ਨਾਭਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਦੇ ਦਬਾਅ ਅੱਗੇ ਝੁੱਕ ਗਏ ਹਨ ਅਤੇ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਵਾਸਤੇ ਜ਼ਮੀਨ ਤਿਆਰ ਕਰ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਜੇਲ੍ਹ ਵਿਚ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਦਾਰ ਮਜੀਠੀਆ ਚੜ੍ਹਦੀਕਲਾ ਵਿਚ ਹਨ ਅਤੇ ਉਹਨਾਂ ਨੂੰ ਜੇਲ੍ਹ ਵਿਚ ਸਿਰਫ ਇਸ ਕਰ ਕੇ ਡੱਕਿਆ ਗਿਆ ਹੈ ਕਿਉਂਕਿ ਉਹ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਵਧੀਕੀਆਂ ਤੇ ਅਸਫਲਤਾਵਾਂ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਹਨ। ਉਹਨਾਂ ਸਪਸ਼ਟ ਕੀਤਾ ਕਿ ਪਾਰਟੀ ਨੂੰ ਇਸਦੇ ਆਗੂਆਂ ਖਿਲਾਫ ਦਰਜ ਝੂਠੇ ਕੇਸਾਂ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਅਗਲੀ ਸਰਕਾਰ ਬਣਾਏਗਾ ਜਿਸ ਮਗਰੋਂ 2027 ਵਿਚ ਅਜਿਹੇ ਸਾਰੇ ਝੂਠੇ ਕੇਸਾਂ ਦੀ ਜਾਂਚ ਵਾਸਤੇ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਕੋਈ ਵੀ ਅਫਸਰ ਝੂਠੇ ਕੇਸ ਦਰਜ ਕਰਨ ਦਾ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸਮਝੌਤਾ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਨੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਅਸਿੱਧੇ ਤੌਰ ’ਤੇ ਇਹ ਕਬੂਲ ਲਿਆ ਹੈ ਕਿ ਉਹ ਪੰਜਾਬ ਦੇ ਦਰਿਆਈ ਪਾਣੀ ਦੇਣ ਨੂੰ ਤਿਆਰ ਹਨ ਅਤੇ ਉਹਨਾਂ ਕਿਹਾ ਹੈ ਕਿ ਇਕ ਵਾਰ ਹਰਿਆਣਾ ਨੂੰ ਦਿੱਤੇ ਜਾਣ ਵਾਲੇ ਪਾਣੀ ਦਾ ਫੈਸਲਾ ਹੋ ਜਾਵੇ ਤਾਂ ਫਿਰ ਨਹਿਰ ਵੀ ਉਸਾਰ ਦਿੱਤੀ ਜਾਵੇਗੀ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸੂਬੇ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੇ ਮਾਮਲੇ ’ਤੇ ਮੀਟਿੰਗਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਸਪਸ਼ਟ ਕਰ ਦਿੱਤਾ ਸੀ ਕਿ ਜੇਕਰ ਸੁਪਰੀਮ ਕੋਰਟ ਵੀ ਉਹਨਾਂ ਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਹਦਾਇਤ ਕਰੇਗੀ ਤਾਂ ਵੀ ਉਹ ਇਕ ਵੀ ਬੂੰਦ ਪਾਣੀ ਐਸ ਵਾਈ ਐਲ ਨਹਿਰ ਰਾਹੀਂ ਨਹੀਂ ਜਾਣ ਦੇਣਗੇ। ਉਹਨਾਂ ਕਿਹਾ ਕਿ ਇਸ ਨਾਲ ਮੰਤਵ ਸਪਸ਼ਟ ਹੋ ਗਿਆ ਸੀ ਜਿਸਦੇ ਚਲਦਿਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਐਸ ਵਾਈ ਐਲ ਨਹਿਰ ਬਣਾਉਣ ਵਾਸਤੇ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਡੀ ਨੋਟੀਫਾਈ ਕੀਤਾ ਅਤੇ ਜ਼ਮੀਨ ਵਾਪਸ ਅਸਲ ਮਾਲਕਾਂ ਨੂੰ ਸੌਂਪ ਦਿੱਤੀ। ਉਹਨਾਂ ਕਿਹਾ ਕਿ ਜੋ ਠੋਸ ਸਟੈਂਡ ਅਕਾਲੀ ਦਲ ਦੀ ਸਰਕਾਰ ਨੇ ਲਿਆ ਸੀ, ਹੁਣ ਉਸਨੂੰ ਖੋਰ੍ਹਾ ਲਾਇਆ ਜਾ ਰਿਹਾ ਹੈ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ 2017 ਵਿਚ ਉਲੀਕੀ ਸਮਝੌਤੇ ਦੀ ਨੀਤੀ ਲਾਗੂ ਕਰਨ ਦਾ ਯਤਨ ਕੀਤਾ ਜਾ ਰਿਹਾ ਜਿਸ ਤਹਿਤ ਉਹਨਾਂ ਨੇ ਐਸ ਵਾਈ ਐਲ ਦਾ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਵਕਾਲਤ ਕੀਤੀ ਸੀ ਤੇ ਇਸ ਮਗਰੋਂ ਉਹਨਾਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਵੀ ਦਾਇਰ ਕੀਤਾ ਸੀ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਵਿਰੋਧੀ ਧਿਰ ਆਗੂ ਹੁੰਦਿਆਂ ਗ੍ਰਹਿ ਮੰਤਰੀਆਂ ’ਤੇ ਦੋਸ਼ ਮੜ੍ਹਨ ਅਤੇ ਉਹਨਾਂ ਨੂੰ ਕਾਨੂੰਨ ਵਿਵਸਥਾ ਦੀ ਸਮੱਸਿਆ ਲਈ ਜ਼ਿੰਮੇਵਾਰ ਠਹਿਰਾਉਣ ਦਾ ਚਾਅ ਹੁੰਦਾ ਸੀ ਪਰ ਹੁਣ ਤਾਂ ਉਹ ਖੁਦ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ 20 ਦਿਨਾਂ ਵਿਚ 25 ਤੋਂ ਜ਼ਿਆਦਾ ਲੋਕਾਂ ਨੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਕਾਰਨ ਆਪਣੀਆਂ ਜਾਨਾਂ ਗੁਆ ਲਈਆਂ ਹਨ। ਉਹਨਾਂ ਕਿਹਾ ਕਿ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਰਹੇ ਹਨ ਤੇ ਕੋਈ ਨਵਾਂ ਉਦਯੋਗ ਨਹੀਂ ਆ ਰਿਹਾ। ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ 2027 ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਵਿਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾਵੇਗਾ।