ਜੈਤੋ ਮੋਰਚਾ ਸਿੱਖ ਇਤਿਹਾਸ ਦੀ ਉਹ ਮਹਾਨ ਘਟਨਾ ਹੈ ਜਿਸ ਨੇ ਸਿੱਖ ਕੌਮ ਦੀ ਧਾਰਮਿਕ ਸ਼ਰਧਾ, ਸ਼ਾਂਤਮਈ ਸੰਘਰਸ਼ ਅਤੇ ਇਕਮੁੱਠਤਾ ਨੂੰ ਨਵਾਂ ਹੁਲਾਰਾ ਦਿੱਤਾ। ਇਹ ਮੋਰਚਾ ਪੌਣੇ ਦੋ ਸਾਲ ਤੋਂ ਵੱਧ ਸਮੇਂ ਤੱਕ ਚੱਲਿਆ ਅਤੇ ਇਸ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀ ਇਹ ਰਹੀ ਕਿ ਬ੍ਰਿਟਿਸ਼ ਹਕੂਮਤ ਨੂੰ ਆਖਿਰਕਾਰ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਸਬੰਧੀ ਕਾਨੂੰਨੀ ਢਾਂਚਾ ਤਿਆਰ ਕਰਨ ਲਈ ਮਜਬੂਰ ਹੋਣਾ ਪਿਆ। ਇਸ ਤਰ੍ਹਾਂ ਇਹ ਅੰਦੋਲਨ ਸਿਰਫ਼ ਧਾਰਮਿਕ ਹੱਕਾਂ ਲਈ ਨਹੀਂ ਸਗੋਂ ਭਾਰਤੀ ਆਜ਼ਾਦੀ ਅੰਦੋਲਨ ਦੀ ਵਿਸ਼ਾਲ ਪਿਠਭੂਮੀ ਵਿੱਚ ਵੀ ਇੱਕ ਅਹਿਮ ਕੜੀ ਵਜੋਂ ਸਾਹਮਣੇ ਆਇਆ।
ਇਸ ਮੋਰਚੇ ਦਾ ਆਰੰਭ 8 ਜੂਨ 1923 ਨੂੰ ਉਸ ਵੇਲੇ ਹੋਇਆ ਜਦੋਂ ਅੰਗਰੇਜ਼ੀ ਹਕੂਮਤ ਨੇ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਜਬਰੀ ਲਾਹ ਕੇ ਰਿਆਸਤ ਵਿੱਚੋਂ ਕੱਢ ਦਿੱਤਾ। ਮਹਾਰਾਜਾ ਰਿਪੁਦਮਨ ਸਿੰਘ ਸਿੱਖ ਜਗਤ ਵਿੱਚ ਬਹੁਤ ਆਦਰਯੋਗ ਅਤੇ ਲੋਕਪ੍ਰਿਯ ਸ਼ਖ਼ਸੀਅਤ ਸਨ। ਉਹ ਸਿੱਖ ਸੁਧਾਰ ਲਹਿਰ ਅਤੇ ਗੁਰਦੁਆਰਾ ਸੁਧਾਰ ਅੰਦੋਲਨ ਪ੍ਰਤੀ ਹਮਦਰਦੀ ਰੱਖਦੇ ਸਨ। ਉਨ੍ਹਾਂ ਦੀ ਬਰਖਾਸਤਗੀ ਸਿੱਖਾਂ ਲਈ ਸਿਰਫ਼ ਰਾਜਸੀ ਮਾਮਲਾ ਨਹੀਂ ਸੀ ਸਗੋਂ ਇਹ ਕੌਮੀ ਅਪਮਾਨ ਸੀ। ਇਸ ਕਾਰਵਾਈ ਨੇ ਪੰਜਾਬ ਭਰ ਵਿੱਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ। ਅੰਗਰੇਜ਼ੀ ਹਕੂਮਤ ਦੀ ਇਸ ਕਾਰਵਾਈ ਵਿਰੁੱਧ ਰੋਸ ਪ੍ਰਗਟ ਕਰਨ ਲਈ 5 ਅਗਸਤ 1923 ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਮਹਾਰਾਜਾ ਰਿਪੁਦਮਨ ਸਿੰਘ ਪ੍ਰਤੀ ਹਮਦਰਦੀ ਦਾ ਮਤਾ ਪਾਸ ਕੀਤਾ ਗਿਆ ਅਤੇ 9 ਸਤੰਬਰ ਨੂੰ ਮਹਾਰਾਜਾ ਦੇ ਹੱਕ ਵਿਚ ‘ਨਾਭਾ ਦਿਵਸ’ ਮਨਾਉਣ ਦਾ ਐਲਾਨ ਕਰ ਦਿੱਤਾ ਗਿਆ। ਅੰਗਰੇਜ਼ੀ ਹਕੂਮਤ ਵੱਲੋਂ ਮਹਾਰਾਜਾ ਰਿਪੁਦਮਨ ਦੇ ਸਬੰਧ ਵਿਚ ਕੋਈ ਵੀ ਮਤਾ ਪਾਸ ਕਰਨ ਦੀ ਆਗਿਆ ਨਾ ਹੋਣ ਦੇ ਬਾਵਜੂਦ ਸਿੱਖ ਸੰਗਤਾਂ ਵੱਲੋਂ 9 ਸਤੰਬਰ ਨੂੰ ਪੰਜਾਬ ਭਰ ਵਿਚ ਥਾਂ-ਥਾਂ ਮੁਜ਼ਾਹਰੇ ਕੀਤੇ ਗਏ ਅਤੇ ਮਹਾਰਾਜਾ ਦੀ ਬਹਾਲੀ ਦੇ ਮਤੇ ਪਾਸ ਕੀਤੇ ਗਏ।
ਜੈਤੋ ਮੰਡੀ ਵਿਚ ਵੀ ਅਜਿਹਾ ਮੁਜ਼ਾਹਰਾ ਕਰਨ ਉਪਰੰਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਦੀਵਾਨ ਸਜਾਇਆ ਗਿਆ ਅਤੇ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ। ਸਿੱਖਾਂ ਦੇ ਇਸ ਰੋਸ ਤੋਂ ਅੰਗਰੇਜ਼ੀ ਹਕੂਮਤ ਬੇਹੱਦ ਖਫ਼ਾ ਹੋਈ। ਜੈਤੋ ਵਿਖੇ ਅਖੰਡ ਪਾਠਾਂ ਦੀ ਲੜੀ ਨੂੰ ਹਕੂਮਤ ਨੇ ਵੱਡੀ ਬਗਾਵਤ ਵਜੋਂ ਲਿਆ। 14 ਸਤੰਬਰ ਨੂੰ ਜਦੋਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਚ ਦੀਵਾਨ ਸਜਿਆ ਹੋਇਆ ਸੀ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਦਾ ਅਖੰਡ ਪਾਠ ਚੱਲ ਰਿਹਾ ਸੀ ਤਾਂ ਅੰਗਰੇਜ਼ੀ ਹਕੂਮਤ ਦੇ ਹਥਿਆਰਬੰਦ ਸਿਪਾਹੀਆਂ ਨੇ ਗੁਰਦੁਆਰੇ ਅੰਦਰ ਦਾਖ਼ਲ ਹੋ ਕੇ ਉੱਥੇ ਇਕੱਤਰ ਹੋਈ ਸੰਗਤ ਅਤੇ ਸੇਵਾਦਾਰਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਪਾਠ ਕਰ ਰਹੇ ਗ੍ਰੰਥੀ ਸਿੰਘ ਨੂੰ ਗੁਰੂ ਦੀ ਤਾਬਿਆ ‘ਚੋਂ ਬਾਹਰ ਖਿੱਚ ਲਿਆਂਦਾ। ਇਸ ਤਰ੍ਹਾਂ ਚੱਲ ਰਹੇ ਅਖੰਡ ਪਾਠ ਨੂੰ ਖੰਡਿਤ ਕਰ ਦਿੱਤਾ ਗਿਆ।
