ਅੰਮ੍ਰਿਤਸਰ - ਕੈਨੇਡਾ ਦੇ ਟਰਾਂਟੋ ਤੋ ਮੈਂਬਰ ਪਾਰਲੀਮੈਂਟ ਸ੍ਰੀ ਅਮਰਜੀਤ ਸਿੰਘ ਗਿਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਗਿੱਲ ਨੇ ਕਿਹਾ ਕਿ ਗੁਰੂ ਘਰ ਆ ਕੇ ਮਨ ਨੂੰ ਬਹੁਤ ਸ਼ਾਤੀ ਮਿਲੀ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਸਾਹਿਬ ਅਤੇ ਵਖ ਵਖ ਅਧਿਕਾਰੀਆਂ ਨਾਲ ਮੁਲਾਕਾਤ ਵੀ ਹੋਈ ਹੈ ਅਤੇ ਅਸੀ ਸਿੱਖ ਕੌਮ ਦੀ ਚੜ੍ਹਦੀ ਕਲਾ ਬਾਰੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਸ਼ੋ੍ਰਮਣੀ ਕਮੇਟੀ ਅਤੇ ਵਿਦੇਸ਼ੀ ਗੁਰਦੁਆਰਾ ਕਮੇਟੀਆਂ ਵਿਚਾਲੇ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਜਿਸ ਨਾਲ ਸਿੱਖੀ ਦਾ ਪ੍ਰਚਾਰ ਵਧੇਗਾ। ਉਨਾਂ ਕੈਨੇਡਾ ਨੂੰ ਮੌਕਿਆਂ ਦੀ ਧਰਤੀ ਦੱਸਦਿਆਂ ਕਿਹਾ ਕਿ ਉੱਥੇ ਸਿੱਖ ਬਹੁਤ ਤਰੱਕੀ ਕਰ ਰਹੇ ਹਨ। ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਉਹ ਹਮੇਸ਼ਾ ਯੂਥ ਦੇ ਹੱਕਾਂ ਦੇ ਮੁਦਈ ਰਹੇ ਹਨ ਅਤੇ ਚਾਹੁੰਦੇ ਹਨ ਕਿ ਨੌਜਵਾਨ ਮਿਹਨਤ ਕਰਕੇ ਆਪਣਾ ਭਵਿੱਖ ਉੱਜਵਲ ਬਣਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਆਏ ਸੀਨੀਅਰ ਅਕਾਲੀ ਸ੍ਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦੇਸ਼ੀ ਧਰਤੀ ਤੇ ਸਾਡੇ ਸਿੱਖ ਭਰਾ ਸਿਆਸੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਨੇਡਾ ਦੀ ਪਾਰਲੀਮੈਂਟ ਵਿੱਚ ਸਿੱਖਾਂ ਦੀ ਵੱਡੀ ਗਿਣਤੀ ਹੈ, ਜੋ ਪੰਜਾਬੀਆਂ ਲਈ ਫ਼ਖ਼ਰ ਦਾ ਵਿਸ਼ਾ ਹੈ।ਸ੍ਰ ਸੰਧੂ ਨੇ ਨਿਊਜ਼ੀਲੈਂਡ ਅਤੇ ਹੋਰ ਥਾਵਾਂ ਤੇ ਵਾਪਰੀਆਂ ਕੁਝ ਸ਼ਰਾਰਤੀ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਲੋਕ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਸਿੱਖ ਸੰਗਤ ਅਤੇ ਪੁਲਿਸ ਦੇ ਸਹਿਯੋਗ ਨਾਲ ਸਭ ਕੁਝ ਸ਼ਾਂਤੀਪੂਰਵਕ ਨੇਪਰੇ ਚੜ੍ਹਦਾ ਹੈ।