ਅੰਮ੍ਰਿਤਸਰ - ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਮਗਰੋਂ ਜਮਹੂਰੀਅਤ ਪਸੰਦ ਸੰਗਠਨਾਂ ਵੱਲੋਂ ਸਰਕਾਰ ਖੜ੍ਹੇ ਕੀਤੇ ਜਾ ਰਹੇ ਸਵਾਲਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ।" ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ ਤੇ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦਾ ਕਤਲ ਮੰਦਭਾਗਾ ਹੈ, ਪਰ ਪੰਜਾਬ ਸਰਕਾਰ ਨੇ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਬਜਾਏ ਹਫੜਾ-ਦਫੜੀ ਵਿੱਚ ਪਿੰਡ ਆਦੀਆਂ ਦੇ 19 ਸਾਲਾ ਸਿੱਖ ਨੌਜਵਾਨ ਰਣਜੀਤ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਦਿੱਤਾ ਹੈ। ਉਨਾਂ ਕਿਹਾ ਕਿ ਰਣਜੀਤ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਮਨੁੱਖੀ ਅਧਿਕਾਰਾਂ ਦਾ ਸਿੱਧਾ ਉਲੰਘਣ ਹੈ ਅਤੇ ਇਹ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੱਥੇ ਉੱਪਰ ਇੱਕ ਕਲੰਕ ਵੀ ਹੈ। ਉਨਾਂ ਕਿਹਾ ਕਿ ਮਨੁੱਖਤਾ ਦੇ ਇਸ ਘਾਣ ਦੇ ਮੁੱਦੇ ਨੂੰ ਲੈ ਕੇ ਸਮੂਹ ਜਮਹੂਰੀਅਤ ਪਸੰਦ ਸੰਗਠਨਾਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਖਾਸ ਕਰਕੇ ਪੰਥਕ ਸੰਗਠਨਾਂ ਨੂੰ ਇਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਰਕਾਰ ਦੀ ਇਸ ਕੋਝੀ ਹਰਕਤ ਵਿਰੁੱਧ ਇੱਕ ਤਿੱਖਾ ਸੰਘਰਸ਼ ਵਿੱਢਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪੁਲਿਸ ਦੀ ਦਰਿੰਦਗੀ ਦਾ ਸ਼ਿਕਾਰ ਹੋਏ ਰਣਜੀਤ ਸਿੰਘ ਦੇ ਪਰਿਵਾਰ ਅਤੇ ਪਿੰਡ ਵਾਲਿਆਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਰਣਜੀਤ ਸਿੰਘ ਨੂੰ ਪਹਿਲਾਂ ਪੁਲਿਸ ਘਰੋਂ ਚੁੱਕ ਕੇ ਲੈ ਗਈ ਅਤੇ ਬਾਅਦ ਵਿੱਚ ਉਸਦਾ ਝੂਠਾ ਪੁਲਿਸ ਮੁਕਾਬਲਾ ਬਣਾ ਦਿੱਤਾ ਗਿਆ। ਉਨਾਂ ਕਿਹਾ ਕਿ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਸੰਬੰਧ ਵਿੱਚ ਆਪਣੀ ਨਾਲਾਇਕੀ ਨੂੰ ਲੁਕਾਉਣ ਲਈ ਪੁਲਿਸ ਨੇ ਆਦੀਆਂ ਪਿੰਡ ਵਿੱਚ ਨੌਜਵਾਨਾਂ ਉੱਪਰ ਜਬਰ ਕੀਤਾ ਅਤੇ ਇੱਥੋਂ ਤੱਕ ਕਿ ਗੁਰਦੁਆਰਾ ਸਾਹਿਬ ਦੇ ਕੈਮਰਿਆਂ ਦਾ ਡੀ ਵੀ ਆਰ ਵੀ ਚੁੱਕ ਕੇ ਲੈ ਗਈ ਹੈ। ਬਾਪੂ ਤਰਸੇਮ ਸਿੰਘ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾ ਕਿ ਮ੍ਰਿਤਕ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।