ਅਖੰਡ ਪਾਠ ਦਾ ਖੰਡਿਤ ਕੀਤਾ ਜਾਣਾ ਸਿੱਖਾਂ ਮਰਯਾਦਾ ਦੀ ਘੋਰ ਉਲੰਘਣਾ ਸੀ ਅਤੇ ਇਸ ਘਟਨਾ ਨੇ ਮਹਾਰਾਜਾ ਦੇ ਰਾਜਸੀ ਸਵਾਲ ਨੂੰ ਧਾਰਮਿਕ ਸਵਾਲ ਬਣਾ ਦਿੱਤਾ। ਇਸ ਤਰ੍ਹਾਂ ਜੈਤੋ ਮੋਰਚੇ ਦਾ ਆਰੰਭ ਹੋਇਆ ਜਿਸ ਦਾ ਮੁੱਖ ਨਿਸ਼ਾਨਾ ਖੰਡਿਤ ਅਖੰਡ ਪਾਠ ਨੂੰ ਮੁੜ ਅਖੰਡਿਤ ਰੂਪ ਵਿਚ ਚਾਲੂ ਕਰਨਾ ਸੀ। ਸਿੱਖਾਂ ਦੀ ਧਾਰਮਿਕ ਜੱਥੇਬੰਦੀ ਨੇ ਇਸ ਮੋਰਚੇ ਦੀ ਕਮਾਨ ਸੰਭਾਲਦਿਆਂ ਅੰਮ੍ਰਿਤਸਰ ਤੋਂ ਹਰ ਰੋਜ਼ 25-25 ਸਿੰਘਾਂ ਦੇ ਜੱਥੇ ਜੈਤੋ ਵੱਲ ਭੇਜਣੇ ਆਰੰਭ ਕਰ ਦਿੱਤੇ। 25 ਸਿੰਘਾਂ ਦਾ ਇਕ ਜੱਥਾ ਹਰ ਰੋਜ਼ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਚੱਲ ਕੇ ਜਦੋਂ ਜੈਤੋ ਪਹੁੰਚਦਾ ਤਾਂ ਹਕੂਮਤ ਵੱਲੋਂ ਇਨ੍ਹਾਂ ਸਿੰਘਾਂ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਅਤੇ ਜੰਗਲਾਂ ਵਿਚ ਲਿਜਾ ਕੇ ਛੱਡ ਦਿੱਤਾ ਜਾਂਦਾ।
ਇਸ ਮੋਰਚੇ ਦੀ ਚਰਚਾ ਪੰਜਾਬ ਤੋਂ ਬਾਹਰ ਵੀ ਹੋਣ ਲੱਗੀ। ਦਿੱਲੀ ਵਿਚ ਹੋਏ ਇੰਡੀਅਨ ਨੈਸ਼ਨਲ ਕਾਂਗਰਸ ਦੇ ਇਕ ਇਜਲਾਸ ਵਿਚ ਮਹਾਰਾਜਾ ਨਾਭਾ ਨੂੰ ਗੱਦੀਓਂ ਲਾਹੇ ਜਾਣ ਬਾਰੇ ਅਤੇ ਜੈਤੋ ਦੇ ਧਾਰਮਿਕ ਮੋਰਚੇ ਬਾਰੇ ਕਾਂਗਰਸ ਵੱਲੋਂ ਹਮਦਰਦੀ ਪ੍ਰਗਟ ਕੀਤੀ ਗਈ। ਕਾਂਗਰਸ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ, ਪ੍ਰਿੰਸੀਪਲ ਗਿਡਵਾਨੀ ਅਤੇ ਮਿਸਟਰ ਕੇ. ਸਨਾਤਮ ਨੂੰ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਜੈਤੋ ਮੰਡੀ ਭੇਜਿਆ ਗਿਆ। ਇਨ੍ਹਾਂ ਤਿੰਨਾਂ ਆਗੂਆਂ ਨੂੰ ਜੈਤੋ ਪੁੱਜਣ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਕ ਰਾਤ ਜੈਤੋ ਕਿਲੇ ਦੀ ਇਕ ਕੋਠੜੀ ਵਿਚ ਬੰਦ ਕਰਨ ਉਪਰੰਤ ਅਗਲੇ ਦਿਨ ਨਾਭਾ ਜੇਲ੍ਹ ਵਿਚ ਭੇਜ ਦਿੱਤਾ।
