ਅੰਮ੍ਰਿਤਸਰ -ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਰਾਹੀਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸਿੱਖ ਕੌਮ ਦੇ ਜਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਜਿਥੇ ਸਾਨੂੰ ਇਸ ਫੈਸਲੇ ਨਾਲ ਬੇਤਹਾਸ਼ਾ ਦੁੱਖ ਪਹੁੰਚਿਆ ਹੈ ਉਥੇ ਹੀ ਇਸ ਨੇ ਪੂਰੀ ਸਿੱਖ ਕੌਮ ਦੀ ਆਤਮਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ 1984 ਦੌਰਾਨ ਹਜ਼ਾਰਾਂ ਨਿਰਦੋਸ਼ ਸਿੱਖ ਪਰਿਵਾਰ ਤਬਾਹ ਹੋ ਗਏ ਪਰ ਚਾਰ ਦਹਾਕਿਆਂ ਬਾਅਦ ਵੀ ਦੋਸ਼ੀਆਂ ਨੂੰ ਪੂਰੀ ਤਰ੍ਹਾਂ ਨਿਆਂ ਦੇ ਕਟਹਿਰੇ ‘ਚ ਲਿਆਉਣ ਵਿੱਚ ਭਾਰਤੀ ਨਿਆਂ ਪ੍ਰਣਾਲੀ ਅਸਫ਼ਲ ਰਹੀ ਹੈ। ਜਿਸ ਕਾਰਨ ਇਨਸਾਫ਼ ਦੇ ਨਾਂ ‘ਤੇ ਆਇਆ ਇਹ ਫੈਸਲਾ ਗੰਭੀਰ ਸਵਾਲ ਖੜੇ ਕਰਦਾ ਹੈ ਅਤੇ ਇਹ ਦਿਨ ਭਾਰਤੀ ਨਿਆਂ ਪ੍ਰਣਾਲੀ ਦੇ ਇਤਿਹਾਸ ਵਿੱਚ ਦੇ ਕਾਲੇ ਦਿਨ ਵੱਜੋਂ ਲਿਖਿਆ ਜਾਵੇਗਾ। ਬਾਪੂ ਤਰਸੇਮ ਸਿੰਘ ਜੀ ਨੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਇਸ ਅਨਿਆਇ ਨੂੰ ਕਦੇ ਵੀ ਨਹੀਂ ਭੁੱਲਣਗੀਆਂ।