ਅੰਮ੍ਰਿਤਸਰ -ਕੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਾਲ ਵਿਚ ਰਿਟਾਇਰ ਕੀਤੇ ਗਏ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੀ ਹੁਣ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਾਮਲ ਹੋ ਚੁੱਕੇ ਹਨ ? ਇਹ ਸਵਾਲ ਅੱਜ ਪੰਥਕ ਗਲਿਆਰਿਆਂ ਵਿਚ ਪੂਰਾ ਦਿਨ ਚਰਚਾ ਦਾ ਵਿਸ਼ਾ ਬਣਿਆ ਰਿਹਾ। ਦਰਅਸਲ ਅਕਾਲੀ ਦਲ ਪੁਨਰ ਸੁਰਜੀਤ ਦੇ ਵਲੋ ਹੋਲਾ ਮੁਹੱਲਾ ਦੇ ਮੌਕੇ ਤੇ ਕਰਵਾਈ ਜਾ ਰਹੀ ਪੰਥਕ ਅਕਾਲੀ ਕਾਨਫਰੰਸ ਜੋ ਕਿ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਹੈ ਦੇ ਸ਼ੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣੇ ਪੋਸਟਰ ਨੂੰ ਦੇਖ ਕੇ ਤਾਂ ਇਹ ਹੀ ਕਿਹਾ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਵੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਾਮਲ ਹੋ ਚੁੱਕੇ ਹਨ। ਪੋਸਟਰ ਤੇ ਗਿਆਨੀ ਰਘਬੀਰ ਸਿੰਘ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਬਰਾਬਰ ਤੇ ਤਸਵੀਰਾਂ ਹਨ। ਇਨਾਂ ਦੇ ਨਾਲ ਨਾਲ ਪਾਰਟੀ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਅਤੇ ਸ੍ਰ ਰਵੀਇੰਦਰ ਸਿੰਘ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਜਿਕਰਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਵਖ ਵਖ ਆਗੂਆਂ ਨੂੰ ਸੇਵਾ ਲਗਾਈ ਸੀ ਉਨਾਂ ਵਿਚ ਗਿਆਨੀ ਰਘਬੀਰ ਸਿੰਘ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗਿਆਨੀ ਹਰਪ੍ਰੀਤ ਸਿੰਘ ਬਤੌਰ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸ਼ਾਮਲ ਹੋਏ ਸਨ। ਅਕਾਲੀ ਦਲ ਪੁਨਰ ਸਰਜੀਤ ਦਾ ਗਠਨ ਹੋਣ ਤੋ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਪਾਰਟੀ ਦਾ ਪ੍ਰਧਾਨ ਨਾਮਜਦ ਕੀਤਾ ਗਿਆ ਸੀ।