ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਕਾਲਜ ਦੇ ਚੇਅਰਮੈਨ ਐਮ ਪੀ ਐਸ ਚੱਢਾ, ਪ੍ਰਿੰਸੀਪਲ ਪ੍ਰੋਫੈਸਰ ਕਵਲ ਗਿੱਲ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪੀਤਮਪੁਰਾ ਵਿਚ ਸਕਿੱਲ ਡਵੈਲਪਮੈਂਟ ਸੈਂਟਰ ’ਸਕਿੱਲ ਵਰਸ’ ਦਾ ਉਦਘਾਟਨ ਕੀਤਾ।
ਇਸ ਮੌਕੇ ਹਾਜ਼ਰ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਸਕਿੱਲ ਯਾਨੀ ਹੁਨਰ ਸਿੱਖਿਆ ਸਭ ਤੋਂ ਜ਼ਰੂਰੀ ਹੈ। ਉਹਨਾਂ ਕਿਹਾ ਕਿ ਮੌਜੂਦਾ ਦੌਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਦਾ ਦੌਰ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਉਹ ਇਸ ਸਕਿੱਲ ਡਵੈਲਪਮੈਂਟ ਸੈਂਟਰ ਦਾ ਉਦਘਾਟਨ ਉਸ ਵੇਲੇ ਕਰ ਰਹੇ ਹਨ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਦੇਸ਼ ਵਿਚ ਏ ਆਈ ਸੰਮੇਲਨ ਭਾਰਤ ਮੰਡਪਮ ਵਿਖੇ ਹੋ ਰਿਹਾ ਹੈ ਜਿਸ ਵਿਚ ਦੇਸ਼ ਤੋਂ ਵੱਡੀਆਂ ਵੱਡੀਆਂ ਸ਼ਖਸੀਅਤਾਂ ਸਮੇਤ 35 ਹਜ਼ਾਰ ਤੋਂ ਜ਼ਿਆਦਾ ਮਾਹਿਰਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਕਵਲ ਗਿੱਲ ਨੂੰ ਵੀ ਇਹ ਅਪੀਲ ਕੀਤੀ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਇਸ ਏ ਆਈ ਸੰਮੇਲਨ ਵਿਚ ਭੇਜਿਆ ਜਾਵੇ ਤਾਂ ਜੋ ਵਿਦਿਆਰਥੀ ਇਸ ਖੇਤਰ ਵਿਚ ਹੋਈ ਤਰੱਕੀ ਦੀ ਸਹੀ ਜਾਣਕਾਰੀ ਲੈ ਸਕਣ ਤੇ ਜ਼ਿੰਦਗੀ ਵਿਚ ਇਸ ਖੇਤਰ ਵਿਚ ਬੁਲੰਦੀਆਂ ਛੂਹ ਸਕਣ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਵੀ ਬਹੁਤ ਖੁਸ਼ੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਵਿਚ ਪਿਛਲੇ ਕੁਝ ਸਾਲਾਂ ਵਿਚ ਬਹੁਤ ਤਰੱਕੀ ਹੋਈ ਹੈ ਜਿਸਦਾ ਸਿਹਰਾ ਪ੍ਰਿੰਸੀਪਲ ਤੇ ਸਟਾਫ ਨੂੰ ਜਾਂਦਾ ਹੈ ਜਿਹਨਾਂ ਨੇ ਆਪਣੀ ਮਿਹਨਤ ਦੀ ਬਦੌਲਤ ਇਹ ਸਭ ਕੁਝ ਖੜ੍ਹਾ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਕਵਲ ਗਿੱਲ ਨੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਦਾ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਹੁਨਰ ਸਿੱਖਿਆ ਪ੍ਰਦਾਨ ਕਰਨ ਵਾਸਤੇ ਇਸ ਕੇਂਦਰ ਨੂੰ ਇਸ ਮਿਆਰੀ ਕੇਂਦਰ ਵਜੋਂ ਸਾਹਮਣੇ ਲਿਆਉਣਗੇ। ਇਸ ਮੌਕੇ ਕਾਲਜ ਦੇ ਚੇਅਰਮੈਨ ਸਰਦਾਰ ਐਮ ਪੀ ਐਸ ਚੱਢਾ, ਕੈਸ਼ੀਅਰ ਸਰਦਾਰ ਗੁਰਿੰਦਰ ਸਿੰਘ ਰਾਜੂ ਅਤੇ ਸਕਿੱਲ ਡਵੈਲਪਮੈਂਟ ਸੈਂਟਰ ਦੇ ਕੋਆਰਡੀਨੇਟਰ ਸ੍ਰੀਮਤੀ ਜਸਲੀਨ ਕੌਰ ਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।