29 ਸਤੰਬਰ 1923 ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਹਕੂਮਤ ਦੀ ਦਖ਼ਲਅੰਦਾਜ਼ੀ ਨਾ ਸਹਿਣ ਕਰਨ ਦਾ ਮਤਾ ਪਾਸ ਕੀਤਾ ਗਿਆ ਅਤੇ ਹਰ ਰੋਜ਼ 25-25 ਸਿੰਘਾਂ ਦੇ ਜੱਥੇ ਭੇਜਣ ਨਾਲ ਕੋਈ ਤਸੱਲੀਬਖਸ਼ ਸਿੱਟਾ ਨਿਕਲਦਾ ਨਾ ਵੇਖ ਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ 500-500 ਸਿੰਘਾਂ ਦਾ ਜੱਥੇ ਭੇਜਣ ਦਾ ਫੈਸਲਾ ਕੀਤਾ ਗਿਆ। 500 ਸਿੰਘਾਂ ਦਾ ਪਹਿਲਾ 'ਸ਼ਹੀਦੀ ਜਥਾ' ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਰਵਾਨਾ ਹੋਇਆ। ਇਸ ਜਥੇ ਨੇ ਪ੍ਰਣ ਕੀਤਾ ਸੀ ਕਿ ਉਹ ਜੈਤੋ ਪਹੁੰਚ ਕੇ ਅਖੰਡ ਪਾਠ ਸਾਹਿਬ ਮੁੜ ਸ਼ੁਰੂ ਕਰਨਗੇ ਭਾਵੇਂ ਇਸ ਲਈ ਉਨ੍ਹਾਂ ਨੂੰ ਆਪਣੀਆਂ ਜਾਨਾਂ ਹੀ ਕਿਉਂ ਨਾ ਵਾਰਨੀਆਂ ਪੈਣ। ਰਸਤੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਇਸ ਜਥੇ ਦਾ ਭਰਵਾਂ ਸਵਾਗਤ ਕੀਤਾ। ਕਾਂਗਰਸੀ ਨੇਤਾ ਡਾਕਟਰ ਕਿਚਲੂ, ਪਿੰਸੀਪਲ ਗਿਡਵਾਨੀ ਅਤੇ ਨਿਊਯਾਰਕ ਟਾਈਮਜ਼ ਦੇ ਪ੍ਰਤੀਨਿਧ ਮਿਸਟਰ ਜ਼ਿੰਮਦ ਵੀ ਕਾਰ ਵਿਚ ਸਵਾਰ ਹੋ ਕੇ ਜਥੇ ਦੇ ਨਾਲ-ਨਾਲ ਚੱਲ ਰਹੇ ਸਨ ਪਰ ਹਕੂਮਤ ਦੇ ਅਹਿਲਕਾਰਾਂ ਨੇ ਇਨ੍ਹਾਂ ਨੇਤਾਵਾਂ ਨੂੰ ਨਾਭਾ ਰਿਆਸਤ ਦੀ ਹੱਦ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ।
