦੂਜੇ ਰਾਜਾਂ ਤੱਕ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਛੱਤੀਸਗੜ੍ਹ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਅਤੇ ਹੁਣ ਸ਼ੂਟਰਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ ’ਤੇ ਗੋਲੀਆਂ ਚਲਾਉਣ ਵਾਲੇ ਗੋਦਾਰਾ ਗੈਂਗ ਨਾਲ ਸਬੰਧਤ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸਪੋਰਟਸ ਪ੍ਰਮੋਟਰ ਰਾਣਾ ਬਲਾਚੌਰੀਆ ਨਾਲ ਸਬੰਧਤ ਮੋਹਾਲੀ ਗੋਲੀਬਾਰੀ ਮਾਮਲੇ ਵਿੱਚ ਦੋਵਾਂ ਸ਼ੂਟਰਾਂ ਨੂੰ ਕੋਲਕਾਤਾ, ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਨੂ ਨੇ ਗੈਂਗਸਟਰਾਂ ਅਤੇ ਸ਼ੂਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਇਹ ਸਮਝਦੇ ਹਨ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਦੂਜੇ ਰਾਜਾਂ ਵਿੱਚ ਲੁਕ ਸਕਦੇ ਹਨ, ਉਹ ਵੱਡੀ ਗਲਤਫਹਿਮੀ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਿਸੇ ਵੀ ਰਾਜ ਵਿੱਚ ਜਾ ਕੇ ਉਨ੍ਹਾਂ ਦਾ ਪਿੱਛਾ ਕਰੇਗੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।
ਐਂਟੀ ਗੈਂਗਸਟਰ ਟਾਸਕ ਫੋਰਸ ਬਾਰੇ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਟਾਸਕ ਫੋਰਸ ਨੇ ਹੀ ਵੱਖ-ਵੱਖ ਰਾਜਾਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ ਕਿ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਾ ਜਾਵੇ।
ਪੰਨੂ ਨੇ ਕਿਹਾ ਕਿ ਵਿਰੋਧੀ ਆਗੂ ਇਸ ਗੱਲ ਨੂੰ ਕਦੇ ਸਵੀਕਾਰ ਨਹੀਂ ਕਰਦੇ ਕਿ ਪੰਜਾਬ ਪੁਲਿਸ 24 ਘੰਟਿਆਂ ਦੇ ਅੰਦਰ ਕੇਸ ਹੱਲ ਕਰਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਿਸ ਕੋਲ ਆਧੁਨਿਕ ਵਾਹਨ, ਉੱਨਤ ਨਿਗਰਾਨੀ ਪ੍ਰਣਾਲੀ ਅਤੇ ਨਵੀਨਤਮ ਤਕਨਾਲੋਜੀ ਮੌਜੂਦ ਹੈ, ਜਿਸ ਨਾਲ ਉਹ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਦੀ ਸੰਵੇਦਨਸ਼ੀਲਤਾ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ ਕੁਝ ਤਾਕਤਾਂ ਵਾਰ-ਵਾਰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ।
ਨਸ਼ਿਆਂ ਵਿਰੁੱਧ ਸਰਕਾਰ ਦੀ ਜੰਗ ਦਾ ਹਵਾਲਾ ਦਿੰਦੇ ਹੋਏ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਲੜਾਈ ਵੀ ਯੋਜਨਾਬੱਧ ਅਤੇ ਨਿਰੰਤਰ ਜਾਰੀ ਹੈ। ਫਿਰੌਤੀ, ਗੋਲੀਬਾਰੀ ਜਾਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਪੁਲਿਸ ਦੇ ਫੈਸਲਾਕੁੰਨ ਜਵਾਬ ਲਈ ਤਿਆਰ ਰਹਿਣ।
ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮਾਨ ਸਰਕਾਰ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ ਦਿੰਦੀ ਅਤੇ ਨਾ ਹੀ ਉਨ੍ਹਾਂ ਨਾਲ ਕਿਸੇ ਕਿਸਮ ਦਾ ਕੋਈ ਸਬੰਧ ਜਾਂ ਤਸਵੀਰਾਂ ਹਨ। ਪੰਨੂ ਨੇ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਹੋਵੇ, ਉਹ ਕਿਸੇ ਵੀ ਪਰਿਵਾਰ ਨਾਲ ਸਬੰਧਤ ਹੋਵੇ ਜਾਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।