ਮਾਨਸਾ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ ਮਾਨਸਾ ਦਾ ਅਚਨਚੇਤ ਦੌਰਾ ਕਰਕੇ ਉਥੇ ਵਿਦਿਆਰਥੀਆਂ ਲਈ ਉਪਲਬਧ ਸੁਵਿਧਾਵਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਨਿਰੰਤਰ ਵਿਆਪਕ ਤੇ ਠੋਸ ਉਪਰਾਲੇ ਕਰ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਜਿ਼ਕਰਯੋਗ ਹੈ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਰਾਜ ਦੇ ਸਰਕਾਰੀ ਸਕੂਲਾਂ ਦੀ ਸਿਖਿਆ ਪ੍ਰਣਾਲੀ ਨੂੰ ਵਧੇਰੇ ਮਜ਼ਬੂਤ ਬਣਾਉਣ ਲਈ ਲਗਾਤਾਰ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਜਾਇਜ਼ਾ ਲੈ ਰਹੇ ਹਨ ਅਤੇ ਬਤੌਰ ਸਿੱਖਿਆ ਮੰਤਰੀ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ 2000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰ ਚੁੱਕੇ ਹਨ ਤਾਂ ਜੋ ਸਿੱਖਿਆ ਤੇ ਪ੍ਰਬੰਧਨ ਦੇ ਮਿਆਰਾਂ ਪੱਖੋਂ ਕੋਈ ਕਮੀ ਨਾ ਰਹੇ।
ਸਕੂਲ ਆਫ਼ ਐਮੀਨੈਂਸ ਮਾਨਸਾ ਦੇ ਦੌਰੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਲਾਸਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਗਿਆਨ ਦੀ ਵੀ ਪਰਖ ਕੀਤੀ ਅਤੇ ਵੱਖ—ਵੱਖ ਸੁਆਲ ਪੁੱਛੇ। ਉਨ੍ਹਾਂ ਸਹੀ ਜਵਾਬ ਦੇਣ ਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਆਪਣੀ ਡਿਊਟੀ ਨੂੰ ਹੋਰ ਵੀ ਜਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਆ। ਇਸ ਦੌਰਾਨ ਉਨ੍ਹਾਂ ਸਕੂਲ ਵਿੱਚ ਬਣ ਰਹੇ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਸਕੂਲ ਵਿੱਚ ਆਰਜ਼ੀ ਸ਼ੈਡ ਹੇਠ ਚੱਲ ਰਹੀ ਕਲਾਸ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 31 ਮਾਰਚ ਤੋਂ ਪਹਿਲਾਂ ਪਹਿਲਾਂ ਨਵਾਂ ਕਲਾਸਰੂਮ ਤਿਆਰ ਹੋ ਜਾਵੇਗਾ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਵਿਖੇ ਸੀਨੀਅਰ ਤੇ ਪ੍ਰਾਇਮਰੀ ਵਿੰਗ ਦੇ ਨਾਲ ਨਾਲ ਸਕੂਲ ਦੀਆਂ ਅੰਦਰੂਨੀ ਤੇ ਬਾਹਰੀ ਥਾਵਾਂ ਦਾ ਦੌਰਾ ਵੀ ਕੀਤਾ। ਇਸ ਦੌਰਾਨ ਸਕੂਲ ਨਜ਼ਦੀਕ ਗੰਦਗੀ ਦੇ ਡੰਪ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਕਿਹਾ ਕਿ ਸਕੂਲ ਵਿੱਚ ਵਿਦਿਆ ਦਾ ਦਾਨ ਮਿਲਦਾ ਹੈ ਇਸ ਲਈ ਇਸ ਨੂੰ ਸਵੱਛ ਰੱਖਣਾ ਜ਼ਰੂਰੀ ਹੁੰਦਾ ਹੈ।ਉਨ੍ਹਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਨੂੰ ਹਦਾਇਤ ਕੀਤੀ ਕਿ ਕੂੜੇ ਦੇ ਡੰਪ ਨੂੰ ਸਕੂਲ ਨੇੜਿਓਂ ਹਟਾਉਣ ਲਈ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਜਿ਼ਲ੍ਹਾ ਸਿੱਖਿਆ ਅਫਸਰ ਨੀਲਮ ਰਾਣੀ ਵੀ ਮੌਜੂਦ ਸਨ।