ਮਾਨਸਾ- ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ ਤੇ ਹੱਸਦਾ ਖੇਡਦਾ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਪਰੇਡ ਕਮਾਂਡਰ ਸ਼੍ਰੀ ਪੁਸ਼ਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਤੇ ਮਾਨਸਾ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।
ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਟਰਾਂਸਪੋਰਟੇਸ਼ਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ 10 ਹਜ਼ਾਰ ਤੋਂ ਵੱਧ ਵਿਦਿਆਰਥੀ ਲਾਭ ਲੈ ਰਹੇ ਹਨ।
ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਹਰ ਪਰਿਵਾਰ ਪ੍ਰਤੀ ਸਾਲ ਇਸ ਸਹੂਲਤ ਦਾ ਲਾਭ ਲਵੇਗਾ। ਸਰਕਾਰ ਵੱਲੋਂ ਸ਼ੁਰੂ ਕੀਤੇ 881 ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ਼ ਦਾ ਲਾਭ ਲਿਆ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰਾਜੈਕਟ "ਸੀ.ਐਮ. ਦੀ ਯੋਗਸ਼ਾਲਾ" ਲਈ 635 ਯੋਗਾ ਟ੍ਰੇਨਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਮੌਜੂਦਾ ਸਮੇਂ ਰੋਜ਼ਾਨਾ ਸਵੇਰੇ 5347 ਸੀ.ਐਮ. ਦੀ ਯੋਗਸ਼ਾਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਜਿੱਥੇ ਕਰੀਬ 1.64 ਲੱਖ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿੱਥੇ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਉਥੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਵਿੱਚ 548 ਓਟ ਕਲੀਨਿਕ, 36 ਡੀ-ਐਡਿਕਸ਼ਨ ਸੈਂਟਰ, 19 ਰੀਹੈਬਲੀਟੇਸ਼ਨ ਸੈਂਟਰ ਕਾਰਜਸ਼ੀਲ ਹਨ।
ਇਸ ਮੌਕੇ ਵੱਖ ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਡਾ. ਰਵਜੋਤ ਸਿੰਘ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ, ਪਰੇਡ ਕਮਾਂਡਰ, ਪਲਟੂਨ ਕਮਾਂਡਰਾਂ ਤੇ ਵਧੀਆਂ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ।ਇਸ ਤੋਂ ਇਲਾਵਾ ਝਾਕੀਆਂ ਵਿਚੋਂ ਪਹਿਲੇ ਸਥਾਨ 'ਤੇ ਸਿਹਤ ਵਿਭਾਗ, ਦੂਜੇ 'ਤੇ ਪੁਲਿਸ ਵਿਭਾਗ ਅਤੇ ਤੀਜੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਨੂੰ ਵਧੀਆ ਝਾਕੀ ਪ੍ਰਦਰਸ਼ਨੀ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ
ਗਣਤੰਤਰ ਦਿਵਸ ਸਮਾਗਮ ਵਿਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿਚ ਭਲਕੇ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਮਨਜਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਸ. ਵਰਿੰਦਰ ਸੋਨੀ, ਯੂਥ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ. ਕਾਲਾ ਰਾਮ ਕਾਂਸਲ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਵਾਈਸ ਪ੍ਰਧਾਨ ਨਗਰ ਕੌਂਸਲ ਮਾਨਸਾ ਸ. ਅਮਨਦੀਪ ਸਿੰਘ ਢੂੰਡਾ, ਡਾਇਰੈਕਟਰ ਪੰਜਾਬ ਸਟੇਟ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਅਮਨ ਮਿੱਤਲ, ਪ੍ਰਧਾਨ ਐਸ.ਸੀ. ਵਿੰਗ ਕਿਰਤਪਾਲ ਸਿੰਘ ਤੇ ਹੋਰ ਸਖਸ਼ੀਅਤਾਂ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਮੌਜੂਦ ਸਨ।