ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦਾ ਹੈ ਜੇਕਰ ਅਸੀਂ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ’ਤੇ ਚਲਦਿਆਂ ਪੰਥ ਦੀ ਸੇਵਾ ਕਰੀਏ। ਸ੍ਰੀ ਆਨੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਿਸ਼ਾਲ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 106 ਸਾਲ ਪਹਿਲਾਂ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਖੀ ਵਾਸਤੇ ਅਕਾਲੀ ਦਲ ਦੀ ਸਥਾਪਨਾ ਕੀਤੀ ਸੀ ਪਰ ਅੱਜ ਅਕਾਲੀ ਦਲ ’ਤੇ ਬੈਠੇ ਪਰਿਵਾਰ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਕਮੇਟੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ 70 ਸਾਲਾਂ ਤੋਂ ਕਾਬਜ਼ ਇਹ ਪਰਿਵਾਰ ਹਰ ਉਸ ਵਿਅਕਤੀ ਨੂੰ ਲਾਂਭੇ ਕਰ ਦਿੰਦਾ ਹੈ ਜੋ ਹੱਕ ਸੱਚ ਦੀ ਗੱਲ ਕਰਦਾ ਹੈ। ਉਹਨਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ ਨੂੰ ਇਕ ਇਤਿਹਾਸ ਸਿਰਜਿਆ ਸੀ ਜੋ ਇਕ ਸਦੀ ਵਿਚ ਕਦੇ ਨਹੀਂ ਸਿਰਜਿਆ ਗਿਆ। ਉਹਨਾਂ ਕਿਹਾ ਕਿ ਜਦੋਂ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਚਲੇ ਭ੍ਰਿਸ਼ਟਾਚਾਰ ਦੀ ਗੱਲ ਕੀਤੀ ਤਾਂ ਉਹਨਾਂ ਨੂੰ ਵੀ ਹੈਡ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ। ਪੰਜਾਬ ਵਿਚ ਹੋ ਰਹੇ ਧਰਮ ਪਰਿਵਰਤਨ ਦੀ ਗੱਲ ਕਰਦਿਆਂ ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਰਦਾਰ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਧਰਮ ਪ੍ਰਚਾਰ ਵਿੰਗ ਪੰਜਾਬ ਦੀ ਸਥਾਪਨਾ ਕੀਤੀ ਗਈ ਜਿਸਨੇ ਬਹੁਤ ਮਿਹਨਤ ਨਾਲ 2000 ਲੋਕਾਂ ਨੂੰ ਮੁੜ ਤੋਂ ਗੁਰੂ ਨਾਲ ਜੋੜਨ ਵਿਚ ਸਫਲਤਾ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਜਿੰਨਾ ਸਿੱਖੀ ਦਾ ਪ੍ਰਚਾਰ ਕਰਾਂਗੇ, ਉਨੇ ਹੀ ਸਫਲ ਹੋਵਾਂਗੇ। ਉਹਨਾਂ ਕਿਹਾ ਕਿ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ 2 ਦਸੰਬਰ ਦੇ ਹੁਕਮਨਾਮੇ ਅਨੁਸਾਰ ਇਸ ਅਕਾਲੀ ਦਲ ਵਿਚ ਭਰਤੀ ਕੀਤੀ ਗਈ ਤੇ ਪੂਰੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਕੰਮ ਕਰਨ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਸਫਲ ਹੋ ਸਕਾਂਗੇ। ਉਹਨਾਂ ਇਹ ਵੀ ਕਿਹਾ ਕਿ ਇਕ ਪਰਿਵਾਰ ਦੀ ਅਗਵਾਈ ਹੇਠ ਚਲ ਰਹੇ ਅਕਾਲੀ ਦਲ ਨੇ 10 ਸਾਲ ਸੱਤਾ ਵਿਚ ਹੁੰਦਿਆਂ ਕਦੇ ਵੀ ਵਿਧਾਨ ਸਭਾ ਵਿਚ ਬੰਦੀ ਸਿੰਘਾਂ ਦਾ ਮਤਾ ਪਾਸ ਨਹੀਂ ਕੀਤਾ। ਇਹ ਪਰਿਵਾਰ 10 ਸਾਲ ਕੇਂਦਰ ਵਿਚ ਸੱਤਾ ਦਾ ਸੁੱਖ ਹੰਢਾਉਂਦਾ ਰਿਹਾ ਤੇ ਜਿਉਂ ਹੀ ਇਹਨਾਂ ਦਾ ਗਠਜੋੜ ਟੁੱਟਿਆ, ਇਹਨਾਂ ਨੇ ਬੰਦੀ ਸਿੰਘਾਂ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਪਹਿਲਾਂ ਇਹੀ ਲੋਕ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ।