ਨਵੀਂ ਦਿੱਲੀ -ਦਿੱਲੀ ਦੇ ਇਕ ਇਲਾਕੇ ਦਿੱਲੀ ਕੈਂਟ ਵਿਖੇ ਪ੍ਰੀਖਿਆ ਲਈ ਪਹੁੰਚੇ ਇਕ ਗੁਰਸਿੱਖ ਲੜਕੇ ਨੂੰ ਸਿੱਖ ਕਕਾਰ ਕਿਰਪਾਨ ਉਤਾਰਨ ਲਈ ਮਜਬੂਰ ਕਰਣ ਦਾ ਸਖ਼ਤ ਨੋਟਿਸ ਲੈਂਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ’ਚ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਨ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿਚ ਦਾਖਲਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦਿੱਲੀ ਕਮੇਟੀ ਪ੍ਰਧਾਨ ਅਤੇ ਸਕੱਤਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਾਮਲੇ ਦਾ ਪਤਾ ਲਗਦਿਆ ਹੀ ਸਮੇਂ ਸਿਰ ਭੇਜੀ ਟੀਮ ਵਲੋਂ ਸਕੂਲ ਪ੍ਰਬੰਧਕਾਂ ਨਾਲ ਮਿਲ਼ ਕੇ ਤੁਰੰਤ ਮਸਲੇ ਨੂੰ ਹੱਲ ਕਰਵਾਇਆ ਗਿਆ ਅਤੇ ਪ੍ਰੀਖਿਆ ਕੇਂਦਰ ਵਿਚ ਸਿੱਖ ਨੌਜੁਆਨ ਨੂੰ ਕਿਰਪਾਨ ਭਿੱਜਵਾ ਦਿੱਤੀ ਗਈ ਗਈ । ਅੰਤ ਵਿਚ ਉਨ੍ਹਾਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰ ਕੇ ਪੇਪਰ ਵਿਚ ਕਾਰਗੁਜ਼ਾਰੀ ਉੱਤੇ ਅਸਰ ਪੈਂਦਾ ਹੈ। ਇਸ ਲਈ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਬਾਰੇ ਜਾਗਰੂਕ ਕਰਦਿਆਂ ਦੇਸ਼ ਦੇ ਹਰ ਸਕੂਲ ਨੂੰ ਸਰਕੂਲਰ ਭੇਜਣਾ ਚਾਹੀਦਾ ਹੈ ਜਿਸ ਨਾਲ ਅੱਗੇ ਤੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰ ਸਕਣ ।