ਮਾਲੇਰਕੋਟਲਾ-ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।
ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿਰਫ਼ ਇੱਕ ਧਾਰਮਿਕ ਸੰਪਰਦਾ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਬੁਨਿਆਦ ਹੈ। ਅੱਜ ਦੀ ਪੀੜ੍ਹੀ ਲਈ ਇਹ ਬਲਿਦਾਨ ਪ੍ਰੇਰਣਾ ਸਰੋਤ ਹਨ ਕਿ ਅਸੀਂ ਸੱਚ, ਇਮਾਨਦਾਰੀ ਅਤੇ ਦੇਸ਼ ਸੇਵਾ ਦੇ ਰਸਤੇ ’ਤੇ ਅੱਗੇ ਵਧੀਏ।
ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਹੁੰਚਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਅਤੇ ਨਾਮਧਾਰੀ ਸੰਪਰਦਾ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਉੱਚੇ ਆਦਰਸ਼ਾਂ ਨਾਲ ਜੋੜਨ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।
ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਵੀ ਮੌਜੂਦ ਸਨ । ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰ, ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਪੀ.ਸਤਪਾਲ ਸ਼ਰਮਾਂ, ਐਸ.ਡੀ.ਐਮ.ਗੁਰਮੀਤ ਕੁਮਾਰ ਬਾਂਸਲ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।
ਸਮੂਹ ਸੰਗਤ ਵੱਲੋਂ 66 ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੇ ਦਰਸਾਏ ਰਸਤੇ ’ਤੇ ਚੱਲਣ ਦਾ ਸੰਕਲਪ ਲਿਆ ਗਿਆ ।