ਜਦੋਂ ਇਹ ਜਥਾ ਜੈਤੋ ਦੇ ਨਜ਼ਦੀਕ ਪਹੁੰਚਿਆ ਤਾਂ ਅੰਗਰੇਜ਼ ਪ੍ਰਸ਼ਾਸਕ ਵਿਲਸਨ ਜੌਹਨਸਨ ਨੇ ਜਥੇ ਨੂੰ ਅੱਗੇ ਨਾ ਵਧਣ ਦਾ ਹੁਕਮ ਦਿੱਤਾ। ਪਰ ਸਿੰਘ ਅਡੋਲ ਰਹੇ ਅਤੇ "ਸਤਿ ਸ੍ਰੀ ਅਕਾਲ" ਦੇ ਜੈਕਾਰੇ ਛੱਡਦੇ ਹੋਏ ਅੱਗੇ ਵਧਦੇ ਗਏ। ਅੰਗਰੇਜ਼ੀ ਫੌਜ ਨੇ ਨਿਹੱਥੇ ਸਿੰਘਾਂ 'ਤੇ ਮਸ਼ੀਨਗੰਨਾਂ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖ਼ੂਨੀ ਕਾਰੇ ਵਿੱਚ ਸੈਂਕੜੇ ਸਿੰਘ ਸ਼ਹੀਦ ਅਤੇ ਜ਼ਖ਼ਮੀ ਹੋਏ। ਸ਼ਰੋਮਣੀ ਕਮੇਟੀ ਅਨੁਸਾਰ ਇਸ ਘਟਨਾ ਵਿਚ 300 ਸਿੰਘ ਗੋਲੀਆਂ ਦਾ ਸ਼ਿਕਾਰ ਹੋਏ ਜਿਨ੍ਹਾਂ ਵਿੱਚੋਂ 100 ਸਿੰਘ ਸ਼ਹਾਦਤ ਹਾਸਲ ਕਰ ਗਏ।
ਇਸ ਕਤਲੇਆਮ ਦੀ ਖ਼ਬਰ ਪੂਰੀ ਦੁਨੀਆ ਵਿੱਚ ਫੈਲ ਗਈ, ਜਿਸ ਨਾਲ ਬ੍ਰਿਟਿਸ਼ ਹਕੂਮਤ ਦੀ ਬਹੁਤ ਬਦਨਾਮੀ ਹੋਈ। ਦੂਜੇ ਪਾਸੇ ਸਿੱਖਾਂ ਦਾ ਖੂਨ ਖੌਲਣ ਲੱਗਾ ਅਤੇ ਮੋਰਚੇ ਵਿਚ ਸ਼ਹਾਦਤ ਪਾਉਣ ਦਾ ਚਾਅ ਠਾਠਾਂ ਮਾਰਨ ਲੱਗਾ। ਲੋਕ ਸ਼ਹੀਦੀ ਜਥਿਆਂ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਲੱਗੇ। ਪਹਿਲੇ ਸ਼ਹੀਦੀ ਜਥੇ 'ਤੇ ਗੋਲੀ ਚਲਾਏ ਜਾਣ ਦੇ ਬਾਵਜੂਦ ਸਿੱਖਾਂ ਦੇ ਹੌਸਲੇ ਨਾ ਸਿਰਫ਼ ਬਾ-ਦਸਤੂਰ ਕਾਇਮ ਰਹੇ ਸਗੋਂ ਸਿੱਖਾਂ ਵਿਚ ਰੋਹ ਤੇ ਜੋਸ਼ ਦਾ ਵਾਧਾ ਹੋਇਆ। ਸਿੱਖਾਂ ਨੇ ਇੱਕ ਤੋਂ ਬਾਅਦ ਇੱਕ 17 ਸ਼ਹੀਦੀ ਜਥੇ ਭੇਜੇ। ਅਖੀਰ ਅੰਗਰੇਜ਼ੀ ਹਕੂਮਤ ਨੂੰ ਝੁਕਣਾ ਪਿਆ ਅਤੇ ਸਰਕਾਰ ਨੇ 21 ਜੁਲਾਈ 1925 ਨੂੰ ਬਿਨਾਂ ਸ਼ਰਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਅਖੰਡ ਪਾਠ ਕਰਨ ਦੀ ਇਜਾਜ਼ਤ ਦੇ ਦਿੱਤੀ। ਸਿੱਖ ਸੰਗਤ ਵੱਲੋਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਮੁੜ ਅਖੰਡ ਪਾਠ ਸ਼ੁਰੂ ਕਰ ਕੇ ਭੋਗ ਪਾਏ ਗਏ। ਇਸ ਮੋਰਚੇ ਦੀ ਸਭ ਤੋਂ ਵੱਡੀ ਪ੍ਰਾਪਤੀ 'ਸਿੱਖ ਗੁਰਦੁਆਰਾ ਐਕਟ' ਦਾ ਪਾਸ ਹੋਣਾ ਸੀ। ਇਸ ਐਕਟ ਰਾਹੀਂ ਗੁਰਦੁਆਰਿਆਂ ਦਾ ਪ੍ਰਬੰਧ ਸਿੱਧੇ ਤੌਰ 'ਤੇ ਸਿੱਖ ਕੌਮ ਦੁਆਰਾ ਚੁਣੀ ਗਈ ਸੰਸਥਾ (ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਹੱਥ ਵਿੱਚ ਆ ਗਿਆ। ਗੁਰਦੁਆਰਿਆਂ ਵਿੱਚੋਂ ਭ੍ਰਿਸ਼ਟ ਮਹੰਤਾਂ ਦਾ ਕਬਜ਼ਾ ਹਮੇਸ਼ਾ ਲਈ ਖ਼ਤਮ ਹੋ ਗਿਆ ਅਤੇ ਮਰਯਾਦਾ ਅਨੁਸਾਰ ਸੇਵਾ-ਸੰਭਾਲ ਸ਼ੁਰੂ ਹੋਈ।
ਪੰਡਿਤ ਜਵਾਹਰ ਲਾਲ ਨਹਿਰੂ ਨੇ ਇਸ ਮੋਰਚੇ ਬਾਰੇ ਕਿਹਾ ਸੀ ਕਿ ਉਨ੍ਹਾਂ ਨੇ ਸਿੱਖਾਂ ਤੋਂ "ਸ਼ਾਂਤਮਈ ਸਤਿਆਗ੍ਰਹਿ" ਦਾ ਅਸਲੀ ਮਤਲਬ ਸਿੱਖਿਆ ਹੈ। ਉਨ੍ਹਾਂ ਅਨੁਸਾਰ ਜਿੰਨੀ ਦ੍ਰਿੜਤਾ ਸਿੱਖਾਂ ਨੇ ਦਿਖਾਈ, ਉਹ ਬੇਮਿਸਾਲ ਸੀ। ਮੋਰਚੇ ਦੀ ਸਫਲਤਾ ਤੋਂ ਬਾਅਦ ਮਹਾਤਮਾ ਗਾਂਧੀ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਇੱਕ ਟੈਲੀਗਰਾਮ ਰਾਹੀਂ ਭੇਜੇ ਇਕ ਸੰਦੇਸ਼ ਵਿੱਚ ਲਿਖਿਆ ਸੀ ਕਿ ਭਾਰਤ ਦੀ ਆਜ਼ਾਦੀ ਦੀ ਪਹਿਲੀ ਲੜਾਈ ਜਿੱਤੀ ਗਈ ਹੈ, ਵਧਾਈਆਂ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਮੋਰਚਾ ਭਾਰਤ ਦੇ ਸਮੁੱਚੇ ਆਜ਼ਾਦੀ ਸੰਗਰਾਮ ਲਈ ਕਿੰਨੀ ਵੱਡੀ ਪ੍ਰੇਰਣਾ ਬਣਿਆ।
ਸ਼ਹੀਦੀ ਜੱਥੇ ਉਪਰ ਜਿਸ ਸਥਾਨ ‘ਤੇ ਗੋਲੀ ਚਲਾਈ ਗਈ ਸੀ ਉਸ ਜਗ੍ਹਾ ਉੱਪਰ ਗੁਰਦੁਆਰਾ ਟਿੱਬੀ ਸਾਹਿਬ ਉਸਾਰਿਆ ਗਿਆ ਹੈ ਅਤੇ ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਅਖੰਡ ਪਾਠਾਂ ਦੀ ਇਕੋਤਰੀ ਚਲਾਈ ਜਾਂਦੀ ਹੈ ਅਤੇ 21 ਫਰਵਰੀ ਨੂੰ ਸ਼ਹੀਦੀ ਜੋੜ ਮੇਲਾ ਮਨਾਇਆ ਜਾਂਦਾ ਹੈ ਜਿਸ ਵਿਚ ਸ਼ਾਮਲ ਹੋ ਕੇ ਸੰਗਤਾਂ ਜੈਤੋ ਮੋਰਚੇ ਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੁੰਦੀਆਂ ਹਨ।