ਨਵੀਂ ਦਿੱਲੀ- ਬਿਹਾਰ ਦੀ ਨਿਤੀਸ਼ ਸਰਕਾਰ ਨੇ ਸਿੱਖ ਭਾਈਚਾਰੇ ਦੀ ਇੱਕ ਹੋਰ ਮੰਗ ਨੂੰ ਪੂਰਾ ਕਰਦੇ ਹੋਏ ਰਾਜ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਬਿਹਾਰ ਦੇ ਸਿੱਖਾਂ ਦੇ ਵਿਆਹ ਵੀ ਆਨੰਦ ਮੈਰਿਜ ਐਕਟ ਅਧੀਨ ਰਜਿਸਟਰ ਹੋ ਸਕਣਗੇ। ਰਾਜ ਵਿੱਚ ਇਸ ਐਕਟ ਨੂੰ ਲਾਗੂ ਕਰਵਾਉਣ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਬਿਹਾਰ ਘੱਟ ਸੰਖਿਆਕ ਆਯੋਗ ਦੇ ਮੈਂਬਰ ਲਖਵਿੰਦਰ ਸਿੰਘ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਕੋਲ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਹੋਰ ਰਾਜਾਂ ਦੀ ਤਰ੍ਹਾਂ ਬਿਹਾਰ ਵਿੱਚ ਵੀ ਇਹ ਐਕਟ ਲਾਗੂ ਕੀਤਾ ਜਾਵੇ ਤਾਂ ਜੋ ਸਿੱਖਾਂ ਦੇ ਵਿਆਹ ਆਨੰਦ ਮੈਰਿਜ ਐਕਟ ਅਧੀਨ ਰਜਿਸਟਰ ਹੋ ਸਕਣ। ਅੱਜ ਜਦੋਂ ਸਰਕਾਰ ਵੱਲੋਂ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ ਤਾਂ ਇਸ ਮੌਕੇ ‘ਤੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਸਮੇਤ ਸਾਰੇ ਕਮੇਟੀ ਮੈਂਬਰਾਂ ਨੇ ਇਸ ਕੰਮ ਲਈ ਬਿਹਾਰ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਧੰਨਵਾਦ ਪ੍ਰਗਟ ਕੀਤਾ। ਸ. ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿਉਂਕਿ ਹੁਣ ਤੱਕ ਸਿੱਖਾਂ ਦੇ ਵਿਆਹਾਂ ਦੀ ਰਜਿਸਟ੍ਰੇਸ਼ਨ ਹਿੰਦੂ ਮੈਰਿਜ ਐਕਟ ਅਧੀਨ ਹੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਵੀ ਹੈ ਅਤੇ ਮਾਣ ਵੀ ਹੈ ਕਿ ਮਾਣਯੋਗ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਸਿੱਖ ਭਾਈਚਾਰੇ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜਿਸ ਤਰ੍ਹਾਂ ਸਹਿਯੋਗ ਦਿੱਤਾ ਗਿਆ, ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਜਾਗਰੂਕਤਾ ਯਾਤਰਾ ਕੱਢਣ ਲਈ ਕਮੇਟੀ ਨੂੰ ਸਹਿਯੋਗ ਦਿੱਤਾ ਗਿਆ, ਪ੍ਰਕਾਸ਼ ਪੁਰਬ ਦੌਰਾਨ ਮੁਫ਼ਤ ਬੱਸ ਸੇਵਾ ਦਿੱਤੀ ਗਈ, ਰਹਾਇਸ਼ ਲਈ ਸਰਕਾਰੀ ਆਵਾਸ ਦਿੱਤੇ ਗਏ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ—ਇਸ ਲਈ ਸਿੱਖ ਭਾਈਚਾਰਾ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹੈ।