ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਦੋਸ਼ੀ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ, ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵਿੱਚ ਬਣੇ 34 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਆਪਣੇ ਵਿਦੇਸ਼ੀ ਹੈਂਡਲਰਾਂ ਦੀ ਮਿਲੀਭੁਗਤ ਨਾਲ, ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਨੂੰ ਪ੍ਰਾਪਤ ਕਰਕੇ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਸਪਲਾਈ ਕਰ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦਿਆਂ, ਸੀਪੀ ਅੰਮ੍ਰਿਤਸਰ ਦੀਆਂ ਟੀਮਾਂ ਨੇ ਯੋਜਨਾਬੱਧ ਕਾਰਵਾਈ ਸ਼ੁਰੂ ਕੀਤੀ ਅਤੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਡਰੱਗ ਮਨੀ ਅਤੇ 34 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਦੇ ਖੁਲਾਸੇ ਦੇ ਅਧਾਰ 'ਤੇ ਪੁਲਿਸ ਟੀਮਾਂ ਨੇ ਦੋ ਪਿਸਤੌਲ ਬਰਾਮਦ ਕੀਤੇ ਜਦੋਂ ਕਿ ਮੁਲਜ਼ਮ ਜਸਕਿੰਦਰ ਸਿੰਘ ਅਤੇ ਹਰਪਾਲ ਸਿੰਘ ਦੇ ਖੁਲਾਸੇ 'ਤੇ 1.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ।
ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਹਰਪਾਲ ਸਿੰਘ ਅਤੇ ਗੁਰਮੁਖ ਸਿੰਘ ਭਰਾ ਹਨ, ਜਸਕਿੰਦਰ ਸਿੰਘ ਉਰਫ਼ ਸਿਕੰਦਰ ਅਤੇ ਸੁਖਦੀਪ ਸਿੰਘ ਉਨ੍ਹਾਂ ਦੇ ਭਤੀਜੇ ਹਨ। ਉਨ੍ਹਾਂ ਦੱਸਿਆ ਕਿ ਚਾਰੇ ਦੋਸ਼ੀਆਂ ਦੀ ਉਮਰ 19 ਤੋਂ 33 ਸਾਲ ਹੈ ਅਤੇ ਉਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।
ਇਸ ਸਬੰਧੀ, ਐਫਆਈਆਰ ਨੰਬਰ 11 ਮਿਤੀ 22-01-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।