ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਦੇ ਮਾਣ-ਸਨਮਾਨ ਅਤੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਸਦਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਅਤੇ ਹੋਰ ਮੈਂਬਰ ਜੋ ਔਰਤਾਂ ਦੇ ਮਾਣ-ਸਨਮਾਨ ਬਾਰੇ ਗੱਲ ਕਰਦੇ ਹਨ, ਉਨ੍ਹਾਂ ਨੂੰ ਪਹਿਲਾਂ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਮੁੱਖ ਮੰਤਰੀ ਦੀਆਂ ਟਿੱਪਣੀਆਂ ਦੀ ਨਿੰਦਾ ਕਰਨਗੇ, ਜੋ ਔਰਤਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦੀਆਂ ਹਨ।
ਬੀਬੀ ਗਨੀਵ ਕੌਰ ਮਜੀਠੀਆ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਆਪਣੇ ਭਾਸ਼ਣਾਂ ਵਿੱਚ ਵਾਰ-ਵਾਰ ਔਰਤਾਂ ਵਿਰੁੱਧ ਟਿੱਪਣੀਆਂ ਕਰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਸਦਨ ਵਿੱਚ ਕੋਈ ਮੈਂਬਰ ਇਸ 'ਤੇ ਇਤਰਾਜ਼ ਕਰੇਗਾ ਅਤੇ ਮੁੱਖ ਮੰਤਰੀ ਦੀ ਆਲੋਚਨਾ ਕਰੇਗਾ। ਬੀਬੀ ਮਜੀਠੀਆ ਨੇ ਆਂਗਣਵਾੜੀ ਵਰਕਰਾਂ ਨਾਲ ਕੀਤੇ ਗਏ ਸਲੂਕ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਂਗਣਵਾੜੀ ਔਰਤਾਂ ਨਾਲ ਵਿਵਹਾਰ ਕੀਤਾ ਗਿਆ ਹੈ ਉਹ ਬਹੁਤ ਹੀ ਮੰਦਭਾਗਾ ਹੈ ਅਤੇ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।
ਸਪੀਕਰ ਵੱਲੋਂ ਉਨ੍ਹਾਂ ਨੂੰ ਬੋਲਣ ਦਾ ਮੌਕਾ ਦੇਣ ਤੋਂ ਬਾਅਦ, ਸਦਨ ਵਿੱਚ ਮਾਹੌਲ ਗਰਮ ਹੋ ਗਿਆ, ਜਦੋਂ ਸੱਤਾਧਾਰੀ ਧਿਰ ਦੇ ਕੁਝ ਵਿਧਾਇਕ ਹੱਸਣ ਲੱਗ ਪਏ। ਬੀਬੀ ਗਨੀਵ ਕੌਰ ਮਜੀਠੀਆ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਪੁੱਛਿਆ, "ਜੇ ਸਪੀਕਰ ਨੇ ਮੇਰਾ ਨਾਮ ਲੈ ਕੇ ਮੈਨੂੰ ਬੋਲਣ ਦਾ ਮੌਕਾ ਦਿੱਤਾ ਹੈ, ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਿਉਂ ਹੱਸ ਰਹੇ ਹਨ? ਕੀ ਇਸ ਤਰ੍ਹਾਂ ਸਦਨ ਵਿੱਚ ਔਰਤਾਂ ਦਾ ਸਤਿਕਾਰ ਕੀਤਾ ਜਾਂਦਾ ਹੈ?" ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਖੜ੍ਹੇ ਹੋ ਗਏ ਅਤੇ ਬੀਬੀ ਮਜੀਠੀਆ ਨਾਲ ਬਹਿਸ ਕਰਨ ਲੱਗੇ, ਪਰ ਉਨ੍ਹਾਂ ਨੇ ਇਕੱਲੇ ਹੀ ਸਾਰੇ ਵਿਧਾਇਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣੀ ਗੱਲ ਮਜ਼ਬੂਤੀ ਨਾਲ ਪੇਸ਼ ਕੀਤੀ।
ਬੀਬੀ ਗਨੀਵ ਕੌਰ ਮਜੀਠੀਆ ਨੇ ਮੰਗ ਕੀਤੀ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਇਰਲ ਵੀਡੀਓ ਦਾ ਨੋਟਿਸ ਲੈਣ । ਮਜੀਠੀਆ ਨੇ ਕਿਹਾ ਕਿ ਭਾਰਤੀ ਸੰਵਿਧਾਨ ਔਰਤਾਂ ਨੂੰ ਸਮਾਨਤਾ ਅਤੇ ਮਾਣ-ਸਨਮਾਨ ਦੇ ਅਧਿਕਾਰ ਦੀ ਗਰੰਟੀ ਦਿੰਦਾ ਹੈ, ਇਸ ਲਈ ਇਸ ਮਾਮਲੇ ਵਿੱਚ ਖੁਦ ਹੀ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।