ਚੰਡੀਗੜ੍ਹ-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ।
ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ' ਪੋਰਟਲ ਰਾਹੀਂ 28, 000 ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇੰਨੀ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਉੱਦਮਤਾ ਵਿੱਚ ਔਰਤਾਂ ਦੀ ਵਧਦੀ ਭਾਗੀਦਾਰੀ ਅਤੇ ਆਰਥਿਕ ਤੌਰ 'ਤੇ ਸੁਤੰਤਰ ਹੋਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦੀਆਂ ਹਨ।
ਹੁਣ ਤੱਕ ਹਲਕਾ ਪੱਧਰ 'ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਛੋਟੇ ਕਾਰੋਬਾਰਾਂ, ਘਰੇਲੂ ਉਦਯੋਗਾਂ, ਖੇਤੀਬਾੜੀ ਨਾਲ ਸਬੰਧਤ ਉੱਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਵੇਗਾ।
ਪ੍ਰੋਗਰਾਮ ਅਧੀਨ ਸਨਮਾਨ ਦੇਣ ਦੀ ਪ੍ਰਕਿਰਿਆ ਕਈ ਪੜਾਵਾਂ ਵਿੱਚ ਚਲਾਈ ਜਾ ਰਹੀ ਹੈ। ਹਲਕਾ ਪੱਧਰ 'ਤੇ ਲਗਭਗ 11, 700 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2, 300 ਔਰਤਾਂ ਦੀ ਚੋਣ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ, ਜਿੱਥੇ ਹਰੇਕ ਜ਼ਿਲ੍ਹੇ ਵਿੱਚੋਂ 100 ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।
ਪ੍ਰੋਗਰਾਮ ਦਾ ਅੰਤਿਮ ਪੜਾਅ 18 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ, ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੁਣੀਆਂ ਗਈਆਂ ਇਨ੍ਹਾਂ ਔਰਤਾਂ ਵਿੱਚੋਂ ਹਰੇਕ ਨੂੰ ਉਨ੍ਹਾਂ ਦੀਆਂ ਉੱਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25, 000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਿਰਫ਼ 8 ਮਾਰਚ ਦੇ ਇੱਕ ਦਿਨ ਦੇ ਸਮਾਗਮ ਵਜੋਂ ਨਹੀਂ, ਸਗੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਜਸ਼ਨ ਵਜੋਂ ਮਨਾ ਰਹੀ ਹੈ। ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਵਰਗੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਔਰਤਾਂ ਨੂੰ ਉੱਦਮਤਾ ਦੇ ਖੇਤਰ ਵਿੱਚ ਕਦਮ ਰੱਖਣ ਅਤੇ ਆਪਣੇ ਭਾਈਚਾਰਿਆਂ ਵਿੱਚ ਆਰਥਿਕ ਤਬਦੀਲੀ ਦੀਆਂ ਆਗੂ ਬਣਨ ਲਈ ਉਤਸ਼ਾਹਿਤ ਕਰਨਾ ਹੈ।
ਸੂਬੇ ਦੀ ਆਰਥਿਕਤਾ ਵਿੱਚ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਹਜ਼ਾਰਾਂ ਹੋਰਨਾਂ ਨੂੰ ਸਵੈ-ਨਿਰਭਰਤਾ ਅਤੇ ਨਵੀਨਤਾ ਲਈ ਪ੍ਰੇਰਿਤ ਕਰਨ ਵੱਲ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।