ਅੰਮ੍ਰਿਤਸਰ -ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਟਾਵਰ ਮੋਰਚੇ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪ੍ਰੈਸ ਸਕੱਤਰ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ 12 ਮਾਰਚ ਨੂੰ ਪਾਰਟੀ ਵਰਕਰਾਂ ਦਾ ਵੱਡਾ ਜੱਥਾ ਸਮਾਣਾ ਪਹੁੰਚ ਕੇ ਟਾਵਰ ਮੋਰਚੇ ਵਿੱਚ ਹਾਜ਼ਰੀ ਭਰੇਗਾ ਅਤੇ ਪੰਜਾਬ ਸਰਕਾਰ ਤੋਂ ਮੰਗ ਕਰੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਰੋਕਣ ਅਤੇ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਤੁਰੰਤ ਪ੍ਰਭਾਵ ਨਾਲ ਮਜ਼ਬੂਤ ਅਤੇ ਸਪੱਸ਼ਟ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮਾਣਾ ਵਿਖੇ ਚੱਲ ਰਹੇ ਮੋਰਚੇ ਵਿੱਚ ਸੰਗਤਾਂ ਵੱਲੋਂ ਉਠਾਈ ਜਾ ਰਹੀ ਮੰਗ ਪੂਰੀ ਤਰ੍ਹਾਂ ਜਾਇਜ਼ ਅਤੇ ਸਮੇਂ ਦੀ ਲੋੜ ਹੈ, ਪਰ ਇਸਦੇ ਬਾਵਜੂਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਗੰਭੀਰ ਮਾਮਲੇ 'ਤੇ ਆਪਣੀ ਜ਼ਿੰਮੇਵਾਰੀ ਤੋਂ ਕਦਮ ਪਿੱਛੇ ਖਿੱਚਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਚੋਣਾਂ ਦੌਰਾਨ ਬੇਅਦਬੀ ਦੇ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਦੇ ਵਾਅਦੇ ਕੀਤੇ ਸਨ, ਪਰ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਉਹਨਾਂ ਵਾਅਦਿਆਂ ਤੋਂ ਮੁਕਰਿਆ ਜਾ ਰਿਹਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਘੋਰ ਬੇਅਦਬੀ ਨੇ ਸਮੂਹ ਸਿੱਖ ਜਗਤ ਦੇ ਮਨ ਨੂੰ ਗਹਿਰਾ ਝਟਕਾ ਦਿੱਤਾ ਹੈ। ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਬਿਲਕੁਲ ਕਬੂਲਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਆਪਣੀ ਆਤਮਿਕ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ ਹਮੇਸ਼ਾਂ ਡਟ ਕੇ ਖੜੀਆਂ ਰਹੀਆਂ ਹਨ ਅਤੇ ਅਗਾਂਹ ਵੀ ਇਹ ਸੰਘਰਸ਼ ਪੂਰੀ ਦ੍ਰਿੜਤਾ ਨਾਲ ਜਾਰੀ ਰਹੇਗਾ। ਉਨ੍ਹਾਂ ਅੰਤ ਵਿੱਚ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥਕ ਮਸਲਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਸਮਾਣਾ ਮੋਰਚੇ ਵਿੱਚ ਭਰਪੂਰ ਹਿੱਸਾ ਲੈ ਰਿਹਾ ਹੈ ਅਤੇ ਜਦ ਤੱਕ ਕਨੂੰਨ ਨਹੀਂ ਬਣਦਾ ਇਹ ਇਸੇ ਤਰਾਂ ਹੀ ਜਾਰੀ ਰਹੇਗਾ ਅਤੇ ਸਰਕਾਰ ਨੂੰ ਇਹ ਸੁਨੇਹਾ ਦੇਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਉਣ ਤੋਂ ਬਿਨਾਂ ਸੰਗਤਾਂ ਨੂੰ ਚੁੱਪ ਨਹੀਂ ਬੈਠਣਗੀਆਂ।