ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਬਾਬਾ ਦੀਪ ਸਿੰਘ ਫੈਡਰੇਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਬਾਗੀ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ ਚਰਨਜੀਤ ਬਰਾੜ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ।
ਰਸ਼ਪਾਲ ਸਿੰਘ ਬਾਗੀ ਨੇ ਇਸ ਮੌਕੇ ਕਿਹਾ ਕਿ ਭਾਜਪਾ ਦਾ ਹਿੱਸਾ ਬਣ ਕੇ ਉਹ ਆਪਣੇ ਆਪ ਨੂੰ ਗੌਰਵਾਨਵਿਤ ਮਹਿਸੂਸ ਕਰਦੇ ਹਨ। ਉਨ੍ਹਾਂ ਦੇ ਅਨੁਸਾਰ ਭਾਜਪਾ ਹਮੇਸ਼ਾ ਦੇਸ਼ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਰਹੀ ਹੈ ਅਤੇ ਇਹੀ ਸੇਵਾ ਭਾਵਨਾ ਉਨ੍ਹਾਂ ਨੂੰ ਇਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਕੀਤੀ ਸੇਵਾ ਨੂੰ ਉਹ ਹੁਣ ਭਾਜਪਾ ਦੇ ਮੰਚ ਰਾਹੀਂ ਹੋਰ ਵਿਸ਼ਾਲ ਪੱਧਰ ‘ਤੇ ਜਾਰੀ ਰੱਖਣਾ ਚਾਹੁੰਦੇ ਹਨ। ਉਨ੍ਹਾਂ ਦੇ ਅਨੁਸਾਰ ਲੋਕਾਂ ਦੀ ਭਲਾਈ, ਨੌਜਵਾਨਾਂ ਦੀ ਤਰੱਕੀ ਅਤੇ ਸਮਾਜਿਕ ਏਕਤਾ ਲਈ ਕੰਮ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਰਹੇਗਾ।
ਰਸ਼ਪਾਲ ਸਿੰਘ ਬਾਗੀ ਨੇ ਇਹ ਵੀ ਕਿਹਾ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਭਾਜਪਾ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ ਹਰ ਸਮੇਂ ਪਾਰਟੀ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੀ ਪੂਰੀ ਯੋਗਤਾ ਅਤੇ ਤਜਰਬੇ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਸਰਵੋਤਮ ਯੋਗਦਾਨ ਦੇਣਗੇ।