ਨਵੀਂ ਦਿੱਲੀ-ਦਿੱਲੀ ਦੀ ਰੋਜ਼ ਅਵੈਨਿਊ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਅਦਾਲਤ ਦੇ ਫੈਸਲੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 1 ਅਤੇ 2 ਨਵੰਬਰ 1984 ਨੂੰ 3 ਸਿੱਖਾਂ ਦਾ ਕਤਲੇਆਮ ਹੋਇਆ ਸੀ ਅਤੇ ਇਸ ਕੇਸ ਵਿਚ 5 ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ ਕਤਲ ਕਰਨ ਵਾਲੀ ਭੀੜ ਦੀ ਅਗਵਾਈ ਸੱਜਣ ਕੁਮਾਰ ਨੇ ਕੀਤੀ ਸੀ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ। ਉਹਨਾਂ ਦੱਸਿਆ ਕਿ ਅਦਾਲਤ ਦੇ ਫੈਸਲੇ ਦੀ ਕਾਪੀ ਲੈ ਕੇ ਉਸਨੂੰ ਬਾਰੀਕੀ ਨਾਲ ਘੋਖਿਆ ਜਾਵੇਗਾ ਤੇ ਇਸ ਉਪਰੰਤ ਇਸ ਫੈਸਲੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵੱਲੋਂ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗਵਾਹਾਂ ਦੀ ਗਵਾਹੀ ਹਾਈ ਕੋਰਟ ਵਿਚ ਕਰਵਾ ਕੇ ਸੱਜਣ ਕੁਮਾਰ ਨੂੰ ਇਸ ਮਾਮਲੇ ਵਿਚ ਵੀ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇਗੀ। ਉਹਨਾਂ ਦੱਸਿਆ ਕਿ ਅਦਾਲਤ ਦੇ ਅੱਜ ਦੇ ਫੈਸਲੇ ਨਾਲ ਸਿੱਖ ਕੌਮ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ ਹੈ ਕਿਉਂਕਿ 42 ਸਾਲਾਂ ਬਾਅਦ ਵੀ ਦੋਸ਼ੀ ਨੂੰ ਬਰੀ ਕੀਤੇ ਜਾਣਾ ਬਹੁਤ ਦੁਖਦਾਈ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਮੁੱਖ ਸ਼ਿਕਾਇਤਕਰਤਾ ਹਰਵਿੰਦਰ ਸਿੰਘ ਕੋਹਲੀ ਦੀ ਮੌਤ ਹੋ ਚੁੱਕੀ ਹੈ ਜਿਸ ਕਾਰਨ ਉਹ ਆਪਣੀ ਗਵਾਹੀ ਨਹੀਂ ਦੇ ਪਾਇਆ। ਉਹਨਾਂ ਕਿਹਾ ਕਿ ਇਸ ਕੇਸ ਦਾ ਮੁੱਖ ਗਵਾਹ ਹਰਵਿੰਦਰ ਸਿੰਘ ਕੋਹਲੀ ਸੀ ਜਿਸਦੇ ਸਾਹਮਣੇ ਉਸਦੇ ਸਾਥੀਆਂ ਅਵਤਾਰ ਸਿੰਘ ਅਤੇ ਸੋਹਣ ਸਿੰਘ ਦਾ ਭੀੜ ਵੱਲੋਂ ਕਤਲ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸਦੀ ਗਵਾਹੀ ਬਹੁਤ ਅਹਿਮ ਸੀ ਪਰ ਮੌਤ ਹੋਣ ਕਾਰਨ ਗਵਾਹੀ ਰਹਿ ਗਈ।