ਅੰਮ੍ਰਿਤਸਰ-ਅਕਾਲੀ ਦਲ ਵਾਰਿਸ ਪੰਜਾਬ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਕੇਂਦਰ ਸਰਕਾਰ ਵੱਲੋਂ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ‘ਤੇ ਲੱਗੀ ਰਾਸ਼ਟਰੀ ਸੁਰੱਖਿਆ ਐਕਟ ਦੀ ਕਾਰਵਾਈ ਰੱਦ ਕਰਕੇ ਉਸਨੂੰ ਰਿਹਾਅ ਕਰਨ ਦੇ ਫੈਸਲੇ ‘ਤੇ ਇਕ ਪ੍ਰੈਸ ਨੋਟ ਰਾਹੀਂ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕਦਮ ਜਿੱਥੇ ਇਕ ਪਾਸੇ ਸਵਾਗਤਯੋਗ ਹੈ, ਉਥੇ ਹੀ ਇਹ ਦੇਸ਼ ਵਿੱਚ ਨਿਆਂ ਦੇ ਦੋਹਰੇ ਮਾਪਦੰਡਾਂ ਨੂੰ ਵੀ ਬੇਨਕਾਬ ਕਰਦਾ ਹੈ। ਇੱਕ ਪਾਸੇ ਸਰਕਾਰ ਐਨ ਐਸ ਏ ਹੇਠ ਹਿਰਾਸਤ ਵਿੱਚ ਰੱਖੇ ਵਿਅਕਤੀ ਨੂੰ ਤੁਰੰਤ ਰਿਹਾਅ ਕਰ ਦਿੰਦੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਲਗਭਗ ਤਿੰਨ ਸਾਲ ਤੋਂ ਐਨ ਐਸ ਏ ਹੇਠ ਨਜ਼ਰਬੰਦ ਰੱਖਿਆ ਹੋਇਆ ਹੈ, ਜੋ ਕਿ ਲੋਕਤੰਤਰਿਕ ਅਧਿਕਾਰਾਂ ਦੇ ਖ਼ਿਲਾਫ਼ ਹੈ। ਭਾਈ ਪੱਧਰੀ ਨੇ ਕਿਹਾ ਕਿ ਹੋਰ ਵੀ ਹੈਰਾਨੀ ਦੀ ਗੱਲ ਇਹ ਹੈ ਕਿ ਇੰਜੀਨੀਅਰ ਰਾਸ਼ਿਦ, ਜੋ ਕਿ ਐਨ ਐਸ ਏ ਹੇਠ ਹੀ ਨਜ਼ਰਬੰਦ ਹਨ ਅਤੇ ਲੋਕ ਸਭਾ ਦੇ ਮੈਂਬਰ ਹਨ, ਉਨ੍ਹਾਂ ਨੂੰ ਸੰਸਦ ਵਿੱਚ ਜਾ ਕੇ ਬੋਲਣ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ। ਪਰ ਪੰਜਾਬ ਦੇ ਲੋਕਾਂ ਦੀ ਭਾਰੀ ਹਮਾਇਤ ਨਾਲ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਸੰਸਦ ਵਿੱਚ ਉਠਾਉਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ ਜੋ ਕਿ ਸਪੱਸ਼ਟ ਤੌਰ ‘ਤੇ ਦੋਹਰਾ ਮਾਪਦੰਡ ਹੈ। ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਇਹ ਵੀ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਕਈ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀ ਸਿੰਘ ਦਹਾਕਿਆਂ ਤੋਂ ਕੈਦ ਹਨ, ਜਿਨ੍ਹਾਂ ਦੀ ਕਾਨੂੰਨੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ, ਪਰ ਫਿਰ ਵੀ ਉਨ੍ਹਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ। ਇਹ ਵੀ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਸਰਹੱਦਾਂ ਦੀ ਰੱਖਿਆ ਤੱਕ ਹਰ ਮੋਰਚੇ ‘ਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ, ਪਰ ਜਦੋਂ ਉਹ ਆਪਣੇੰ ਹੱਕਾਂ ਦੀ ਗੱਲ ਕਰਦੇ ਹਨ ਤਾਂ ਉਹਨਾਂ ਵੱਖਵਾਦੀ ਤੇ ਅੱਤਵਾਦੀ ਦਾ ਟੈਗ ਲਗਾ ਦਿੱਤਾ ਜਾਂਦਾ ਹੈ। ਅੱਜ ਇਹ ਸਵਾਲ ਉਠਦਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਕੌਮ ਤੋਂ ਐਨਾਂ ਡਰ ਕਿਉਂ ? ਅੰਤ ਵਿੱਚ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਿਆਂ ਦਾ ਇੱਕੋ ਮਾਪਦੰਡ ਲਾਗੂ ਕਰਦੇ ਹੋਏ ਸਜ਼ਾ ਪੂਰੀ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਐਨ ਐਸ ਏ ਨੂੰ ਵੀ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਨਹੀਂ ਤਾਂ ਘੱਟੋ-ਘੱਟ ਬਤੌਰ ਮੈਂਬਰ ਪਾਰਲੀਮੈਂਟ ਲੋਕ ਸਭਾ ਵਿੱਚ ਬੋਲਣ ਦੀ ਇਜਾਜ਼ਤ ਹੀ ਦਿੱਤੀ ਜਾਵੇ , ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਸੰਸਦ ਵਿੱਚ ਉਠਾ ਸਕਣ।