ਅੰਮ੍ਰਿਤਸਰ - ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕੋਲੋ ਸਪਸ਼ਟੀਕਰਨ ਲੈਣ ਸਬੰਧੀ ਸਮਾਂ ਬਦਲ ਦਿੱਤਾ ਹੈ। ਇਸ ਤੋ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਗਵੰਤ ਮਾਨ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹਾਜਰ ਹੋ ਕੇ ਆਪਣਾ ਸ਼ਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਲੋ ਮੁੱਖ ਮੰਤਰੀ ਦੇ ਨਾਮ ਤੇ ਨਵਾ ਪੱਤਰ ਜਾਰੀ ਕਰਦਿਆਂ ਮੁੱਖ ਮੰਤਰੀ ਨੂੰ ਸ਼ਾਮ 4:30 ਵਜੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਜਥੇਦਾਰ ਦੇ ਨਿਜੀ ਸਹਾਇਕ ਬਗੀਚਾ ਸਿੰਘ ਵਲੋ ਮੁਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਾਮ ਜਾਰੀ ਕੀਤੇ ਪੱਤਰ ਵਿਚ ਕਿਹਾ ਗਿਆ ਹੈ ਕਿ ਮੁਖ ਮੰਤਰੀ ਵਲੋ ਜਾਰੀ ਕੀਤੇ ਪੱਤਰ ਵਿਚ ਕੁਝ ਰੁਝੇਵਿਆਂ ਦਾ ਜਿਕਰ ਕੀਤਾ ਗਿਆ ਹੈ ਜਿਸ ਤੋ ਬਾਅਦ ਸਿੰਘ ਸਾਹਿਬ ਨੇ ਆਪ ਨੂੰ ਸ਼ਾਮ ਸਾਢੇ ਚਾਰ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸ਼ਪਸ਼ਟੀਕਰਨ ਲੈ ਕੇ ਹਾਜਰ ਹੋਣ ਲਈ ਕਿਹਾ ਗਿਆ ਹੈ। ਇਸ ਸੰਬਧੀ ਜਾਣਕਾਰੀ ਮੁਤਾਬਿਕ 15 ਜਨਵਰੀ ਨੂੰ ਰਾਸ਼ਟਰਪਤੀ ਬੀਬੀ ਦਰੋਪਦੀ ਮੁਰਮੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆ ਰਹੇ ਹਨ। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪਹਿਲਾਂ ਹੀ ਰਾਸ਼ਟਰਪਤੀ ਦਫਤਰ ਨੂੰ ਸੂਚਿਤ ਕਰ ਚੁੱਕੇ ਹਨ ਕਿ ਉਹ ਇਸ ਸਮਾਗਮ ਵਿਚ ਸ਼ਾਮਲ ਨਹੀ ਹੋ ਸਕਣਗੇ। ਉਧਰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰਾ 15 ਜਨਵਰੀ ਨੂੰ ਕੋਈ ਰੁਝੇਵਾਂ ਨਹੀਂ ਹੈ। ਇਸ ਸਬੰਧੀ ਉਹਨਾਂ ਨੇ ਰਾਸ਼ਟਰਪਤੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਸੀ।ਸ੍ਰੀ ਮਾਨ ਨੇ ਕਿਹਾ ਕਿ ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ।